Punjab Police ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਪੂਰੀ ਮੁਹਿੰਮ ਵਿੱਚ ਕੇਂਦਰੀ ਏਜੰਸੀਆਂ ਅਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਲਗਾਤਾਰ ਤਾਲਮੇਲ ਕੀਤਾ ਗਿਆ। ਕਈ ਮਹੀਨਿਆਂ ਤੋਂ ਉਸ ਦੇ ਟਿਕਾਣਿਆਂ ਅਤੇ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਸੀ। ਆਖਿਰਕਾਰ ਮੋਲਦੋਵਾ ਸਰਹੱਦ 'ਤੇ ਉਸ ਦੀ ਗ੍ਰਿਫਤਾਰੀ ਸੰਭਵ ਹੋ ਸਕੀ।

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਇੱਕ ਅਤੀ ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਵਿੱਚ ਜਾਰੀ ਇੰਟਰਪੋਲ ਰੈੱਡ ਨੋਟਿਸ ਦੇ ਆਧਾਰ 'ਤੇ ਮੋਲਡੋਵਾ ਸਰਹੱਦ 'ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ ਅੰਮ੍ਰਿਤ ਦਾਲਮ ਬਟਾਲਾ ਦੇ ਨਜ਼ਦੀਕੀ ਪਿੰਡ ਦਾਲਮ ਦਾ ਵਾਸੀ ਹੈ ਤੇ ਇਸ ਵੇਲੇ ਵਿਦੇਸ਼ ਚ ਬੈਠ ਕੇ ਦੇਸ਼ ਵਿਰੋਧੀ ਗਤੀਵਿਧੀਆਂ ਕਰ ਰਿਹਾ ਸੀ।
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੀ ਸੋਸ਼ਲ ਮੀਡੀਆ ਪੇਜ 'ਤੇ ਸ਼ੇਅਰ ਕੀਤੀਗਈ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਪੰਜਾਬ 'ਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਕਾਫ਼ੀ ਸਮੇਂ ਤੋਂ ਵਿਦੇਸ਼ਾਂ 'ਚ ਭਗੌੜਾ ਸੀ। ਉਸਦੀ ਹਿਰਾਸਤ ਪੰਜਾਬ ਪੁਲਿਸ ਏਜੰਸੀਆਂ ਵੱਲੋਂ ਨਿਰੰਤਰ ਅੰਤਰਰਾਸ਼ਟਰੀ ਤਾਲਮੇਲ ਅਤੇ ਨਿਰੰਤਰ ਫਾਲੋ-ਅਪ ਤੋਂ ਬਾਅਦ ਹੋਈ ਹੈ। ਉਸਦੀ ਹਵਾਲਗੀ/ਦੇਸ਼ ਨਿਕਾਲੇ ਨੂੰ ਭਾਰਤ ਸੁਰੱਖਿਅਤ ਕਰਨ ਲਈ ਹੁਣ ਕਾਨੂੰਨੀ ਅਤੇ ਕੂਟਨੀਤਕ ਪ੍ਰਕਿਰਿਆਵਾਂ ਚੱਲ ਰਹੀਆਂ ਹਨ ਤਾਂ ਜੋ ਉਹ ਕਾਨੂੰਨ ਦਾ ਸਾਹਮਣਾ ਕਰ ਸਕੇ।
ਡੀਜੀਪੀ ਪੰਜਾਬ ਅਨੁਸਾਰ ਪੰਜਾਬ ਪੁਲਿਸ ਦਾ ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਸੈੱਲ ਇਸ ਸਮੇਂ ਵਿਦੇਸ਼ਾਂ ਵਿੱਚ ਲੁਕੇ 61 ਭਗੌੜੇ ਗੈਂਗਸਟਰਾਂ ਦਾ ਪਿੱਛਾ ਕਰ ਰਿਹਾ ਹੈ। ਅੰਮ੍ਰਿਤ ਦਾਲਮ ਦੀ ਹਿਰਾਸਤ ਵਿਦੇਸ਼ਾਂ ਵਿੱਚ ਨਿਆਂ ਤੋਂ ਬਚਣ ਵਾਲੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਦੇ ਸਾਡੇ ਚੱਲ ਰਹੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਕਦਮ ਹੈ।ਪੰਜਾਬ ਪੁਲਿਸ ਇਹ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ ਕਿ ਅਪਰਾਧੀ, ਭਾਵੇਂ ਉਹ ਕਿਤੇ ਵੀ ਲੁਕੇ ਹੋਣ, ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ। ਬਟਾਲਾ ਪੁਲਿਸ ਨੇ ਆਪਣੇ ਸੋਸ਼ਲ ਮੀਡੀਆ ਤੇ ਵੀ ਇਸ ਜਾਣਕਾਰੀ ਨੂੰ ਸਾਂਝਾ ਕੀਤਾ ਹੈ।
ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਪੂਰੀ ਮੁਹਿੰਮ 'ਚ ਕੇਂਦਰੀ ਏਜੰਸੀਆਂ ਅਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਲਗਾਤਾਰ ਤਾਲਮੇਲ ਕੀਤਾ ਗਿਆ। ਕਈ ਮਹੀਨਿਆਂ ਤੋਂ ਉਸ ਦੇ ਟਿਕਾਣਿਆਂ ਅਤੇ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਸੀ। ਆਖਿਰਕਾਰ ਮੋਲਦੋਵਾ ਸਰਹੱਦ 'ਤੇ ਉਸ ਦੀ ਗ੍ਰਿਫਤਾਰੀ ਸੰਭਵ ਹੋ ਸਕੀ।
ਪੰਜਾਬ ਪੁਲਿਸ ਦੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਸੈੱਲ (OFTEC) ਨੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਦੀ ਭਾਲ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਪੁਲਿਸ ਅਨੁਸਾਰ ਮੌਜੂਦਾ ਸਮੇਂ ਵਿੱਚ 61 ਅਜਿਹੇ ਗੈਂਗਸਟਰ ਹਨ ਜੋ ਵੱਖ-ਵੱਖ ਦੇਸ਼ਾਂ ਵਿੱਚ ਲੁਕੇ ਹੋਏ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਅੰਮ੍ਰਿਤ ਦਾਲਮ ਦੀ ਹਿਰਾਸਤ ਨੂੰ ਪੰਜਾਬ ਪੁਲਿਸ ਲਈ ਇੱਕ ਵੱਡੀ ਉਪਲਬਧੀ ਮੰਨਿਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਵਿਦੇਸ਼ਾਂ ਵਿੱਚ ਲੁਕੇ ਹੋਰ ਅਪਰਾਧੀਆਂ ਖਿਲਾਫ ਕਾਰਵਾਈ ਨੂੰ ਵੀ ਗਤੀ ਮਿਲੇਗੀ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਤੋਂ ਬਚਣ ਲਈ ਵਿਦੇਸ਼ ਭੱਜਣ ਵਾਲੇ ਅਪਰਾਧੀਆਂ ਨੂੰ ਵੀ ਆਖਿਰਕਾਰ ਇਨਸਾਫ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਅੰਮ੍ਰਿਤ ਦਾਲਮ ਦੀ ਹਿਰਾਸਤ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।