- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਕ ਹੋਰ ਮਾਮਲੇ ਵਿੱਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਿੱਖ ਸੁਸਾਇਟੀ ਆਫ਼ ਅਪਸਟੇਟ ਸਾਊਥ ਕੈਰੋਲੀਨਾ, ਡੰਕਨ (ਅਮਰੀਕਾ) ਦੀ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਦਾ ਅਪਮਾਨ ਕਰਨ ਅਤੇ ਉਨ੍ਹਾਂ ਬਾਰੇ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ਾਂ ’ਤੇ ਵਿਚਾਰ ਕੀਤਾ ਗਿਆ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਕਈ ਅਹਿਮ ਪੰਥਕ ਮਾਮਲਿਆਂ ’ਤੇ ਫ਼ੈਸਲੇ ਸੁਣਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਫ਼ੈਸਲੇ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਗੁਰਜੰਟ ਸਿੰਘ ਬਰਨਾਲਾ ਵੱਲੋਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਖ਼ਿਲਾਫ਼ ਕੀਤੀਆਂ ਟਿੱਪਣੀਆਂ ਸਬੰਧੀ ਮਾਮਲਾ ਵਿਚਾਰਿਆ ਗਿਆ। ਪੰਜ ਸਿੰਘ ਸਾਹਿਬਾਨ ਨੇ ਇਸ ਨੂੰ ਗੰਭੀਰ ਅਵੱਗਿਆ ਮੰਨਦਿਆਂ ਗੁਰਜੰਟ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਅੰਮ੍ਰਿਤ ਸੰਚਾਰ ਸਮੇਂ ਪੰਜ ਪਿਆਰੇ ਸਾਹਿਬਾਨ ਦੇ ਸਨਮੁੱਖ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।
ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਨੀਪੈਗ ਸਾਊਥ ਸਿੱਖ ਸੈਂਟਰ, ਮੈਨੀਟੋਬਾ (ਕੈਨੇਡਾ) ਦੀ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਰਹਿਤ ਮਰਿਆਦਾ ਅਨੁਸਾਰ ਪ੍ਰਬੰਧ ਨਾ ਚਲਾਉਣ ਸਬੰਧੀ ਮਾਮਲੇ ’ਤੇ ਵੀ ਵਿਚਾਰ ਕੀਤਾ ਗਿਆ। ਪੰਜ ਸਿੰਘ ਸਾਹਿਬਾਨ ਨੇ ਕਮੇਟੀ ਦੇ ਪ੍ਰਧਾਨ ਨਿਸ਼ਾਨ ਸਿੰਘ ਸਮੇਤ ਰਜਿੰਦਰ ਸਿੰਘ, ਮਲਕੀਤ ਸਿੰਘ, ਮੋਹਨ ਸਿੰਘ, ਨਵਦੀਪ ਸਿੰਘ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਰਸ਼ਪਾਲ ਸਿੰਘ, ਪ੍ਰਦੀਪ ਸਿੰਘ ਅਤੇ ਪੰਜ ਮੈਂਬਰੀ ਕਮੇਟੀ ਦੇ ਅਮਰਜੀਤ ਸਿੰਘ, ਕਿਰਨਪਾਲ ਸਿੰਘ, ਸੁਖਜਿੰਦਰ ਸਿੰਘ, ਹਰਪਾਲ ਸਿੰਘ ਅਤੇ ਚਰਨਜੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਹੈ।
ਇੱਕ ਹੋਰ ਮਾਮਲੇ ਵਿੱਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਿੱਖ ਸੁਸਾਇਟੀ ਆਫ਼ ਅਪਸਟੇਟ ਸਾਊਥ ਕੈਰੋਲੀਨਾ, ਡੰਕਨ (ਅਮਰੀਕਾ) ਦੀ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਦਾ ਅਪਮਾਨ ਕਰਨ ਅਤੇ ਉਨ੍ਹਾਂ ਬਾਰੇ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ਾਂ ’ਤੇ ਵਿਚਾਰ ਕੀਤਾ ਗਿਆ। ਇਸ ਮਾਮਲੇ ਵਿੱਚ ਸਰਵਪ੍ਰੀਤ ਸਿੰਘ (ਸਾਬਕਾ ਸਕੱਤਰ), ਰਾਜ ਸਿੰਘ (ਚੇਅਰਪਰਸਨ), ਮਨਜੀਤ ਕੌਰ, ਅੰਮ੍ਰਿਤਪਾਲ ਸਿੰਘ, ਸਵਰਨ ਸਿੰਘ, ਸੋਹਨ ਸਿੰਘ, ਜਸਵਿੰਦਰ ਸਿੰਘ ਅਤੇ ਰਜਿੰਦਰ ਸਿੰਘ (ਟਰੱਸਟੀ) ਨੂੰ ਗੁਰਦੁਆਰਾ ਸਾਹਿਬ ਦੀ ਸੇਵਾ ਤੋਂ ਅਯੋਗ ਕਰਾਰ ਦਿੱਤਾ ਗਿਆ। ਫ਼ੈਸਲੇ ਅਨੁਸਾਰ ਜਦ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਸਪੱਸ਼ਟੀਕਰਨ ਨਹੀਂ ਦਿੰਦੇ, ਉਦੋਂ ਤੱਕ ਪੰਥ ਉਨ੍ਹਾਂ ਨਾਲ ਕੋਈ ਸਬੰਧ ਨਾ ਰੱਖੇ।
ਇਸ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ ਅਤੇ ਗਿਆਨੀ ਕੇਵਲ ਸਿੰਘ ਵੀ ਹਾਜ਼ਰ ਸਨ।