ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ : ਵਾਲੀਆ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
Publish Date: Fri, 09 Oct 2026 04:14 PM (IST)
Updated Date: Fri, 09 Oct 2026 04:17 PM (IST)
ਕੱਲ ਹੋਵੇਗੀ 5 ਕਿਲੋਮੀਟਰ ਪੰਜਾਬ ਯੂਥ ਰਨ ਮੈਰਾਥਨ : ਤਰੁਣ ਵਾਲੀਆ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਜਾਵੇਗਾ ਸੰਦੇਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਸਪੋਰਟਸ ਵੈਲਫੇਅਰ ਬੋਰਡ ਅੰਮ੍ਰਿਤਸਰ ਹਲਕਾ ਪੂਰਬੀ ਚੇਅਰਮੈਨ ਤਰੁਣ ਵਾਲੀਆ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ 11 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ 5 ਕਿਲੋਮੀਟਰ ਦੀ ਪੰਜਾਬ ਯੂਥ ਰਨ ਮੈਰਾਥਨ ਕਰਵਾਈ ਜਾ ਰਹੀ ਹੈ। ਮੈਰਾਥਨ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਮੈਰਾਥਨ 11 ਅਕਤੂਬਰ ਨੂੰ ਸਵੇਰੇ 5 ਵਜੇ ਰਣਜੀਤ ਐਵੀਨਿਊ ਸਥਿਤ ਹੋਟਲ ਐੱਚਕੇ ਕਲਾਰਕ ਨੇੜੇ ਟੀ-ਪੁਆਇੰਟ ਤੋਂ ਸ਼ੁਰੂ ਹੋਵੇਗੀ। ਇਸ ਦਾ ਰੂਟ ਕਚਿਹਰੀ ਚੌਂਕ, ਕੈਂਟ ਚੌਂਕ, ਹਰਤੇਜ ਹਸਪਤਾਲ ਅਤੇ ਪੁਰਾਣੀ ਪੁਲਿਸ ਚੌਂਕੀ, ਸੀ-ਬਲਾਕ ਤੋਂ ਹੁੰਦਾ ਹੋਇਆ ਮੁੜ ਐੱਚਕੇ ਕਲਾਰਕ ਨੇੜੇ ਟੀ-ਪੁਆਇੰਟ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮੈਰਾਥਨ ਵਿੱਚ ਬੱਚੇ, ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਲੋਕ ਹਿੱਸਾ ਲੈ ਸਕਣਗੇ। ਭਾਗੀਦਾਰਾਂ ਦੀ ਰਜਿਸਟ੍ਰੇਸ਼ਨ ਸਕੈਨਿੰਗ ਰਾਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਟੀ-ਸ਼ਰਟਾਂ ਦਿੱਤੀਆਂ ਜਾਣਗੀਆਂ। ਮੈਰਾਥਨ ਪੂਰੀ ਕਰਨ ਵਾਲੇ ਭਾਗੀਦਾਰਾਂ ਨੂੰ ਮੈਡਲ ਵੀ ਦਿੱਤੇ ਜਾਣਗੇ, ਜਦਕਿ ਵੱਖ-ਵੱਖ ਸ਼੍ਰੇਣੀਆਂ ਵਿੱਚ ਜੇਤੂਆਂ ਨੂੰ ਆਕਰਸ਼ਕ ਇਨਾਮ ਪ੍ਰਦਾਨ ਕੀਤੇ ਜਾਣਗੇ। ਤਰੁਣ ਵਾਲੀਆ ਨੇ ਕਿਹਾ ਕਿ ਪੰਜਾਬ ਯੂਥ ਰਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਆਪਣੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇਸ ਦੇ ਨੌਜਵਾਨ ਹਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਹੀ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਰਨ ਰਾਹੀਂ ਫਿਟਨੈੱਸ, ਖੇਡਾਂ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਜਾਵੇਗਾ। ਉਨ੍ਹਾਂ ਅੰਮ੍ਰਿਤਸਰ ਦੇ ਨੌਜਵਾਨਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਵੱਧ-ਚੜ੍ਹ ਕੇ ਇਸ ਮੈਰਾਥਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੈਰਾਥਨ ਵਿੱਚ ਭਾਗ ਲੈਣ ਦੇ ਇੱਛੁਕ ਪ੍ਰਤੀਯੋਗੀ ਕਿਊਆਰ ਕੋਡ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਚੇਅਰਮੈਨ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ।