ਗਾਂਧੀ ਜੈਅੰਤੀ ’ਤੇ ਵਿੱਢੀ ਸਵੱਛਤਾ ਮੁਹਿੰਮ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨਸੀਸੀ ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ
Publish Date: Fri, 02 Oct 2026 04:09 PM (IST)
Updated Date: Fri, 02 Oct 2026 04:10 PM (IST)
ਐੱਨਸੀਸੀ ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਸਵੱਛਤਾ ਦਾ ਸੰਦੇਸ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨਸੀਸੀ ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਮਗਰੋਂ ਸ਼ਹਿਰ ਵਿੱਚ ਵੱਡੇ ਪੱਧਰ ਤੇ ਸ਼੍ਰਮਦਾਨ ਮੁਹਿੰਮ ਵਿੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਨੌਜਵਾਨਾਂ ਨੇ ਸ਼੍ਰਮਦਾਨ ਤੋਂ ਪਹਿਲਾਂ ਅਪਣਾ ਆਲਾ ਦੁਆਲਾ ਸਾਫ ਰੱਖਣ ਸਬੰਧੀ ਸਹੁੰ ਚੁੱਕੀ। ਇਸ ਮੌਕੇ ਸੰਬੋਧਨ ਕਰਦਿਆਂ ਚੀਫ ਸੈਨੇਟਰੀ ਇੰਸਪੈਕਟਰ ਅਨਿਲ ਡੋਗਰਾ ਨੇ ਕਿਹਾ ਕਿ ਧਰਮ ਗ੍ਰੰਥਾਂ ਚ ਪਵਨ, ਪਾਣੀ ਅਤੇ ਧਰਤੀ ਦੀ ਮਹੱਤਤਾ ਦਾ ਜ਼ਿਕਰ ਕੀਤਾ ਗਿਆ ਹੈ, ਇਸ ਲਈ ਸਾਨੂੰ ਇੱਕ ਚੰਗੇ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਸਵੱਛਤਾ ਬਾਰੇ ਪਹਿਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੋਲੀਥੀਨ ਦੀ ਵਰਤੋਂ ਨੂੰ ਬੰਦ ਕਰਦਿਆਂ ਕਪੜੇ ਦੇ ਥੈਲੇ ਇਸਤੇਮਾਲ ਕਰਨੇ ਚਾਹੀਦੇ ਹਨ। ਇਸ ਮੌਕੇ ਐਨਸੀਸੀ ਅਫ਼ਸਰ ਸੁਖਪਾਲ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਹਾੜੇ ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ। ਪਿਛਲੇ 11 ਵਰ੍ਹਿਆਂ ਵਿੱਚ ਸਵੱਛ ਭਾਰਤ ਇੱਕ ਵੱਡਾ ਅਭਿਆਨ ਬਣਿਆ ਹੈ। ਇਸ ਦੌਰਾਨ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਅਧਿਕਾਰੀ ਨਿਸ਼ਾ ਨੇ ਦੱਸਿਆ ਕਿ ਵਿਕਸਿਤ ਮੁਲਕਾਂ ਵੱਲੋਂ ਸਾਫ ਸਫਾਈ ਵੱਲ ਵਧੇਰੇ ਧਿਆਨ ਦਿੱਤਾ ਜਾਂਦਾ ਹੈ ਅਤੇ ਸਾਡੇ ਮੁਲਕ ਵਿਚ ਵੀ ਅਜਿਹੀ ਪਹਿਲ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਕਰਨੀ ਹੋਵੇਗੀ। ਇਸ ਮੌਕੇ ਮਿਊਂਸੀਪਲ ਕਾਰਪੋਰੇਸ਼ਨ ਦੀ ਸਵੱਛਤਾ ਕੁਆਰਡੀਨੇਟਰ ਮਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਾਰ ਚੁਫੇਰੇ ਨੂੰ ਸਾਫ ਰੱਖਣ ਲਈ ਹਰ ਦੇਸ਼ਵਾਸੀ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਸੜਕਾਂ ਉੱਤੇ ਸੁੱਟਣ ਦੇ ਬਜਾਏ ਕੂੜੇਦਾਨ ਵਿੱਚ ਸੁੱਟਿਆ ਜਾਣਾ ਚਾਹੀਦਾ ਹੈ। ਇਸ ਮੌਕੇ ਸੈਨੇਟਰੀ ਇੰਸਪੈਕਟਰ ਦਵਿੰਦਰ ਕੁਮਾਰ, ਨਾਇਬ ਸੂਬੇਦਾਰ ਰਾਜੀਵ ਕੁਮਾਰ, ਹਵਲਦਾਰ ਕੁਲਵਿੰਦਰ ਸਿੰਘ ਅਤੇ ਹਵਲਦਾਰ ਕੁਲਦੀਪ ਸਿੰਘ ਉਚੇਚੇ ਤੌਰ ਤੇ ਮੌਜੂਦ ਸਨ। ਇਸ ਪ੍ਰੋਗਰਾਮ ਤਹਿਤ ਵਾਰ ਮੈਮੋਰੀਅਲ ਤੋਂ ਇੰਡੀਆ ਗੇਟ ਤੱਕ ਸਵੱਛਤਾ ਦਾ ਸੁਨੇਹਾ ਦਿੰਦਿਆਂ ਇੱਕ ਰੈਲੀ ਵੀ ਕੱਢੀ ਗਈ।