ਜਸਪਾਲ ਸਿੰਘ ਜੱਸੀ, ਤਰਨਤਾਰਨ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਤੇ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਪਿੰਡਾਂ 'ਚ ਪਹੁੰਚ ਕੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਮੁੱਚੀ ਪੰਜਾਬ ਸਰਕਾਰ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਵਾਰਸਾਂ ਨੂੰ 1 ਕਰੋੜ 42 ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੀ ਦਿੱਤੇ। ਇਸ ਮੌਕੇ ਚੇਅਰਮੈਨ ਵੇਅਰਹਾਊਸ ਕਾਰਪੋਰੇਸ਼ਨ 'ਤੇ ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਆਈਜੀ ਫਿਰੋਜ਼ਪੁਰ ਡਵੀਜ਼ਨ ਹਰਦਿਆਲ ਸਿੰਘ ਮਾਨ, ਐੱਸਐੱਸਪੀ ਧਰੁਮਨ ਨਿੰਬਾਲੇ ਵੀ ਮੌਜੂਦ ਸਨ।

ਇਸ ਮੌਕੇ ਪੀੜਤ ਪਰਿਵਾਰਾਂ ਦਾ ਦੁੱਖ ਦਰਦ ਸੁਣਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਤੇ ਬਲਬੀਰ ਸਿੰਘ ਸਿੱਧੂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮਿ੍ਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਧਵਾ, ਆਸ਼ਰਤ ਪੈਨਸ਼ਨ, ਸਸਤੇ ਅਨਾਜ ਦੇ ਸਮਾਰਟ ਕਾਰਡ ਸਮੇਤ ਹੋਰ ਜੋ ਵੀ ਸੰਭਵ ਹੋਇਆ ਇਨ੍ਹਾਂ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹੀ ਮੰਦਭਾਗੀ ਘਟਨਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ ਤੇ ਇਸ ਘਟਨਾ ਪਿੱਛੇ ਜਿਹੜੇ ਵੀ ਮੁਲਜ਼ਮ ਪਾਏ ਗਏ ਉਹ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਬੜੀ ਤੇਜ਼ੀ ਅਤੇ ਪੂਰੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਿਹੜੇ ਵੀ ਪੁਲਿਸ ਜਾਂ ਸਿਵਲ ਅਧਿਕਾਰੀਆਂ ਦੀ ਮਿਲੀਭੁਗਤ, ਅਣਗਿਹਲੀ ਸਾਹਮਣੇ ਆਵੇਗੀ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਸਰਕਾਰ ਵੱਲੋਂ ਇਸ ਸਬੰਧੀ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਸਾਰਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ਾ ਵੇਚਣ ਵਾਲਿਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਆਪਣੇ ਜ਼ਿਲ੍ਹੇ ਦੇ ਡੀਸੀ ਜਾਂ ਐੱਸਐੱਸਪੀ ਨੂੰ ਇਸ ਦੀ ਜਾਣਕਾਰੀ ਦੇਣ ਤਾਂ ਜੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਜਾਣਕਾਰੀ ਦੇਣ ਵਾਲੇ ਦਾ ਨਾਂ, ਪਤਾ ਬਿਲਕੁਲ ਗੁਪਤ ਰੱਖਿਆ ਜਾਵੇਗਾ। ਇਸ ਘਟਨਾ 'ਚ ਮਾਰੇ ਗਏ ਵਿਅਕਤੀਆਂ ਦੇ ਨਾਬਾਲਗ ਵਾਰਸਾਂ ਦੇ ਨਾਂ 'ਤੇ ਐੱਫਡੀ ਕਰਵਾਈ ਜਾਵੇਗੀ ਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ਉਪਰੰਤ ਵਿੱਤੀ ਸਹਾਇਤਾ ਜਲਦੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ, ਗੁਰਮਿੰਦਰ ਸਿੰਘ ਰਟੌਲ, ਸੁਬੇਗ ਸਿੰਘ ਧੁੰਨ, ਕਸ਼ਮੀਰ ਸਿੰਘ ਭੋਲਾ ਸਿੱਧੂ, ਸੋਨੂੰ ਦੋਦੇ ਆਦਿ ਹਾਜ਼ਰ ਸਨ।