ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਬਣੇਗੀ ਮਜ਼ਬੂਤ : ਅਕਸ਼ੈ ਸ਼ਰਮਾ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਹਲਕਾ ਉਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਨਵਾਂ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਜਤਾਉਂਦੇ ਹੋਏ ਇਸ ਨੂੰ ਪਾਰਟੀ ਲਈ ਇਤਿਹਾਸਕ ਫੈਸਲਾ ਕਰਾਰ ਦਿੱਤਾ
Publish Date: Thu, 28 May 2026 04:09 PM (IST)
Updated Date: Thu, 28 May 2026 04:10 PM (IST)

ਢਿੱਲੋਂ ਦਾ ਕਾਰਜਕਾਲ ਪੰਜਾਬ ਭਾਜਪਾ ਲਈ ਨਵੇਂ ਅਧਿਆਇ ਦੀ ਸ਼ੁਰੂਆਤ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਅੰਮ੍ਰਿਤਸਰ ਹਲਕਾ ਉਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਨਵਾਂ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਜਤਾਉਂਦੇ ਹੋਏ ਇਸ ਨੂੰ ਪਾਰਟੀ ਲਈ ਇਤਿਹਾਸਕ ਫੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਭਾਜਪਾ ਨੇ ਪੰਜਾਬ ਵਿਚ ਇਕ ਮਜ਼ਬੂਤ ਸਿੱਖ ਚਿਹਰੇ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨਾਲ ਪਾਰਟੀ ਨੂੰ ਰਾਜ ਵਿਚ ਨਵੀਂ ਦਿਸ਼ਾ ਅਤੇ ਨਵੀਂ ਪਛਾਣ ਮਿਲੇਗੀ। ਸਥਾਨਕ ਇਲਾਕੇ ਵਿਖੇ ਇਕ ਮੀਟਿੰਗ ਤੋਂ ਬਾਅਦ ਅਕਸ਼ੈ ਸ਼ਰਮਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ, ਸੰਘਰਸ਼ਸ਼ੀਲ ਅਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਨੇ ਲੰਬੇ ਸਮੇਂ ਤੱਕ ਲੋਕਾਂ ਵਿਚ ਰਹਿ ਕੇ ਕੰਮ ਕੀਤਾ ਹੈ। ਰਾਜਨੀਤੀ ਅਤੇ ਸੰਗਠਨ ਦੋਵਾਂ ਵਿਚ ਉਨ੍ਹਾਂ ਦਾ ਵਿਸ਼ਾਲ ਤਜਰਬਾ ਪਾਰਟੀ ਲਈ ਕਾਫੀ ਲਾਭਦਾਇਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਨ ਨੇ ਪੰਜਾਬ ਦੀਆਂ ਭਾਵਨਾਵਾਂ ਅਤੇ ਇੱਥੋਂ ਦੇ ਸਮਾਜਿਕ ਢਾਂਚੇ ਨੂੰ ਸਮਝਦੇ ਹੋਏ ਇਹ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਧਾਰਮਿਕ ਅਤੇ ਸੱਭਿਆਚਾਰਕ ਤੌਰ ’ਤੇ ਸੰਵੇਦਨਸ਼ੀਲ ਸੂਬਾ ਹੈ, ਜਿੱਥੇ ਸਿੱਖ ਭਾਈਚਾਰੇ ਦੀ ਅਹਿਮ ਭੂਮਿਕਾ ਹੈ। ਅਜਿਹੇ ਵਿਚ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਉਣਾ ਭਾਜਪਾ ਦੀ ਸਕਾਰਾਤਮਕ ਸੋਚ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਨੂੰ ਦਰਸਾਉਂਦਾ ਹੈ। ਇਸ ਨਾਲ ਸਿੱਖ ਸਮਾਜ ਵਿਚ ਵੀ ਇਕ ਚੰਗਾ ਸੰਦੇਸ਼ ਜਾਵੇਗਾ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਮਿਲੇਗੀ। ਅਕਸ਼ੈ ਸ਼ਰਮਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿਚ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਡੱਟ ਕੇ ਉਠਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਭਾਜਪਾ ਪੰਜਾਬ ਵਿਚ ਇਕ ਮਜ਼ਬੂਤ ਰਾਜਨੀਤਿਕ ਤਾਕਤ ਵਜੋਂ ਉਭਰੇਗੀ। ਉਨ੍ਹਾਂ ਕਿਹਾ ਕੇਵਲ ਸਿੰਘ ਢਿੱਲੋਂ ਦੇ ਸੂਬਾ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ਵਿਚ ਵੀ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵਰਕਰਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਨੁਮਾਇੰਦਗੀ ਹੇਠ ਭਾਜਪਾ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਤੱਕ ਆਪਣੀ ਪਕੜ ਮਜ਼ਬੂਤ ਕਰੇਗੀ। ਅਕਸ਼ੈ ਸ਼ਰਮਾ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਕਾਰਜਕਾਲ ਪੰਜਾਬ ਭਾਜਪਾ ਲਈ ਨਵੇਂ ਅਧਿਆਇ ਦੀ ਸ਼ੁਰੂਆਤ ਸਾਬਤ ਹੋਵੇਗਾ।