ਹਾਈਵੇ ਸੁਰੱਖਿਆ ਨੂੰ ਲੈ ਕੇ ਔਜਲਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਵਿਚ ਵੱਧ ਰਹੇ ਸੜਕ ਹਾਦਸਿਆਂ ਅਤੇ ਖਰਾਬ ਹੋ ਰਹੀ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ
Publish Date: Fri, 24 Apr 2026 04:06 PM (IST)
Updated Date: Fri, 24 Apr 2026 04:10 PM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਵਿਚ ਵੱਧ ਰਹੇ ਸੜਕ ਹਾਦਸਿਆਂ ਅਤੇ ਖਰਾਬ ਹੋ ਰਹੀ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਹਾਈਵੇ ਸੁਰੱਖਿਆ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ ਹੈ। ਔਜਲਾ ਨੇ ਪੱਤਰ ਵਿਚ ਕਿਹਾ ਕਿ ਪੰਜਾਬ ਦੇ ਹਾਈਵੇਜ਼ ‘ਤੇ ਟ੍ਰੈਫਿਕ ਅਨੁਸ਼ਾਸਨ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ। ਲੇਨ ਅਨੁਸ਼ਾਸਨ ਦੀ ਉਲੰਘਣਾ, ਤੇਜ਼ ਰਫ਼ਤਾਰ, ਗਲਤ ਦਿਸ਼ਾ ਵਿਚ ਵਾਹਨ ਚਲਾਉਣਾ ਅਤੇ ਖਤਰਨਾਕ ਓਵਰਟੇਕਿੰਗ ਵਰਗੀਆਂ ਘਟਨਾਵਾਂ ਹਾਦਸਿਆਂ ਨੂੰ ਲਗਾਤਾਰ ਵਧਾ ਰਹੀਆਂ ਹਨ। ਉਨ੍ਹਾਂ ਖ਼ਾਸ ਤੌਰ ‘ਤੇ ਓਵਰਲੋਡ ਟਰੱਕਾਂ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਵੀ ਗੰਭੀਰ ਖ਼ਤਰਾ ਦੱਸਿਆ। ਸਾਂਸਦ ਔਜਲਾ ਨੇ ਕਿਹਾ ਕਿ ਸਰਕਾਰ ਵੱਲੋਂ ਬਣਾਇਆ ਗਿਆ ਸੜਕ ਸੁਰੱਖਿਆ ਬਲ ਇਕ ਸਰਾਹਣਯੋਗ ਪਹਿਲ ਹੈ, ਪਰ ਇਸ ਦੀ ਪ੍ਰਭਾਵਸ਼ਾਲੀ ਅਤੇ ਸੁਚੱਜੀ ਤੈਨਾਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਐਸਐਸਐਫ ਨੂੰ ਟ੍ਰੈਫਿਕ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ, ਮੌਕੇ ‘ਤੇ ਚਲਾਨ ਕਰਨ ਅਤੇ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਵਧੇਰੇ ਅਧਿਕਾਰ ਦਿੱਤੇ ਜਾਣ। ਉਨ੍ਹਾਂ ਅਪੀਲ ਕੀਤੀ ਕਿ ਹਾਈਵੇਜ਼ ‘ਤੇ ਲੇਨ ਅਨੁਸ਼ਾਸਨ ਯਕੀਨੀ ਬਣਾਇਆ ਜਾਵੇ, ਗਲਤ ਦਿਸ਼ਾ ਵਿਚ ਵਾਹਨ ਚਲਾਉਣ ਅਤੇ ਤੇਜ਼ ਰਫ਼ਤਾਰ ‘ਤੇ ਸਖਤ ਕਾਰਵਾਈ ਹੋਵੇ, ਓਵਰਲੋਡ ਵਾਹਨਾਂ ‘ਤੇ ਰੋਕ ਲੱਗੇ, ਐਸਐਸਐਫ ਦੀ ਪੂਰੇ ਪੱਧਰ ‘ਤੇ ਤੈਨਾਤੀ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਈ ਜਾਵੇ। ਔਜਲਾ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਅਤੇ ਲੋਕਾਂ ਦੀਆਂ ਜਾਨਾਂ ਬਚਾਉਂਣ ਲਈ ਸਰਕਾਰ ਨੂੰ ਤੁਰੰਤ ਅਤੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਰਾਜ ਸਰਕਾਰ ਇਸ ਗੰਭੀਰ ਮਸਲੇ ‘ਤੇ ਤਰਜੀਹ ਦੇ ਆਧਾਰ ‘ਤੇ ਕਾਰਵਾਈ ਕਰੇਗੀ।