ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ; ਕਤਲ ਦੀ ਕੋਸ਼ਿਸ਼, ਸਰਕਾਰੀ ਕੰਮ ’ਚ ਰੁਕਾਵਟ ਤੇ ਸਰਕਾਰੀ ਜਾਇਦਾਦ ਨੁਕਸਾਨ ਦੇ ਦੋਸ਼ਾਂ ਹੇਠ ਚੱਲੇਗਾ ਕੇਸ
ਹੁਣ ਅੰਮ੍ਰਿਤਪਾਲ ਸਿੰਘ ਵਿਰੁੱਧ ਕਤਲ ਦੀ ਕੋਸ਼ਿਸ਼, ਗੰਭੀਰ ਸੱਟਾਂ ਮਾਰਨ, ਸਰਕਾਰੀ ਅਧਿਕਾਰੀ ਨੂੰ ਡਿਊਟੀ ਕਰਨ ਤੋਂ ਰੋਕਣ, ਸਾਜ਼ਿਸ਼ ਰਚਣ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਭੀੜ ਨੂੰ ਉਕਸਾਉਣ ਸਬੰਧੀ ਧਾਰਾਵਾਂ ਹੇਠ ਮੁਕੱਦਮਾ ਚੱਲੇਗਾ।
Publish Date: Fri, 15 May 2026 08:48 AM (IST)
Updated Date: Fri, 15 May 2026 08:50 AM (IST)
ਨਵੀਨ ਰਾਜਪੂਤ, ਪੰਜਾਬੀ ਜਾਗਰਣ, ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਵਿਰੁੱਧ ਅਦਾਲਤ ਨੇ ਦੋਸ਼ ਆਇਦ ਕਰ ਦਿੱਤੇ ਹਨ। ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਚਲਾਨ ’ਚੋਂ ਅਸਲਾ ਕਾਨੂੰਨ ਅਤੇ ਸਬੂਤਾਂ ਨਾਲ ਛੇੜਛਾੜ ਸਬੰਧੀ ਧਾਰਾਵਾਂ ਨੂੰ ਹਟਾ ਦਿੱਤਾ ਹੈ।
ਹੁਣ ਅੰਮ੍ਰਿਤਪਾਲ ਸਿੰਘ ਵਿਰੁੱਧ ਕਤਲ ਦੀ ਕੋਸ਼ਿਸ਼, ਗੰਭੀਰ ਸੱਟਾਂ ਮਾਰਨ, ਸਰਕਾਰੀ ਅਧਿਕਾਰੀ ਨੂੰ ਡਿਊਟੀ ਕਰਨ ਤੋਂ ਰੋਕਣ, ਸਾਜ਼ਿਸ਼ ਰਚਣ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਭੀੜ ਨੂੰ ਉਕਸਾਉਣ ਸਬੰਧੀ ਧਾਰਾਵਾਂ ਹੇਠ ਮੁਕੱਦਮਾ ਚੱਲੇਗਾ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 16 ਮਈ ਲਈ ਨਿਰਧਾਰਤ ਕੀਤੀ ਹੈ।
ਦੋਸ਼ ਆਇਦ ਹੋਣ ਤੋਂ ਪਹਿਲਾਂ ਬਚਾਅ ਪੱਖ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਵੱਲੋਂ ਅਸਲਾ ਐਕਟ ਅਤੇ ਸਬੂਤ ਖੁਰਦ-ਬੁਰਦ ਕਰਨ ਦੀਆਂ ਧਾਰਾਵਾਂ ਗਲਤ ਤਰੀਕੇ ਨਾਲ ਜੋੜੀਆਂ ਗਈਆਂ ਸਨ। ਬਚਾਅ ਪੱਖ ਦਾ ਕਹਿਣਾ ਸੀ ਕਿ ਮੌਕੇ ਤੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ। ਪੁਲਿਸ ਨੇ ਚਲਾਨ ’ਚ ਦੋਸ਼ ਲਗਾਇਆ ਸੀ ਕਿ ਅੰਮ੍ਰਿਤਪਾਲ ਸਿੰਘ ਨੇ ਧਾਰਮਿਕ ਯਾਤਰਾ ਦੌਰਾਨ ਵਰਤੀ ਗਈ ਪਾਲਕੀ ਸਾਹਿਬ ਨੂੰ ਗਾਇਬ ਕਰ ਦਿੱਤਾ ਸੀ, ਜਦਕਿ ਬਚਾਅ ਪੱਖ ਨੇ ਅਦਾਲਤ ’ਚ ਸਬੂਤ ਪੇਸ਼ ਕਰਕੇ ਦੱਸਿਆ ਕਿ ਪਾਲਕੀ ਸਾਹਿਬ ਮੌਕੇ ’ਤੇ ਹੀ ਮੌਜੂਦ ਸੀ।
ਜ਼ਿਕਰਯੋਗ ਹੈ ਕਿ ਫਰਵਰੀ 2023 ’ਚ ਅਜਨਾਲਾ ਥਾਣੇ ’ਤੇ ਹਮਲੇ ਦੇ ਮਾਮਲੇ ’ਚ ਅੰਮ੍ਰਿਤਪਾਲ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਮੁਤਾਬਕ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਧਾਰਮਿਕ ਯਾਤਰਾ ਦੀ ਆੜ ’ਚ ਹਮਲੇ ਨੂੰ ਅੰਜਾਮ ਦਿੱਤਾ ਸੀ। ਉਸ ਤੋਂ ਬਾਅਦ ਉਸ ਨੂੰ ਕੌਮੀ ਸੁਰੱਖਿਆ ਕਾਨੂੰਨ ਤਹਿਤ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ।