ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
Publish Date: Tue, 06 Oct 2026 07:32 PM (IST)
Updated Date: Wed, 07 Oct 2026 04:11 AM (IST)
ਫੋਟੋ: 27 ਕੈਪਸ਼ਨ : ਸਮਾਗਮਾਂ ਸਬੰਧੀ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਹੋਰ। * 27 ਅਕਤੂਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਗੁਰਪੁਰਬ * 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜੇਗਾ ਨਗਰ ਕੀਰਤਨ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਗਰ ਨਿਗਮ ਦੇ ਕਮਿਸ਼ਨ ਬਿਕਰਮਜੀਤ ਸਿੰਘ ਸ਼ੇਰਗਿੱਲ, ਐੱਸਡੀਐੱਮ ਗੁਰਮੰਦਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਜੈਇੰਦਰ ਸਿੰਘ, ਡੀਸੀਪੀ ਰਵਿੰਦਰਪਾਲ ਸਿੰਘ, ਏਡੀਸੀਪੀ ਬੀਬੀ ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਤੇ ਗੁਰੂ ਨਗਰੀ ’ਚ ਸਫ਼ਾਈ, ਟ੍ਰੈਫ਼ਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ। ਇਸ ਮੌਕੇ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ 2026 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਰ ਸਾਲ ਵਾਂਗ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਦੌਰਾਨ ਡੀਸੀ ਦਲਵਿੰਦਰਜੀਤ ਸਿੰਘ ਤੇ ਨਗਰ ਨਿਗਮ ਦੇ ਕਮਿਸ਼ਨ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਪਣੇ ਜ਼ੁੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਮੈਨੇਜਰ ਨਰਿੰਦਰ ਸਿੰਘ, ਰਾਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਭੋਮਾਂ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।