ਕਮਿਸ਼ਨਰ-ਮੇਅਰ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ : ਬਾਵਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਰ ਦੇ ਲੋਕਾਂ ਨੂੰ ਦਰਪੇਸ਼ ਸੀਵਰੇਜ, ਕੂੜਾ-ਕਰਕਟ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਕਾਰਪੋਰੇਸ਼ਨ ਵਿਖੇ ਪੰਜਾਬ
Publish Date: Tue, 29 Sep 2026 04:24 PM (IST)
Updated Date: Tue, 29 Sep 2026 04:24 PM (IST)
ਗਲੀਆਂ-ਮੁਹੱਲਿਆਂ ਵਿੱਚ ਕੂੜਾ ਸਮੇਂ ਸਿਰ ਨਾ ਚੁੱਕੇ ਜਾਣ ਕਾਰਨ ਲੋਕਾਂ ਵਿਚ ਰੋਸ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਰ ਦੇ ਲੋਕਾਂ ਨੂੰ ਦਰਪੇਸ਼ ਸੀਵਰੇਜ, ਕੂੜਾ-ਕਰਕਟ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਕਾਰਪੋਰੇਸ਼ਨ ਵਿਖੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਪ੍ਰਸ਼ਾਸਨ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ, ਨਗਰ ਨਿਗਮ ਦੇ ਕਮਿਸ਼ਨਰ ਅਤੇ ਮੇਅਰ ਤੋਂ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਧਰਨੇ ਵਿਚ ਸ਼ਾਮਿਲ ਹੋਏ ਡਾ. ਬਲਬੀਰ ਸਿੰਘ ਬਾਵਾ ਸੀਨੀਅਰ ਜਨਰਲ ਸੈਕਟਰੀ ਪੰਜਾਬ ਇੰਚਾਰਜ ਵਾਰਡ ਨੰ. 36, ਹਲਕਾ ਦੱਖਣੀ ਅੰਮ੍ਰਿਤਸਰ ਨੇ ਸੰਬੋਧਨ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਹਨ। ਕਈ ਥਾਵਾਂ ’ਤੇ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਕਈ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ। ਬਲਬੀਰ ਸਿੰਘ ਬਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਅਤੇ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਕੀਤੇ ਗਏ ਵਾਅਦਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀਆਂ-ਮੁਹੱਲਿਆਂ ਵਿੱਚ ਕੂੜਾ ਸਮੇਂ ਸਿਰ ਨਾ ਚੁੱਕੇ ਜਾਣ ਕਾਰਨ ਲੋਕਾਂ ਵਿੱਚ ਰੋਸ ਹੈ। ਜਿਹੜੀ ਸੇਵਾ ਲੋਕਾਂ ਨੂੰ ਨਿਯਮਤ ਤੌਰ ’ਤੇ ਮਿਲਣੀ ਚਾਹੀਦੀ ਹੈ, ਉਸ ਵਿੱਚ ਲਾਪਰਵਾਹੀ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਬਲਬੀਰ ਸਿੰਘ ਬਾਵਾ ਨੇ ਕਿਹਾ ਕਿ ਧਰਨੇ ਦੌਰਾਨ ਕੂੜਾ ਚੁੱਕਣ ਲਈ ਘਰ-ਘਰੋਂ ਵਸੂਲੀ ਜਾ ਰਹੀ 80 ਦੀ ਰਕਮ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਲੋਕਾਂ ਤੋਂ ਪੈਸੇ ਲੈਣ ਦੇ ਬਾਵਜੂਦ ਜੇਕਰ ਕੂੜਾ ਸਮੇਂ ਸਿਰ ਨਹੀਂ ਚੁੱਕਿਆ ਜਾਂਦਾ ਤਾਂ ਇਸ ਦੀ ਜਵਾਬਦੇਹੀ ਕਿਸ ਦੀ ਹੈ? ਉਨ੍ਹਾਂ ਕਿਹਾ ਕਿ ਲੋਕਾਂ ਤੋਂ ਲਈ ਜਾ ਰਹੀ ਰਕਮ ਅਤੇ ਦਿੱਤੀ ਜਾ ਰਹੀ ਸੇਵਾ ਵਿੱਚ ਪਾਰਦਰਸ਼ਤਾ ਹੋਣੀ ਚਾਹੀਦੀ ਹੈ। ਬਲਬੀਰ ਸਿੰਘ ਬਾਵਾ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਸਮੇਂ ਕੂੜਾ ਚੁੱਕਣ ਲਈ ਘਰਾਂ ਤੋਂ 50 ਰੁਪਏ ਲਏ ਜਾਣ ਦੀ ਗੱਲ ਸਾਹਮਣੇ ਆਉਂਦੀ ਰਹੀ ਹੈ, ਜਦਕਿ ਹੁਣ 80 ਪ੍ਰਤੀ ਘਰ ਵਸੂਲਣ ਦੇ ਬਾਵਜੂਦ ਕਈ ਇਲਾਕਿਆਂ ਵਿੱਚ ਕੂੜਾ ਚੁੱਕਣ ਦੀ ਸੇਵਾ ਨਿਯਮਤ ਨਹੀਂ ਹੈ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਕਾਰਪੋਰੇਸ਼ਨ ਵੱਲੋਂ ਸਪਸ਼ਟ ਕੀਤਾ ਜਾਵੇ ਕਿ ਲੋਕਾਂ ਤੋਂ ਲਈ ਜਾ ਰਹੀ ਰਕਮ ਦੇ ਬਦਲੇ ਕਿਹੜੀ ਸੇਵਾ ਦਿੱਤੀ ਜਾ ਰਹੀ ਹੈ ਅਤੇ ਇਸ ਦੀ ਨਿਗਰਾਨੀ ਕੌਣ ਕਰ ਰਿਹਾ ਹੈ। ਇਸੇ ਤਰ੍ਹਾਂ ਸਟਰੀਟ ਲਾਈਟਾਂ ਦੀ ਸਮੱਸਿਆ ਨੂੰ ਲੈ ਕੇ ਵੀ ਧਰਨੇ ਵਿੱਚ ਆਵਾਜ਼ ਬੁਲੰਦ ਕੀਤੀ ਗਈ। ਕਈ ਗਲੀਆਂ ਅਤੇ ਮੁਹੱਲਿਆਂ ਵਿੱਚ ਸਟਰੀਟ ਲਾਈਟਾਂ ਬੰਦ ਪਈਆਂ ਹਨ, ਜਿਸ ਕਾਰਨ ਰਾਤ ਸਮੇਂ ਲੋਕਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲ ਆਉਂਦੀ ਹੈ। ਆਗੂਆਂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਤੋਂ ਟੈਕਸ ਅਤੇ ਹੋਰ ਵੱਖ-ਵੱਖ ਚਾਰਜ ਲਏ ਜਾਂਦੇ ਹਨ, ਇਸ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਧਰਨੇ ਦੌਰਾਨ ਵਾਟਰ ਸਪਲਾਈ ਦੇ ਮੁੱਦੇ ’ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿੱਥੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਨਿਯਮਤ ਤੌਰ ’ਤੇ ਮਿਲਣਾ ਚਾਹੀਦਾ ਹੈ, ਉੱਥੇ ਕਈ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਨਾਲ ਸਬੰਧਤ ਸ਼ਿਕਾਇਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪਾਣੀ ਦੀਆਂ ਪਾਈਪਾਂ, ਸੀਵਰੇਜ ਲਾਈਨਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਜਾਂਚ ਕਰਵਾ ਕੇ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਕੰਮ ਸਿਰਫ਼ ਮੀਟਿੰਗਾਂ ਕਰਨ ਤੱਕ ਸੀਮਤ ਨਹੀਂ ਹੋਣਾ ਚਾਹੀਦਾ। ਸ਼ਹਿਰ ਦੇ ਹਰ ਵਾਰਡ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੇਅਰ ਅਤੇ ਕਾਰਪੋਰੇਸ਼ਨ ਕਮਿਸ਼ਨਰ ਨੂੰ ਵਾਰਡ ਪੱਧਰ ’ਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਆਪਣੀਆਂ ਛੋਟੀਆਂ-ਛੋਟੀਆਂ ਸਮੱਸਿਆਵਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ ਵਰਗੇ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਸ਼ਹਿਰ ਦੇ ਬੁਨਿਆਦੀ ਢਾਂਚੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸੀਵਰੇਜ, ਪਾਣੀ, ਸਫ਼ਾਈ ਅਤੇ ਸਟਰੀਟ ਲਾਈਟਾਂ ਕੋਈ ਸਿਆਸੀ ਮੁੱਦੇ ਨਹੀਂ, ਸਗੋਂ ਆਮ ਨਾਗਰਿਕ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਬੁਨਿਆਦੀ ਲੋੜਾਂ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਅਤੇ ਕੂੜਾ ਚੁੱਕਣ ਦੀ ਸੇਵਾ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਮੁੱਦੇ ਨੂੰ ਹੋਰ ਵੱਡੇ ਪੱਧਰ ’ਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰ ਅਤੇ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਅੰਤ ਵਿਚ ਆਗੂਆਂ ਨੇ ਪੰਜਾਬ ਸਰਕਾਰ, ਮੇਅਰ ਅਤੇ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਕਿ ਸੀਵਰੇਜ ਦੀ ਸਫ਼ਾਈ, ਨਿਯਮਤ ਕੂੜਾ ਚੁੱਕਣ, ਪੀਣ ਵਾਲੇ ਪਾਣੀ ਦੀ ਸੁਚਾਰੂ ਸਪਲਾਈ ਅਤੇ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਤੁਰੰਤ ਠੀਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਨਾਲ ਹੀ ਘਰ-ਘਰੋਂ ਵਸੂਲੇ ਜਾ ਰਹੇ 80 ਦੇ ਚਾਰਜ ਬਾਰੇ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਨੂੰ ਉਸ ਦੇ ਬਦਲੇ ਨਿਯਮਤ ਤੇ ਗੁਣਵੱਤਾ ਵਾਲੀ ਸੇਵਾ ਮੁਹੱਈਆ ਕਰਵਾਈ ਜਾਵੇ।