ਜਥੇਦਾਰ ਗੜਗੱਜ ਦੇ ਸਮਾਂ ਬਦਲਣ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ, ਸ਼ਰੇਆਮ ਆਖੀ ਇਹ ਵੱਡੀ ਗੱਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪਸ਼ਟੀਕਰਨ ਲੈਣ ਸਬੰਧੀ ਸਮਾਂ ਬਦਲਣ 'ਤੇ ਇੱਕ ਨਵੀਂ ਹਲਚਲ ਪੈਦਾ ਹੋ ਗਈ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਗਵੰਤ ਮਾਨ ਨੂੰ ਸਵੇਰੇ 10 ਵਜੇ ਦੀ ਥਾਂ ਸ਼ਾਮ 4:30 ਵਜੇ ਸਪਸ਼ਟੀਕਰਨ ਦੇਣ ਦਾ ਸਮਾਂ ਤਲਬ ਕਰਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ।
Publish Date: Tue, 13 Jan 2026 01:32 PM (IST)
Updated Date: Tue, 13 Jan 2026 01:41 PM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪਸ਼ਟੀਕਰਨ ਲੈਣ ਸਬੰਧੀ ਸਮਾਂ ਬਦਲਣ 'ਤੇ ਇੱਕ ਨਵੀਂ ਹਲਚਲ ਪੈਦਾ ਹੋ ਗਈ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਗਵੰਤ ਮਾਨ ਨੂੰ ਸਵੇਰੇ 10 ਵਜੇ ਦੀ ਥਾਂ ਸ਼ਾਮ 4:30 ਵਜੇ ਸਪਸ਼ਟੀਕਰਨ ਦੇਣ ਦਾ ਸਮਾਂ ਤਲਬ ਕਰਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ- ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.. ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ, ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ। 15 ਜਨਵਰੀ ਦਾ ਦਿਨ ਆਪ ਜੀ ਦੇ ਹੁਕਮ ਮੁਤਾਬਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵਲੋਂ ਜਾਰੀ ਨਹੀਂ ਕੀਤਾ ਗਿਆ। ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ...ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।
ਦੱਸਿਆ ਗਿਆ ਸੀ ਕਿ ਮੁੱਖ ਮੰਤਰੀ ਮਾਨ ਦੇ ਰੁਝੇਵੇਂ ਹੋਣ ਕਾਰਨ ਉਨ੍ਹਾਂ ਦਾ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਸੀ। ਮੁੱਖ ਮੰਤਰੀ ਹੁਣ ਸਵੇਰੇ 10 ਵਜੇ ਦੀ ਬਜਾਏ ਸ਼ਾਮ 4:30 ਵਜੇ ਅਕਾਲ ਤਖ਼ਤ ਸਕੱਤਰੇਤ ਵਿਖੇ ਪੇਸ਼ ਹੋਣਗੇ। ਇਹ ਤਬਦੀਲੀ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਹਾਲੀਆ ਬਿਆਨਾਂ ਅਤੇ ਵਾਇਰਲ ਵੀਡੀਓ ਸਬੰਧੀ ਸਪੱਸ਼ਟੀਕਰਨ ਦੇਣ ਲਈ ਕੀਤੀ ਗਈ ਸੀ। ਅਕਾਲ ਤਖ਼ਤ ਨੇ ਮਾਮਲੇ ਨੂੰ ਗੰਭੀਰ ਸਮਝਿਆ ਅਤੇ ਸਮੇਂ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੂਚਿਤ ਕੀਤਾ ਸੀ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਇੱਕ ਅਧਿਕਾਰਤ ਪ੍ਰੋਗਰਾਮ ਹੈ, ਜਿਸ ਕਾਰਨ ਉਹ ਸਵੇਰੇ ਨਿਰਧਾਰਤ ਸਮੇਂ 'ਤੇ ਹਾਜ਼ਰ ਨਹੀਂ ਹੋ ਸਕਣਗੇ। ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ, ਅਕਾਲ ਤਖ਼ਤ ਸਕੱਤਰੇਤ ਨੇ ਨਵਾਂ ਸਮਾਂ ਨਿਰਧਾਰਤ ਕੀਤਾ।
ਦੱਸ ਦੇਈਏ ਕਿ ਗੋਲਕ ਨਾਲ ਜੁੜੇ ਇਕ ਮਾਮਲੇ 'ਚ ਦਿੱਤੇ ਗਏ ਬਿਆਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਹਾਲ ਹੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਸੀ ਕਿ ਇਹ ਸੰਸਥਾਵਾਂ ਆਪਣੇ ਗਲਤ ਕੰਮਾਂ ਨੂੰ ਛੁਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਬਿਆਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਲੈ ਕੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਇੰਨੀਆਂ ਗੰਭੀਰ ਬੇਨਿਯਮੀਆਂ ਦੇ ਬਾਵਜੂਦ ਲੰਬੇ ਸਮੇਂ ਤਕ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਸੂਬਾ ਸਰਕਾਰ ਨੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਇਸ ਮਾਮਲੇ 'ਚ ਐੱਫਆਈਆਰ (FIR) ਦਰਜ ਕੀਤੀ ਹੈ ਅਤੇ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਬਿਆਨਾਂ ਨੂੰ ਲੈ ਕੇ ਹੀ ਹੁਣ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ।