ਭਿਆਨਕ ਸੜਕ ਹਾਦਸਾ: ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਪੁਲੀ ਨਾਲ ਟਕਰਾਈ ਕਾਰ, 28 ਸਾਲਾ ਨੌਜਵਾਨ ਦੀ ਮੌਤ
ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ ’ਤੇ ਪਿੰਡ ਨੰਗਲ ਸ਼ਹੀਦਾਂ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਬੂਥਗੜ੍ਹ ਦੇ 28 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹਨੀ ਪੁੱਤਰ ਹਰਪਾਲ ਸਿੰਘ ਵਜੋਂ ਹੋਈ ਹੈ।
Publish Date: Tue, 12 May 2026 01:56 PM (IST)
Updated Date: Tue, 12 May 2026 02:10 PM (IST)
ਪੰਜਾਬੀ ਜਾਗਰਣ ਰਿਪੋਰਟਰ, ਹੁਸ਼ਿਆਰਪੁਰ। ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ ’ਤੇ ਪਿੰਡ ਨੰਗਲ ਸ਼ਹੀਦਾਂ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਬੂਥਗੜ੍ਹ ਦੇ 28 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹਨੀ ਪੁੱਤਰ ਹਰਪਾਲ ਸਿੰਘ ਵਜੋਂ ਹੋਈ ਹੈ।
ਪਿੰਡ ਬੂਥਗੜ੍ਹ ਦੇ ਬਜ਼ੁਰਗ ਕਸ਼ਮੀਰ ਸਿੰਘ ਅਨੁਸਾਰ, ਹਨੀ ਰਾਤ ਕਰੀਬ 10 ਵਜੇ ਆਪਣੀ ਆਲਟੋ ਕਾਰ ਵਿੱਚ ਸਵਾਰ ਹੋ ਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਅਚਾਨਕ ਇੱਕ ਅਵਾਰਾ ਪਸ਼ੂ ਉਸਦੀ ਗੱਡੀ ਅੱਗੇ ਆ ਗਿਆ। ਪਸ਼ੂ ਤੋਂ ਬਚਾਅ ਕਰਨ ਦੀ ਕੋਸ਼ਿਸ਼ ਦੌਰਾਨ ਕਾਰ ਬੇਕਾਬੂ ਹੋ ਕੇ ਪੁਲੀ ਨਾਲ ਜਾ ਟਕਰਾਈ, ਜਿਸ ਕਾਰਨ ਹਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਹਾਦਸੇ ਤੋਂ ਬਾਅਦ ਉਸਨੂੰ ਤੁਰੰਤ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਜਿਵੇਂ ਹੀ ਇਸ ਘਟਨਾ ਦੀ ਖ਼ਬਰ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਮਿਲੀ ਤਾਂ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਹਾਦਸੇ ਵਿੱਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਪਿੰਡ ਦੇ ਬਜ਼ੁਰਗ ਕਸ਼ਮੀਰ ਸਿੰਘ ਨੇ ਦੱਸਿਆ ਕਿ ਹਨੀ ਪਿੰਡ ਦਾ ਹੋਣਹਾਰ ਨੌਜਵਾਨ ਸੀ ਅਤੇ ਉਸਦੀ ਅਚਾਨਕ ਮੌਤ ਨਾਲ ਪਿੰਡ ਵਾਸੀਆਂ ਨੂੰ ਡੂੰਘਾ ਸਦਮਾ ਪਹੁੰਚਿਆ ਹੈ।
ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।