ਸਟਾਫ ਰਿਪੋਰਟਰ, ਅੰਮਿ੍ਤਸਰ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਜੇ ਸਰਕਾਰ ਸੰਜੀਦਾ ਹੋ ਕੇ ਕਿਸਾਨੀ ਮਸਲੇ ਦਾ ਹੱਲ ਕੱਢਣ ਵੱਲ ਵਧੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਣ। ਉਨ੍ਹਾਂ ਕਿਹਾ, ''ਕੁਝ ਲੋਕ ਜਾਣ-ਬੁੱਝ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਸਿੰਘੂ ਬਾਰਡਰ ਵਿਖੇ 10 ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਬੈਠੇ ਕਿਸਾਨਾਂ ਦਾ ਮਸਲਾ ਸਰਕਾਰ ਹੱਲ ਨਹੀਂ ਕਰ ਰਹੀ ਜਦਕਿ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਚਿੰਤਾਜਨਕ ਹਨ''। ਬੀਬੀ ਜਗੀਰ ਕੌਰ ਨੇ ਇਸ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਇਸੇ ਦੌਰਾਨ ਉਨ੍ਹਾਂ ਨੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਉਥੋਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨਾਲ ਸਮਾਗਮ ਦੌਰਾਨ ਕੀਤੀ ਗਈ ਧੱਕਾਮੁੱਕੀ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਗੁਰ-ਅਸਥਾਨਾਂ ਵਿਖੇ ਬਦਸਲੂਕੀ ਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਬੀਬੀ ਜਗੀਰ ਕੌਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਚ ਅਫ਼ਗਾਨਿਸਤਾਨੀ ਹਥਿਆਰਬੰਦਾਂ ਵੱਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।