ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ
Publish Date: Tue, 24 Nov 2026 06:26 PM (IST)
Updated Date: Wed, 25 Nov 2026 04:07 AM (IST)
* ਜਥੇਦਾਰ ਗੜਗੱਜ ਦੀ ਸਿੱਖ ਸੰਗਤ ਨੂੰ ਅਪੀਲ, ਪਹਿਲਾ ਬੱਚਾ ਸਾਬਤ ਸੂਰਤ ਸਿੱਖ ਬਣਾਓ ਫੋਟੋ: 38-40 ਕੈਪਸ਼ਨ : ਸਮਾਗਮ ਵਿਚ ਸੰਬੋਧਨ ਕਰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ। ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਦੀਪਮਾਲਾ ਕੀਤੀ ਗਈ। ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ। ਜਥੇਦਾਰ ਗੜਗੱਜ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਸਿੰਧੀ ਭਾਈਚਾਰੇ ਨਾਲ ਸਬੰਧਤ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਆਪਣੀ ਪਹਿਲੀ ਰਵਾਇਤ ਅਨੁਸਾਰ ਪਰਿਵਾਰਾਂ ਵਿਚੋਂ ਪਹਿਲਾ ਬੱਚਾ ਸਾਬਤ ਸੂਰਤ ਸਿੱਖ ਜ਼ਰੂਰ ਬਣਾਈਏ। ਉਨ੍ਹਾਂ ਚੜ੍ਹਦੇ ਪੰਜਾਬ ਵਾਲੇ ਸਿੱਖ ਨੌਜਵਾਨਾਂ, ਜੋ ਕੇਸ ਕਤਲ ਕਰਦੇ ਹਨ, ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਦੇ ਸਿੱਖਾਂ ਤੋਂ ਸਿੱਖਿਆ ਜ਼ਰੂਰ ਲੈਣ ਕਿ ਇਨ੍ਹਾਂ ਔਖੇ ਤੋਂ ਔਖੇ ਹਾਲਾਤ ’ਚ ਵੀ ਸਿੱਖੀ ਨਹੀਂ ਛੱਡੀ ਅਤੇ ਕੋਈ ਵੀ ਸਿੱਖ ਇੱਥੇ ਕੇਸ ਕਤਲ ਨਹੀਂ ਕਰਦਾ। ਉਨ੍ਹਾਂ ਚੜ੍ਹਦੇ ਪੰਜਾਬ ਤੋਂ ਆਈ ਸੰਗਤ ਨੂੰ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਪਿਸ਼ੌਰੀ ਤੇ ਸਿੰਧੀ ਸੰਗਤ ਪਾਸੋਂ ਸੇਵਾ ਤੇ ਸ਼ਰਧਾ ਦੀ ਪ੍ਰੇਰਣਾ ਜ਼ਰੂਰ ਲੈ ਕੇ ਜਾਣ, ਜੋ ਬਹੁਤ ਪ੍ਰੇਮ ਨਾਲ ਗੁਰਪੁਰਬ ਮੌਕੇ ਵੱਡੀਆਂ ਸੇਵਾਵਾਂ ਨਿਭਾਉਂਦੇ ਹਨ। ਇਸ ਤੋਂ ਇਲਾਵਾ ਸਥਾਨਕ ਰਾਗੀ ਜੱਥਿਆਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਦਇਆ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਮੌਜੂਦ ਸੀ। ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਦੀਪਮਾਲਾ ਕੀਤੀ ਗਈ।