- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਵਾਰਾਨਸੀ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਸ਼ੁਰੂ

ਫੋਟੋ: 29
ਕੈਪਸ਼ਨ : ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਕਰਨ ਸਿੰਘ ਸਬਰਵਾਲ, ਅਮਰਜੀਤ ਸਿੰਘ ਤੇ ਹੋਰ।
* ਸ਼੍ਰੋਮਣੀ ਕਮੇਟੀ ਦੇ ਵਫਦ ਨੇ ਸਥਾਨਕ ਆਗੂਆਂ ਨਾਲ ਕੀਤੀ ਇਕੱਤਰਤਾ
* 20 ਜਨਵਰੀ 2027 ਨੂੰ ਗੁਰਦੁਆਰਾ ਗੁਰੂ ਬਾਗ ਵਾਰਾਨਸੀ ਤੋਂ ਆਰੰਭ ਹੋਵੇਗਾ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਜੀ ਦੀ ਜਨਮ ਭੂਮੀ ਵਾਰਾਨਸੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਹੇਠ ਪੁੱਜੇ ਵਫ਼ਦ ਨੇ ਗੁਰਦੁਆਰਾ ਗੁਰੂ ਬਾਗ ਵਾਰਾਨਸੀ ਵਿਖੇ ਸਥਾਨਕ ਪ੍ਰਬੰਧਕਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਵਿਚਾਰਾਂ ਕੀਤੀਆਂ। ਵਫਦ ‘ਚ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਤੇ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਵੀ ਮੌਜੂਦ ਸਨ। ਜਿਕਰਯੋਗ ਹੈ ਕਿ ਵਾਰਾਨਸੀ ਦਾ ਸਿੱਖ ਇਤਿਹਾਸ ਵਿਚ ਵਿਸ਼ੇਸ਼ ਅਸਥਾਨ ਹੈ, ਜਿਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਚਰਨ ਪਾਏ ਅਤੇ ਲੋਕਾਈ ਨੂੰ ਕਰਮਕਾਂਡਾਂ ਅਤੇ ਪਾਖੰਡ ਦੀ ਥਾਂ ਨਾਮ ਸਿਮਰਨ ਅਤੇ ਸੱਚੇ ਆਚਰਣ ਦਾ ਸੰਦੇਸ਼ ਦਿੱਤਾ। ਇਸ ਧਰਤੀ ਨਾਲ ਭਗਤ ਕਬੀਰ ਜੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਵੀ ਡੂੰਘਾ ਸਬੰਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਭਾਈ ਅਜੈਬ ਸਿੰਘ ਅੀਭਆਸੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਮਾਗਮ ਉਲੀਕੇ ਗਏ ਹਨ।
ਇਸੇ ਤਹਿਤ ਹੀ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਵਾਰਾਨਸੀ ਤੋਂ 20 ਜਨਵਰੀ 2027 ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਗੁਰਦੁਆਰਾ ਗੁਰੂ ਬਾਗ ਵਾਰਾਨਸੀ ਤੋਂ ਆਰੰਭ ਹੋ ਕੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਕਰੀਬ 11 ਦਿਨ ਦਾ ਸਫਰ ਤੈਅ ਕਰਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਜੋ ਰਸਤੇ ਵਿਚਲੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਅਤੇ ਪ੍ਰਬੰਧਕਾਂ ਨਾਲ ਤਾਲਮੇਲ ਕਰਨਗੇ। ਅਹੁਦੇਦਾਰਾਂ ਨੇ ਦੱਸਿਆ ਕਿ ਇਹ ਨਗਰ ਕੀਰਤਨ ਵਾਰਾਨਸੀ ਤੋਂ ਆਰੰਭ ਹੋ ਕੇ ਪਰਾਗਰਾਜ, ਰਾਏਬਰੇਲੀ, ਲਖਨਊ, ਕਾਨ੍ਹਪੁਰ, ਅਲੀਗੜ੍ਹ, ਆਗਰਾ, ਦਿੱਲੀ, ਹਰਿਆਣਾ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਨਗਰ ਕੀਰਤਨ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਵਾਰਾਨਸੀ ਦੇ ਸਥਾਨਕ ਆਗੂ ਕਰਨ ਸਿੰਘ ਸਬਰਵਾਲ, ਅਮਰਜੀਤ ਸਿੰਘ, ਪ੍ਰਿਤਪਾਲ ਸਿੰਘ ਚਾਵਲਾ, ਹਰਦਿਆਲ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ, ਹਰਮਿੰਦਰ ਸਿੰਘ ਦੁਆ, ਮਹਿੰਦਰ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ ਸੋਨੀ, ਦਲਜੀਤ ਸਿੰਘ, ਤਜਿੰਦਰ ਸਿੰਘ, ਮਹਿੰਦਰ ਸਿੰਘ ਛਾਬੜਾ, ਪਰਮਿੰਦਰ ਸਿੰਘ, ਦਲਬੀਰ ਸਿੰਘ ਖੰਨਾ, ਜਤਿੰਦਰ ਸਿੰਘ ਖੰਨਾ, ਡਾ. ਹਰਮਿੰਦਰ ਸਿੰਘ ਸੈਕਟਰੀ, ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਜੌਹਰ ਆਦਿ ਮੌਜੂਦ ਸਨ।