ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪਾਕਿਸਤਾਨ ਦੇ ਸਿੰਧ ਸੂਬੇ ਦੇ ਜ਼ਿਲ੍ਹਾ ਸ਼ਿਕਾਰਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਰਾਮ ਨਾਨਕ ਸਿੰਘ ਸਭਾ ਨੂੰ ਢਾਹੇ ਜਾਣ ਦੀ ਦੁਖਦਾਈ ਘਟਨਾ ’ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ
Publish Date: Thu, 08 Oct 2026 04:18 PM (IST)
Updated Date: Thu, 08 Oct 2026 04:20 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪਾਕਿਸਤਾਨ ਦੇ ਸਿੰਧ ਸੂਬੇ ਦੇ ਜ਼ਿਲ੍ਹਾ ਸ਼ਿਕਾਰਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਰਾਮ ਨਾਨਕ ਸਿੰਘ ਸਭਾ ਨੂੰ ਢਾਹੇ ਜਾਣ ਦੀ ਦੁਖਦਾਈ ਘਟਨਾ ’ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹਿਆ ਜਾਣਾ ਅਤੇ ਇਸ ਨਾਲ ਸਬੰਧਤ ਜ਼ਮੀਨ ਦੀ ਕਥਿਤ ਗੈਰ-ਕਾਨੂੰਨੀ ਵਿਕਰੀ ਅਤੇ ਇਤਿਹਾਸਕ ਕੀਮਤੀ ਸਾਮਾਨ ਦੇ ਗਾਇਬ ਹੋਣ ਦੀਆਂ ਖ਼ਬਰਾਂ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹਨ।
ਸਿੱਖ ਕੌਮ ਨਾਲ ਸਬੰਧਤ ਇਤਿਹਾਸਕ ਗੁਰਧਾਮ ਸਾਡੀ ਧਾਰਮਿਕ ਅਤੇ ਵਿਰਾਸਤੀ ਪਹਿਚਾਣ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਦੀ ਸਾਂਭ-ਸੰਭਾਲ ਕਰਨਾ ਸਰਕਾਰਾਂ ਅਤੇ ਸਬੰਧਤ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਸਿੱਖ ਗੁਰੂ ਸਾਹਿਬਾਨ ਅਤੇ ਗੁਰਸਿੱਖਾਂ ਦੀਆਂ ਇਤਿਹਾਸਕ ਯਾਦਾਂ ਨਾਲ ਜੁੜੇ ਹੋਏ ਹਨ। ਇਨ੍ਹਾਂ ਗੁਰਧਾਮਾਂ ਦੀ ਹੋਂਦ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਣਾ ਸਮੁੱਚੀ ਸਿੱਖ ਕੌਮ ਲਈ ਗਹਿਰੇ ਦੁੱਖ ਦਾ ਕਾਰਨ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਦੀ ਜ਼ਮੀਨ, ਇਮਾਰਤ ਅਤੇ ਇਤਿਹਾਸਕ ਸਾਮਾਨ ਸਬੰਧੀ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਜੇਕਰ ਗੁਰਦੁਆਰਾ ਸਾਹਿਬ ਦੀ ਜਾਇਦਾਦ ਨਾਲ ਕਿਸੇ ਕਿਸਮ ਦੀ ਗੈਰ-ਕਾਨੂੰਨੀ ਕਾਰਵਾਈ ਜਾਂ ਧੋਖਾਧੜੀ ਹੋਈ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਢਾਹੇ ਗਏ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਸੁਰੱਖਿਅਤ ਕੀਤਾ ਜਾਵੇ ਅਤੇ ਇਤਿਹਾਸਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਸਾਹਿਬ ਦੀ ਮੁੜ ਬਹਾਲੀ ਲਈ ਢੁਕਵੇਂ ਕਦਮ ਚੁੱਕੇ ਜਾਣ। ਨਾਲ ਹੀ ਪਾਕਿਸਤਾਨ ਵਿਚ ਮੌਜੂਦ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ। ਸਿੱਖ ਇਤਿਹਾਸ ਨਾਲ ਸਬੰਧਤ ਗੁਰਧਾਮਾਂ ਦੀ ਸੁਰੱਖਿਆ ਲਈ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।