SGPC ਪ੍ਰਧਾਨ ਧਾਮੀ ਨੇ CM ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ, ਕਿਹਾ- ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲਿਆਂ ਦਾ ਚਿਹਰਾ ਹੋਇਆ ਨੰਗਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਇਹ ਮੰਗ ਹਰਿਆਣਾ ਪੁਲਿਸ ਵੱਲੋਂ ਵਿਵਾਦਿਤ ਵੀਡੀਓ ਮਾਮਲੇ 'ਚ ਕਥਿਤ ਤੌਰ 'ਤੇ ਝੂਠੀ ਰਿਪੋਰਟ ਤਿਆਰ ਕਰਨ ਦੇ ਦੋਸ਼ਾਂ ਤਹਿਤ ਐੱਫ.ਆਈ.ਆਰ. ਦਰਜ ਕੀਤੇ ਜਾਣ ਤੋਂ ਬਾਅਦ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾਕ੍ਰਮ ਨੇ ਪ੍ਰਸ਼ਾਸਨਿਕ ਭਰੋਸੇਯੋਗਤਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਲੋਕਤੰਤਰੀ ਸੰਸਥਾਵਾਂ ਦੀ ਨਿਰਪੱਖਤਾ ਤੇ ਪਾਰਦਰਸ਼ਤਾ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਵੇਦਨਸ਼ੀਲ ਮਾਮਲੇ 'ਚ
Publish Date: Wed, 24 Jun 2026 04:41 PM (IST)
Updated Date: Wed, 24 Jun 2026 04:42 PM (IST)

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਇਹ ਮੰਗ ਹਰਿਆਣਾ ਪੁਲਿਸ ਵੱਲੋਂ ਵਿਵਾਦਿਤ ਵੀਡੀਓ ਮਾਮਲੇ 'ਚ ਕਥਿਤ ਤੌਰ 'ਤੇ ਝੂਠੀ ਰਿਪੋਰਟ ਤਿਆਰ ਕਰਨ ਦੇ ਦੋਸ਼ਾਂ ਤਹਿਤ ਐੱਫ.ਆਈ.ਆਰ. ਦਰਜ ਕੀਤੇ ਜਾਣ ਤੋਂ ਬਾਅਦ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾਕ੍ਰਮ ਨੇ ਪ੍ਰਸ਼ਾਸਨਿਕ ਭਰੋਸੇਯੋਗਤਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਲੋਕਤੰਤਰੀ ਸੰਸਥਾਵਾਂ ਦੀ ਨਿਰਪੱਖਤਾ ਤੇ ਪਾਰਦਰਸ਼ਤਾ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਵੇਦਨਸ਼ੀਲ ਮਾਮਲੇ 'ਚ ਤੱਥਾਂ ਦੇ ਉਲਟ ਜਾਂ ਗੁੰਮਰਾਹਕੁੰਨ ਰਿਪੋਰਟ ਤਿਆਰ ਕਰਨਾ ਕਾਨੂੰਨੀ ਅਤੇ ਨੈਤਿਕ ਦੋਵਾਂ ਪੱਖਾਂ ਤੋਂ ਗਲਤ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਮਾਨਤਾ ਪ੍ਰਾਪਤ ਲੈਬਾਂ ਤੋਂ ਨਿਰਪੱਖ ਜਾਂਚ ਕਰਵਾਈ ਗਈ ਸੀ। ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਗਲਤੀ ਸਵੀਕਾਰ ਕਰਨ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਦਾ ਯਤਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਤਖ਼ਤ ਹੈ ਅਤੇ ਇਸ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।
SGPC ਪ੍ਰਧਾਨ ਨੇ ਦੋਸ਼ ਲਾਇਆ ਕਿ ਕਾਨੂੰਨ ਦੀ ਰਾਖੀ ਦੀ ਸਹੁੰ ਚੁੱਕਣ ਵਾਲੇ ਲੋਕ ਹੀ ਧੋਖਾਧੜੀ 'ਚ ਸ਼ਾਮਲ ਪਾਏ ਜਾ ਰਹੇ ਹਨ ਅਤੇ ਆਪਣੀਆਂ ਗਲਤੀਆਂ ਦਾ ਭਾਂਡਾ ਦੂਜਿਆਂ ਸਿਰ ਭੰਨ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਨਤਕ ਅਹੁਦਿਆਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਸਿਆਸੀ ਪ੍ਰਭਾਵ ਤੋਂ ਮੁਕਤ ਹੋਣੀ ਚਾਹੀਦੀ ਹੈ ਅਤੇ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੈ। ਧਾਮੀ ਨੇ ਕਿਹਾ ਕਿ ਹਰਿਆਣਾ ਪੁਲਿਸ ਦੀ ਐੱਫ.ਆਈ.ਆਰ. ਨੇ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਸਤਿਕਾਰ ਕਰਨ ਅਤੇ ਅਜਿਹੇ ਲੋਕਾਂ ਤੋਂ ਦੂਰੀ ਬਣਾ ਕੇ ਰੱਖਣ ਜਿਨ੍ਹਾਂ ਨੂੰ ਗੁਰੂ ਦ੍ਰੋਹੀ ਅਤੇ ਖਾਲਸਾ ਪੰਥ ਵਿਰੋਧੀ ਐਲਾਨਿਆ ਗਿਆ ਹੈ।