ਸਰਬਜੀਤ ਸਿੰਘ ਖ਼ਾਲਸਾ/ਦਵਿੰਦਰ ਕੁਮਾਰ ਪੁਰੀ, ਅਜਨਾਲਾ

ਅਕਾਲੀ ਕੌਂਸਲਰ ਵੱਲੋਂ ਸ਼ੋ੍ਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਨਾਲ ਨਗਰ ਪੰਚਾਇਤ ਅਜਨਾਲਾ 'ਤੇ ਕਾਂਗਰਸ ਦਾ ਕਬਜ਼ਾ ਹੋ ਗਿਆ ਹੈ। ਨਗਰ ਪੰਚਾਇਤ ਅਜਨਾਲਾ ਦੇ ਅਹੁਦੇਦਾਰਾਂ ਦੀ ਵੀਰਵਾਰ ਨੂੰ ਹੋਈ ਚੋਣ ਵਿਚ ਕਾਂਗਰਸੀ ਆਗੂ ਦੀਪਕ ਅਰੋੜਾ ਨੂੰ ਪ੍ਰਧਾਨ ਤੇ ਰਵਿੰਦਰ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ।

ਨਗਰ ਪੰਚਾਇਤ ਅਜਨਾਲਾ ਦੀ 14 ਫਰਵਰੀ ਨੂੰ ਹੋਈ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਅੱਠ ਸੀਟਾਂ 'ਤੇ ਕਬਜ਼ਾ ਕੀਤਾ ਸੀ, ਜਦ ਕਿ ਕਾਂਗਰਸ ਨੇ ਸੱਤ ਸੀਟਾਂ ਜਿੱਤੀਆਂ ਸਨ। ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਮਾਹਲ ਪਰਿਵਾਰ ਵਜੋਂ ਜਾਣੇ ਜਾਂਦੇ ਬਲਜਿੰਦਰ ਸਿੰਘ ਮਾਹਲ ਦੀ ਪਤਨੀ ਰਮਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਕਾਂਗਰਸ ਦੇ ਉਮੀਦਵਾਰ ਨੂੰ ਹਰਾ ਕੇ ਚੋਣਾਂ 'ਚ ਜਿੱਤ ਪ੍ਰਰਾਪਤ ਕੀਤੀ ਸੀ। ਉਨ੍ਹਾਂ ਨੇ ਵੀਰਵਾਰ ਨੂੰ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀ ਚੋਣ ਤੋਂ ਕੁਝ ਘੰਟੇ ਪਹਿਲਾਂ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਵਿਚ ਪਰਿਵਾਰ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ, ਜਿਸ ਨਾਲ ਵਿਧਾਨ ਸਭਾ ਹਲਕਾ ਅਜਨਾਲਾ ਦੀ ਸਿਆਸਤ ਅੰਦਰ ਵੱਡਾ ਫੇਰਬਦਲ ਵੇਖਣ ਨੂੰ ਮਿਲਿਆ। ਇਸ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਜਿੱਤ ਹਾਰ ਵਿਚ ਤਬਦੀਲ ਹੋ ਗਈ।

ਇਸ ਮੌਕੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੀ ਰਮਦਾਸ ਨਗਰ ਕੌਂਸਲ ਤੇ ਅਜਨਾਲਾ ਨਗਰ ਪੰਚਾਇਤ ਅੰਦਰ ਉਨ੍ਹਾਂ ਵੱਲੋਂ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਮੇਟੀਆਂ ਵੱਲੋਂ ਵੱਡੇ ਪੱਧਰ ਉਤੇ ਇਲਾਕੇ ਦਾ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਦੀਪਕ ਅਰੋੜਾ ਤੇ ਰਵਿੰਦਰ ਕੌਰ ਨੇ ਕਾਂਗਰਸ ਪਾਰਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਨਗਰ ਪੰਚਾਇਤ ਅਜਨਾਲਾ ਅੰਦਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕੀਤਾ ਜਾਵੇਗਾ। ਇਹ ਚੋਣ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਹਰਫੂਲ ਸਿੰਘ ਗਿੱਲ ਵੱਲੋਂ ਕਰਵਾਈ ਗਈ।

--

ਆਗੂਆਂ ਦੀਆਂ ਗ਼ਲਤ ਨੀਤੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਿਹਾ : ਰਮਿੰਦਰ ਕੌਰ

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਮਿੰਦਰ ਕੌਰ ਮਾਹਲ ਨੇ ਕਿਹਾ ਕਿ ਉਨ੍ਹਾਂ ਦਾ ਮਾਹਲ ਪਰਿਵਾਰ ਸ਼ੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ ਪਰ ਪਾਰਟੀ ਦੇ ਲੀਡਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।

--

ਰਮਿੰਦਰ ਕੌਰ ਨੇ ਪਾਰਟੀ ਦੀ ਪਿੱਠ 'ਚ ਛੁਰਾ ਮਾਰਿਆ : ਬੋਨੀ ਅਜਨਾਲਾ

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਪਾਰਟੀ ਨੇ ਰਮਿੰਦਰ ਕੌਰ ਮਾਹਲ ਨੂੰ ਟਿਕਟ ਦੇ ਕੇ ਚੋਣਾਂ 'ਚ ਜਿੱਤਾਇਆ ਸੀ ਪਰ ਹੁਣ ਮੌਕੇ 'ਤੇ ਉਨ੍ਹਾਂ ਨੇ ਪਾਰਟੀ ਦੀ ਪਿੱਠ 'ਚ ਛੁਰਾ ਮਾਰਿਆ ਹੈ ਜੋ ਕਿ ਬਹੁਤ ਨਿੰਦਣਯੋਗ ਕਾਰਾ ਹੈ।