ਰਮੇਸ਼ ਰਾਮਪੁਰਾ, ਅੰਮਿ੍ਤਸਰ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੰਮਿ੍ਤਸਰ ਕੇਂਦਰੀ ਬੱਸ ਸਟੈਂਡ ਵਿਖੇ ਠੇਕਾ ਮੁਲਾਜ਼ਮਾਂ ਵੱਲੋਂ ਰੈਗੂਲਰ ਨਾ ਕਰਨ ਅਤੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ 2020, ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜੋਧ ਸਿੰਘ ਸੀਨੀਅਰ ਮੀਤ ਪ੍ਰਧਾਨ (ਪੰਜਾਬ) ਪਨਬਸ ਯੂਨੀਅਨ, ਸੁਖਦੇਵ ਸਿੰਘ ਬਾਠ ਜਨਰਲ ਸਕੱਤਰ ਜਲ ਸਪਲਾਈ, ਬਲਜਿੰਦਰ ਸਿੰਘ ਪਨਬਸ ਯੂਨੀਅਨ ਜ਼ਿਲਾ ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਬਿਆਨ ਜਾਰੀ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਸਮੂਹ ਵਿਭਾਗਾਂ ਵਿਚੋਂ ਪੁਨਰਗਠਨ ਦੇ ਨਾਂ 'ਤੇ ਵੱਡੇ ਪੱਧਰ ਤੇ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਆਊਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਰਾਹੀਂ ਕਿਰਤ ਦੀ ਲੁੱਟ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਵੱਲੋਂ ਮੋਰਚੇ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਏ ਵੈਲਫੇਅਰ ਐਕਟ 2016 ਨੂੰ ਤੋੜ ਕੇ ਨਵਾਂ ਵੈੱਲਫੇਅਰ ਐਕਟ 2020 ਬਣਾਇਆ ਜਾ ਰਿਹਾ ਹੈ ਅਤੇ ਆਊਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਆਦਿ ਕੈਟਾਗਰੀਆਂ ਨੂੰ ਐਕਟ ਵਿਚੋਂ ਬਾਹਰ ਕੀਤਾ ਜਾ ਰਿਹਾ ਹੈ, ਜਦੋਂ ਕਿ ਸਮੂਹ ਸਰਕਾਰੀ ਵਿਭਾਗਾਂ ਵਿਚ ਕੰਪਨੀਆਂ, ਇਨਲਿਸਟਮੈਂਟ, ਠੇਕਾ ਪ੍ਰਣਾਲੀ, ਆਊਟਸੋਰਸਿੰਗ ਆਦਿ ਕੈਟਾਗਰੀਆਂ ਤਹਿਤ ਵੱਡੀ ਗਿਣਤੀ ਵਿਚ ਠੇਕਾ ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ। ਆਗੂਆਂ ਨੇ ਦੱਸਿਆ ਕਿ 8 ਨਵੰਬਰ ਨੂੰ ਮੋਰਚੇ ਦੇ ਬੈਨਰ ਹੇਠ ਜਲੰਧਰ ਵਿਖੇ ਦੇਸ਼ ਭਗਤ ਯਾਦਗਾਰ ਹਾਲ ਵਿਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ਵਿਚ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਡਿਪੂ ਪ੍ਰਧਾਨ ਹੀਰਾ ਸਿੰਘ, ਡਿਪੂ ਪ੍ਰਧਾਨ ਕੇਵਲ ਸਿੰਘ, ਜਨਰਲ ਸਕੱਤਰ ਬਲਜੀਤ ਸਿੰਘ, ਕੁਲਜੀਤ ਸਿੰਘ ਕੈਸ਼ੀਅਰ, ਪ੍ਰਰੇਮ ਸਿੰਘ ਕੈਸ਼ੀਅਰ, ਵਿਜੈ ਕੁਮਾਰ ਸਿੰਘ, ਸੰਦੀਪ ਸਿੰਘ ਆਦਿ ਆਗੂ ਹਾਜ਼ਰ ਸਨ।