ਮਾਨ ਸਰਕਾਰ ਲੋਕਪੱਖੀ ਯੋਜਨਾਵਾਂ ਰਾਹੀਂ ਲੋਕਾਂ ਦਾ ਜੀਵਨ ਬਣਾ ਰਹੀ ਬਿਹਤਰ : ਚੇਅਰਮੈਨ ਸੰਧੂ
65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ : ਚੇਅਰਮੈਨ ਸੰਧੂ
Publish Date: Tue, 24 Mar 2026 06:11 PM (IST)
Updated Date: Wed, 25 Mar 2026 04:05 AM (IST)

65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ, ਸੂਬੇ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਮਿਲ ਰਹੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਖੇਤਰ ਵਿਚ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕਰ ਰਹੀ ਹੈ ਜਿਸ ਨਾਲ ਪੰਜਾਬ ਮੁੜ ‘ਰੰਗਲੇ ਪੰਜਾਬ’ ਵੱਲ ਵਧ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਨਾਲ ਹੀ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਸੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਆਮਦਨ ਦੀਆਂ ਸਰਤਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੁਣ ਸਰਕਾਰੀ ਕਰਮਚਾਰੀਆਂ ਅਤੇ ਪੈਨਸਨਰਾਂ ਨੂੰ ਵੀ ਇਸ ਦੇ ਅਧੀਨ ਸਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਅਤੇ 881 ਆਮ ਆਦਮੀ ਕਲੀਨਿਕ ਰੋਜਾਨਾ ਮੁਫਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ ਲਗਭਗ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜਨ ਦੌਰਾਨ ਖੇਤਾਂ ਦੇ ਟਿਊਬਵੈਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਬਿਜਲੀ ਵੀ ਦਿਨ ਵੇਲੇ ਦਿੱਤੀ ਜਾ ਰਹੀ ਹੈ। ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਸੂਬੇ ਵਿਚ ਨਸ਼ਿਆਂ ਦੇ ਨੈੱਟਵਰਕ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ, ਪੀੜ੍ਹੀਆਂ ਨੂੰ ਬਰਬਾਦ ਕੀਤਾ, ਪਰ ਮਾਨ ਸਰਕਾਰ ਨੇ ਸਪਲਾਈ ਲਾਈਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਪਾ ਕੇ ਇਸ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਨਸਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾਂ ਜਬਤ ਕੀਤਾ ਗਿਆ। ਲੋਕਾਂ ਦੇ ਸਹਿਯੋਗ ਨਾਲ ਇਹ ਲੜਾਈ ਲੋਕ ਲਹਿਰ ਬਣ ਗਈ ਹੈ।