- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ 266.95 ਕਰੋੜ ਰੁਪਏ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ ‘ਕੰਦੋਵਾਲੀ ਐਂਡ ਮੱਜੂਪੁਰਾ’ ਦਾ ਰਸਮੀ ਉਦਘਾਟਨ ਕੀਤਾ ਗਿਆ।

ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ, ਗੁਰੂ ਕਾ ਬਾਗ : ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ 266.95 ਕਰੋੜ ਰੁਪਏ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ ‘ਕੰਦੋਵਾਲੀ ਐਂਡ ਮੱਜੂਪੁਰਾ’ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਰਾਮਵੀਰ (ਆਈਏਐੱਸ), ਹਲਕਾ ਮਜੀਠਾ ਤੋਂ ਤਲਬੀਰ ਸਿੰਘ ਗਿੱਲ ਅਤੇ ਹਲਕਾ ਰਾਜਾਸਾਂਸੀ ਤੋਂ ਮੈਡਮ ਸੋਨੀਆ ਮਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਉਦਘਾਟਨ ਉਪਰੰਤ ਪ੍ਰਾਜੈਕਟ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਹੂਲਤਾਂ ਅਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਪਰ ਬਾਰੀ ਦੁਆਬ ਨਹਿਰ ਦੀ ਲਾਹੌਰ ਬਰਾਂਚ 'ਤੇ ਕੰਦੋਵਾਲੀ ਐਂਡ ਮੱਜੂਪੁਰਾ ਵਿਖੇ 39 ਐੱਮਐੱਲਡੀ ਸਮਰੱਥਾ ਵਾਲਾ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਿਤ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ 285.97 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ 20 ਜਲ ਟੈਂਕੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਮੰਤਰੀ ਮੁੰਡੀਆਂ ਨੇ ਦੱਸਿਆ ਕਿ ਇਸ ਸਕੀਮ ਰਾਹੀਂ ਚਾਰ ਬਲਾਕਾਂ ਦੇ ਕੁਲ 167 ਪਿੰਡਾਂ (ਅਜਨਾਲਾ ਦੇ 101, ਹਰਸ਼ਾ ਛੀਨਾ ਦੇ 56, ਮਜੀਠਾ ਦੇ 9 ਅਤੇ ਚੋਗਾਵਾਂ ਦੇ 1 ਪਿੰਡ) ਦੇ 45,343 ਘਰਾਂ ਦੀ 2,65,994 ਆਬਾਦੀ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਵਿੱਚ ਟੀ.ਡੀ.ਐੱਸ ਅਤੇ ਆਰਸੈਨਿਕ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਹ ਪ੍ਰਾਜੈਕਟ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾ ਕੇ ਲੋਕਾਂ ਦੇ ਜੀਵਨ ਪੱਧਰ ਅਤੇ ਸਿਹਤ ਵਿੱਚ ਵੱਡਾ ਸੁਧਾਰ ਲਿਆਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 10 ਨਵੰਬਰ 2020 ਨੂੰ ਸ਼ੁਰੂ ਹੋਏ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਉਪਰੰਤ ਅਗਲੇ 10 ਸਾਲਾਂ ਤੱਕ ਇਸ ਦੀ ਦੇਖਭਾਲ ਸਬੰਧਤ ਏਜੰਸੀ ਵੱਲੋਂ ਕੀਤੀ ਜਾਵੇਗੀ।
ਇਸ ਮੌਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਲੋਕ-ਪੱਖੀ ਪ੍ਰੋਜੈਕਟ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਪਲਾਈ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਹਲਕਾ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਲਈ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸਾਫ਼ ਪਾਣੀ ਦੀ ਮੰਗ ਨੂੰ ਪੂਰਾ ਕਰਕੇ ਸਰਹੱਦੀ ਲੋਕਾਂ ਦਾ ਦਿਲ ਜਿੱਤ ਲਿਆ ਹੈ।
ਇਸ ਸਮਾਗਮ ਦੌਰਾਨ ਵਿਭਾਗ ਦੇ ਚੀਫ ਇੰਜੀਨੀਅਰ ਆਰ.ਕੇ. ਖੋਸਲਾ, ਨਿਗਰਾਨ ਇੰਜੀਨੀਅਰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਸਾਹਿਲ ਅਨੰਦ, ਐੱਸ.ਡੀ.ਐੱਮ. ਅਜਨਾਲਾ ਚਾਰੂਮਿਤਰਾ, ਕੰਪਨੀ ਪ੍ਰਬੰਧਕਾਂ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਇਲਾਕਾ ਨਿਵਾਸੀ ਮੌਜੂਦ ਸਨ।