ਸਾਬਕਾ ਫੌਜੀ ਦੀ ਕੁੱਟਮਾਰ ਦੇ ਮਾਮਲੇ ’ਚ ਹੋਵੇ ਸਖ਼ਤ ਕਾਰਵਾਈ
ਸਾਬਕਾ ਫੌਜੀ ਦੀ ਕੁੱਟਮਾਰ ਦੇ ਮਾਮਲੇ ’ਚ ਜਥੇਦਾਰ ਨੇ ਸਖਤ ਕਾਰਵਾਈ ਲਈ ਕਿਹਾ
Publish Date: Tue, 05 May 2026 06:51 PM (IST)
Updated Date: Wed, 06 May 2026 04:12 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਦਿਨੀਂ ਮਾਛੀਵਾੜਾ ਸਾਹਿਬ ਨਗਰ ਵਿਚ ਸਾਬਕਾ ਫੌਜੀ ਕੁਲਦੀਪ ਸਿੰਘ ਅਤੇ ਉਸ ਦੇ ਪੁੱਤਰ ਕਾਕਾ ਸੁਮਨਪ੍ਰੀਤ ਸਿੰਘ (16) ਨਾਲ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦਾ ਗੰਭੀਰ ਨੋਟਿਸ ਲਿਆ ਹੈ। ਸਾਬਕਾ ਫੌਜੀ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਹੈ, ਜਦ ਕਿ ਉਸ ਨੂੰ ਸੱਜੇ ਕੰਨ ਨਾਲ ਸੁਣਨ ਅਤੇ ਸੱਜੀ ਅੱਖ ਨਾਲ ਵੇਖਣ ਵਿਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਖੰਨਾ ਪੁਲਿਸ ਪ੍ਰਸ਼ਾਸਨ ਨੂੰ ਨਗਰ ਕੌਂਸਲ ਦੇ ਦੋਸ਼ੀ ਕਰਮਚਾਰੀਆਂ ਦੀ ਪਛਾਣ ਉਪਰੰਤ ਇਨ੍ਹਾਂ ਵਿਰੁੱਧ ਪਰਚਾ ਦਰਜ ਕਰ ਕੇ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ ਹੈ। ਜਥੇਦਾਰ ਗੜਗੱਜ ਨੇ ਸਖਤੀ ਨਾਲ ਕਿਹਾ ਕਿ ਜੇਕਰ 24 ਘੰਟਿਆਂ ਦੇ ਅੰਦਰ ਦੋਸ਼ੀ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਪੀੜਤ ਸਿੱਖ ਨੌਜੁਵਾਨ ਪਰਿਵਾਰ ਨਾਲ ਮੁਲਾਕਾਤ ਕਰਕੇ ਅਗਲੀ ਕਾਰਵਾਈ ਲਈ ਖੁਦ ਉਨ੍ਹਾਂ ਦਾ ਸਾਥ ਦੇਣ ਪਹੁੰਚਣਗੇ। ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਅੱਜ ਇਕ ਸੇਵਾਮੁਕਤ ਫੌਜੀ ਨਾਲ ਸਥਾਨਕ ਨਗਰ ਪ੍ਰਸ਼ਾਸਨ ਇਸ ਤਰ੍ਹਾਂ ਧੱਕਾ ਕਰ ਰਿਹਾ ਹੈ ਤਾਂ ਇਸ ਤੋਂ ਆਮ ਪੰਜਾਬੀ ਲੋਕਾਂ ਨਾਲ ਕੀਤੇ ਜਾ ਰਹੇ ਧੱਕੇ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਨੇ ਖੰਨਾ ਦੇ ਐੱਸਐੱਸਪੀ ਅਤੇ ਮਾਛੀਵਾੜਾ ਸਾਹਿਬ ਦੇ ਨਗਰ ਕੌਂਸਲ ਪ੍ਰਧਾਨ ਨਾਲ ਖੁਦ ਗੱਲ ਕਰਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਲਈ ਆਖਿਆ ਹੈ।