ਨਾਰਵੇ ਦੇ ਪੰਜਾਬੀ ਸਕੂਲ 'ਚ ਪਹੁੰਚੇ ਗਿਆਨੀ ਕੁਲਦੀਪ ਸਿੰਘ ਗੜਗੱਜ, ਬੱਚਿਆਂ ਨੂੰ ਸਿੱਖ ਇਤਿਹਾਸ ਤੇ ਮਾਂ-ਬੋਲੀ ਨਾਲ ਜੁੜਨ ਦਾ ਦਿੱਤਾ ਸੁਨੇਹਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਦੇ ਡਰਾਮਨ ਸ਼ਹਿਰ ਵਿੱਚ ਸਥਾਨਕ ਸਿੱਖ ਸੰਗਤ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਸਵਾਲ ਪੁੱਛੇ ਅਤੇ ਅਧਿਆਪਕਾਂ ਨੂੰ ਮਾਂ-ਬੋਲੀ ਦੇ ਨਾਲ-ਨਾਲ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਵੀ ਦੇਣ ’ਤੇ ਜ਼ੋਰ ਦਿੱਤਾ।
Publish Date: Sat, 24 Oct 2026 12:44 PM (IST)
Updated Date: Sat, 24 Oct 2026 12:46 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਦੇ ਡਰਾਮਨ ਸ਼ਹਿਰ ਵਿੱਚ ਸਥਾਨਕ ਸਿੱਖ ਸੰਗਤ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਸਵਾਲ ਪੁੱਛੇ ਅਤੇ ਅਧਿਆਪਕਾਂ ਨੂੰ ਮਾਂ-ਬੋਲੀ ਦੇ ਨਾਲ-ਨਾਲ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਵੀ ਦੇਣ ’ਤੇ ਜ਼ੋਰ ਦਿੱਤਾ।
ਨਾਰਵੇ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੇ ਇਸ ਸਕੂਲ ਵਿੱਚ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਬੱਚਿਆਂ ਨੂੰ ਪੰਜਾਬੀ ਪੜ੍ਹਾਈ ਜਾਂਦੀ ਹੈ। ਜਥੇਦਾਰ ਨੇ ਵੱਖ-ਵੱਖ ਜਮਾਤਾਂ ਵਿੱਚ ਜਾ ਕੇ ਬੱਚਿਆਂ ਨਾਲ ਗੱਲਬਾਤ ਕੀਤੀ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਵਾਲੇ ਸਿੱਖਾਂ ਅਤੇ ਪੰਜਾਬੀਆਂ ਨੂੰ ਆਪਣੇ ਬੱਚਿਆਂ ਨੂੰ ਵਿਰਾਸਤ, ਇਤਿਹਾਸ ਅਤੇ ਪਰੰਪਰਾਵਾਂ ਨਾਲ ਜੋੜ ਕੇ ਰੱਖਣ ਲਈ ਪੰਜਾਬੀ ਭਾਸ਼ਾ ਸਿਖਾਉਣ ਦੇ ਯਤਨ ਜ਼ਰੂਰ ਕਰਨੇ ਚਾਹੀਦੇ ਹਨ। ਬੱਚਿਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਰਮ, ਗੁਰਬਾਣੀ ਅਤੇ ਮਾਂ-ਬੋਲੀ ਦਾ ਗਿਆਨ ਦੇਣਾ ਉਨ੍ਹਾਂ ਦੀ ਸ਼ਖ਼ਸੀਅਤ ਦੇ ਚੰਗੇ ਨਿਰਮਾਣ ਲਈ ਜ਼ਰੂਰੀ ਹੈ। ਮਾਪਿਆਂ, ਗੁਰਦੁਆਰਾ ਪ੍ਰਬੰਧਕਾਂ ਅਤੇ ਹੋਰ ਸੰਸਥਾਵਾਂ ਨੂੰ ਵੀ ਇਸ ਦਿਸ਼ਾ ਵਿੱਚ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੁਰਮੁਖੀ ਪੰਜਾਬੀ ਸਿੱਖਣ ਨਾਲ ਬੱਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰਬਾਣੀ ਨੂੰ ਆਸਾਨੀ ਨਾਲ ਪੜ੍ਹ ਅਤੇ ਸਮਝ ਸਕਣਗੇ। ਊੜੇ ਦੀ ਸਮਝ ਅਤੇ ਜੂੜੇ ਦੀ ਸੰਭਾਲ ਸਿੱਖੀ ਦੀ ਮੁੱਢਲੀ ਸਿੱਖਿਆ ਦਾ ਹਿੱਸਾ ਹੈ। ਜਿਸ ਤਰ੍ਹਾਂ ਗੁਰਦੁਆਰਿਆਂ ਵਿੱਚ ਕੀਰਤਨ, ਕਥਾ ਅਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ, ਉਸੇ ਤਰ੍ਹਾਂ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।
ਇਸ ਤੋਂ ਬਾਅਦ ਜਥੇਦਾਰ ਡਰਾਮਨ ਨੇੜੇ ਲੀਅਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੇ ਸਥਾਨਕ ਸਿੱਖ ਸੰਗਤ ਨਾਲ ਗੁਰਮਤਿ ਅਤੇ ਸਿੱਖ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸ਼ਰਨ ਲੈ ਕੇ ਗੁਰਦੁਆਰੇ ਸਥਾਪਤ ਕੀਤੇ ਹਨ। ਗੁਰਦੁਆਰੇ ਜੀਵਨ ਜਿਊਣ ਦੀ ਸਿੱਖਿਆ, ਗੁਰਬਾਣੀ, ਸਿੱਖ ਇਤਿਹਾਸ ਅਤੇ ਪਰੰਪਰਾਵਾਂ ਨਾਲ ਜੁੜਨ ਦੇ ਪ੍ਰਮੁੱਖ ਕੇਂਦਰ ਹਨ। ਉਨ੍ਹਾਂ ਨੇ ਡਰਾਮਨ ਦੀ ਸਿੱਖ ਸੰਗਤ ਨੂੰ ਬੱਚਿਆਂ ਸਮੇਤ ਸਮੇਂ-ਸਮੇਂ ’ਤੇ ਪੰਜਾਬ ਆਉਣ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਨਾਲ-ਨਾਲ ਸਰੋਵਰ ਵਿੱਚ ਇਸ਼ਨਾਨ ਕਰਨ ਲਈ ਵੀ ਪ੍ਰੇਰਿਤ ਕੀਤਾ।