- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਜੀਐੱਸਟੀ ਇੰਟੈਲੀਜੈਂਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਬੱਲ ਕਲਾਂ, ਮਜੀਠਾ ਰੋਡ ਸਥਿਤ ਮ੍ਰਿਧੁਲ ਕੈਮੀਕਲਜ਼ ਦੇ ਕੰਪਲੈਕਸ ਵਿਖੇ ਛਾਪੇਮਾਰੀ ਦੌਰਾਨ ਖੇਤੀਬਾੜੀ ਵਿੱਚ ਵਰਤੀ ਜਾਣ ਵਾਲੀ ਯੂਰੀਆ ਖਾਦ ਦੇ ਲਗਭਗ 4,000 ਬੈਗ ਜ਼ਬਤ ਕੀਤੇ ਗਏ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਖੇਤੀਬਾੜੀ ਗ੍ਰੇਡ ਸਬਸਿਡੀ ਵਾਲੀ ਯੂਰੀਆ ਖਾਦ ਦੀ ਦੁਰਵਰਤੋਂ ਅਤੇ ਗ਼ੈਰ-ਕਾਨੂੰਨੀ ਡਾਇਵਰਜ਼ਨ ਨੂੰ ਰੋਕਣ ਲਈ ਵੱਖ-ਵੱਖ ਫੀਡ ਫੈਕਟਰੀਆਂ ਅਤੇ ਹੋਰ ਉਦਯੋਗਿਕ ਇਕਾਈਆਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।
ਇਸੇ ਮੁਹਿੰਮ ਤਹਿਤ ਮਿਤੀ 16 ਅਕਤੂਬਰ 2026 ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਜੀਐੱਸਟੀ ਇੰਟੈਲੀਜੈਂਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਬੱਲ ਕਲਾਂ, ਮਜੀਠਾ ਰੋਡ ਸਥਿਤ ਮ੍ਰਿਧੁਲ ਕੈਮੀਕਲਜ਼ ਦੇ ਕੰਪਲੈਕਸ ਵਿਖੇ ਛਾਪੇਮਾਰੀ ਦੌਰਾਨ ਖੇਤੀਬਾੜੀ ਵਿੱਚ ਵਰਤੀ ਜਾਣ ਵਾਲੀ ਯੂਰੀਆ ਖਾਦ ਦੇ ਲਗਭਗ 4,000 ਬੈਗ ਜ਼ਬਤ ਕੀਤੇ ਗਏ। ਜ਼ਬਤ ਕੀਤੀ ਗਈ ਯੂਰੀਆ ਖਾਦ ਹਿੰਦੁਸਤਾਨ ਫਰਟੀਲਾਈਜ਼ਰਜ਼ ਲਿਮਟਿਡ, ਰਾਸ਼ਟਰੀ ਕੈਮੀਕਲਜ਼ ਐਂਡ ਫਰਟੀਲਾਈਜ਼ਰਜ਼ ਲਿਮਟਿਡ ਅਤੇ ਕ੍ਰਿਭਕੋ ਫਰਟੀਲਾਈਜ਼ਰਜ਼ ਲਿਮਟਿਡ ਵੱਲੋਂ ਤਿਆਰ ਕੀਤੀ ਗਈ ਹੈ।
ਕਾਰਵਾਈ ਦੌਰਾਨ ਜੀਐੱਸਟੀ ਇੰਟੈਲੀਜੈਂਸ ਦੀ ਟੀਮ ਵੱਲੋਂ ਸਬੰਧਤ ਉਦਯੋਗਿਕ ਇਕਾਈ ਦੇ ਦਫ਼ਤਰੀ ਰਿਕਾਰਡ ਦੀ ਵੀ ਜਾਂਚ ਕੀਤੀ ਗਈ ਅਤੇ ਲੋੜੀਂਦੇ ਦਸਤਾਵੇਜ਼ ਕਬਜ਼ੇ ਵਿੱਚ ਲਏ ਗਏ। ਇਸ ਮਾਮਲੇ ਸਬੰਧੀ ਡੀਐੱਸਪੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜ਼ਰੂਰੀ ਵਸਤਾਂ ਐਕਟ, 1955, ਖਾਦ ਕੰਟਰੋਲ ਆਰਡਰ, 1985 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318(4) ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੇਰ ਰਾਤ ਤੱਕ ਜਾਰੀ ਰਹੀ ਅਤੇ ਇਸ ਮਾਮਲੇ ਵਿੱਚ ਹੁਣ ਤੱਕ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਮਲੇ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਖੇਤੀਬਾੜੀ ਗ੍ਰੇਡ ਯੂਰੀਆ ਇੱਕ ਨਿਯਮਤ ਅਤੇ ਸਬਸਿਡੀਸ਼ੁਦਾ ਖਾਦ ਹੈ, ਜਿਸ ’ਤੇ ਕਿਸਾਨਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਭਾਰੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਕਾਰਨ ਇਸ ਦੀ ਵਰਤੋਂ ਖੇਤੀਬਾੜੀ ਦੇ ਕੰਮਾਂ ਲਈ ਹੀ ਕੀਤੀ ਜਾਣੀ ਮਨਜ਼ੂਰ ਹੈ। ਦੂਜੇ ਪਾਸੇ, ਉਦਯੋਗਿਕ ਇਕਾਈਆਂ ਵੱਲੋਂ ਵਰਤੋਂ ਲਈ ਖਾਦ ਕੰਪਨੀਆਂ ਵੱਲੋਂ ਤਕਨੀਕੀ ਗ੍ਰੇਡ ਯੂਰੀਆ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ’ਤੇ ਸਰਕਾਰ ਵੱਲੋਂ ਖੇਤੀਬਾੜੀ ਵਾਲੀ ਯੂਰੀਆ ਦੀ ਤਰ੍ਹਾਂ ਸਬਸਿਡੀ ਨਹੀਂ ਦਿੱਤੀ ਜਾਂਦੀ।
ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀ ਗਈ ਖਾਦ ਦੇ ਨਮੂਨੇ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ। ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਅਜਿਹੀਆਂ ਜਾਂਚਾਂ ਅਤੇ ਛਾਪੇਮਾਰੀਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਉਦਯੋਗਿਕ ਇਕਾਈ ਵਿੱਚ ਸਬਸਿਡੀ ਵਾਲੀ ਖੇਤੀਬਾੜੀ ਗ੍ਰੇਡ ਯੂਰੀਆ ਦੀ ਗ਼ੈਰ-ਕਾਨੂੰਨੀ ਵਰਤੋਂ ਜਾਂ ਡਾਇਵਰਜ਼ਨ ਪਾਇਆ ਗਿਆ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਖਾਦ ਕੰਟਰੋਲ ਆਰਡਰ, 1985, ਜ਼ਰੂਰੀ ਵਸਤਾਂ ਐਕਟ, 1955 ਅਤੇ ਹੋਰ ਲਾਗੂ ਕਾਨੂੰਨੀ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।