ਸੈਂਟਰਲ ਖਾਲਸਾ ਯਤੀਮਖਾਨੇ ਨੇ ਬੱਚਿਆਂ ਦੀ ਸਿਹਤ ਸੰਭਾਲ ਲਈ ਸਿਹਤ ਜਾਂਚ ਕੈਂਪ ਲਾਇਆ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੇ ਨਿਰਦੇਸ਼ਾਂ ਤਹਿਤ ਸੈਂਟਰਲ ਖਾਲਸਾ ਯਤੀਮਖਾਨਾ ਵੱਲੋਂ ਬੱਚਿਆਂ ਦੀ ਸਿਹਤ ਤੇ ਤੰਦਰੁਸਤੀ ਨੂੰ ਮੁੱਖ ਤਰਜੀਹ ਦਿੰਦਿਆਂ ਭਾਰਤੀ ਸੈਨਾ ਦੇ ਸਹਿਯੋਗ ਨਾਲ
Publish Date: Thu, 26 Nov 2026 04:16 PM (IST)
Updated Date: Thu, 26 Nov 2026 04:19 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੇ ਨਿਰਦੇਸ਼ਾਂ ਤਹਿਤ ਸੈਂਟਰਲ ਖਾਲਸਾ ਯਤੀਮਖਾਨਾ ਵੱਲੋਂ ਬੱਚਿਆਂ ਦੀ ਸਿਹਤ ਤੇ ਤੰਦਰੁਸਤੀ ਨੂੰ ਮੁੱਖ ਤਰਜੀਹ ਦਿੰਦਿਆਂ ਭਾਰਤੀ ਸੈਨਾ ਦੇ ਸਹਿਯੋਗ ਨਾਲ ਯਤੀਮਖਾਨੇ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਯਤੀਮਖਾਨੇ ਦੇ ਲਗਭਗ 150 ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ ਭਾਰਤੀ ਸੈਨਾ ਦੇ ਮੇਜਰ ਡਾ. ਰਮਨੀਕ ਸਿੰਘ ਅਤੇ ਉ੍ਹਨਾਂ ਦੀ ਮੈਡੀਕਲ ਟੀਮ ਵੱਲੋਂ ਬੱਚਿਆਂ ਦੀਆਂ ਅੱਖਾਂ, ਕੰਨ, ਨੱਕ, ਗਲਾ, ਚਮੜੀ, ਬਲੱਡ ਪ੍ਰੈਸ਼ਰ ਅਤੇ ਹੋਰ ਸਿਹਤ ਸਮੱਸਿਆਵਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਬੱਚਿਆਂ ਨੂੰ ਸੰਤੁਲਿਤ ਖੁਰਾਕ, ਨਿਯਮਿਤ ਕਸਰਤ, ਸਫਾਈ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਂਣ ਬਾਰੇ ਜਾਗਰੂਕ ਕੀਤਾ ਗਿਆ। ਯਤੀਮਖਾਨੇ ਦੇ ਮੈਂਬਰ ਇੰਚਾਰਜ ਡਾ. ਆਤਮਜੀਤ ਸਿੰਘ ਬਸਰਾ ਅਤੇ ਮੋਹਨਜੀਤ ਸਿੰਘ ਭੱਲਾ ਨੇ ਕਿਹਾ ਕਿ ਬੱਚਿਆਂ ਦੀ ਸਿਹਤ, ਸਿੱਖਿਆ ਅਤੇ ਸਰਵਪੱਖੀ ਵਿਕਾਸ ਯਤੀਮਖਾਨੇ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਜਾਂਚ ਕੈਂਪ ਬੱਚਿਆਂ ਦੀਆਂ ਸਿਹਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਲਈ ਬਹੁਤ ਲਾਹੇਵੰਦ ਹਨ। ਉਨ੍ਹਾਂ ਭਾਰਤੀ ਸੈਨਾ ਦੀ ਮੈਡੀਕਲ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਸਹਿਯੋਗ ਬੱਚਿਆਂ ਦੀ ਸਿਹਤ ਸੰਭਾਲ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਉਨ੍ਹਾਂ ਭਾਰਤੀ ਸੈਨਾ ਵੱਲੋਂ ਯਤੀਮਖਾਨੇ ਦੇ ਬੱਚਿਆਂ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।