- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਾਂਗਕਾਂਗ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਪੰਜਾਬ ਸਰਕਾਰ ਦੇ ਨਵੇਂ ਕਾਨੂੰਨ ਦੇ ਡਰ ਤੋਂ ਉਨ੍ਹਾਂ ਨੂੰ ਗੁਰਬਾਣੀ ਦੇ ਬਿਰਧ ਗੁਟਕਾ ਸਾਹਿਬ ਅਤੇ ਪੋਥੀਆਂ ਨੂੰ ਸਸਕਾਰ ਲਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਭੇਜਣ ਵਿਚ ਪਰੇਸ਼ਾਨੀ ਆ ਰਹੀ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ: ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਹਾਂਗਕਾਂਗ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ। ਇਸ ਸਮਾਗਮ 'ਚ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਕੌਮੀ ਹਿੱਤਾਂ ਲਈ ਕਾਰਜ ਕਰਨ, ਪੰਥ ਤੇ ਪੰਜਾਬ ਨਾਲ ਜੁੜੇ ਰਹਿਣ, ਨਵੀਂ ਪੀੜ੍ਹੀ ਨੂੰ ਸਿੱਖੀ ਤੇ ਮਾਂ-ਬੋਲੀ ਗੁਰਮੁਖੀ ਪੰਜਾਬੀ ਨਾਲ ਜੋੜਣ ਅਤੇ ਕੇਂਦਰੀ ਸਿੱਖ ਸੰਸਥਾਵਾਂ ਨੂੰ ਤਕੜਾ ਰੱਖਣ ਦੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖ ਵਿਸ਼ਵ ਪੱਧਰ ਉੱਤੇ ਵੱਸਦੇ ਹਨ, ਇਹ ਹੋਰ ਵੀ ਜ਼ਰੂਰੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੇਂਦਰਿਤ ‘ਤੇ ਜੁੜੇ ਰਹਿਣ।
ਸਮਾਗਮ ਦੌਰਾਨ ਰਾਗੀ ਭਾਈ ਰਣਬੀਰ ਸਿੰਘ ਦੇ ਜਥੇ ਨੇ ਕੀਰਤਨ ਅਤੇ ਭਾਈ ਅਜੀਤਪਾਲ ਸਿੰਘ ਸਫ਼ਰੀ ਦੇ ਢਾਡੀ ਜਥੇ ਨੇ ਵਾਰਾਂ ਨਾਲ ਸੰਗਤ ਨੂੰ ਸਿੱਖ ਤੇ ਗੁਰ ਇਤਿਹਾਸ ਨਾਲ ਜੋੜਿਆ। ਇਸ ਸਮਾਗਮ 'ਚ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਦੇ ਗ੍ਰੰਥੀ ਸਿੰਘ ਰਹੇ ਗਿਆਨੀ ਨੰਦ ਸਿੰਘ ਜੋ ਕਿ ਵਿਸ਼ਵ ਯੁੱਧ ਸਮੇਂ ਗੁਰੂ ਘਰ ਵਿੱਚ ਸੇਵਾ ਕਰਦਿਆਂ ਸ਼ਹੀਦ ਹੋਏ ਸਨ ਉਨ੍ਹਾਂ ਨੂੰ ਵੀ ਯਾਦ ਕੀਤਾ ਗਿਆ। ਸਮਾਗਮ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਕੌਮ ਦੀ ਚੜ੍ਹਦੀਕਲਾ ਅਤੇ ਇਕਜੁੱਟਤਾ ਲਈ ਅਰਦਾਸ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਆਪਣੇ ਬੱਚਿਆਂ ਨਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਲਈ ਜ਼ਰੂਰ ਜਾਣ ਨੂੰ ਆਖਿਆ। ਉਨ੍ਹਾਂ ਸੰਗਤ ਨਾਲ ਦਸ ਗੁਰੂ ਸਾਹਿਬਾਨ ਦਾ ਇਤਿਹਾਸ ਅਤੇ ਉਨ੍ਹਾਂ ਵੱਲੋਂ ਆਪੋ ਆਪਣੇ ਸਮੇਂ ਅੰਦਰ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਗਏ ਅਹਿਮ ਕਾਰਜਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਾਂਗਕਾਂਗ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਪੰਜਾਬ ਸਰਕਾਰ ਦੇ ਨਵੇਂ ਕਾਨੂੰਨ ਦੇ ਡਰ ਤੋਂ ਉਨ੍ਹਾਂ ਨੂੰ ਗੁਰਬਾਣੀ ਦੇ ਬਿਰਧ ਗੁਟਕਾ ਸਾਹਿਬ ਅਤੇ ਪੋਥੀਆਂ ਨੂੰ ਸਸਕਾਰ ਲਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਭੇਜਣ ਵਿਚ ਪਰੇਸ਼ਾਨੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਰਾਗੀ ਸਿੰਘਾਂ ਦੇ ਜਥਿਆਂ ਰਾਹੀਂ ਸਸਕਾਰ ਲਈ ਬਿਰਧ ਗੁਟਕਾ ਸਾਹਿਬ ਤੇ ਪੋਥੀਆਂ ਭਾਰਤ ਭੇਜਦੇ ਸਨ, ਪਰੰਤੂ ਹੁਣ ਸਰਕਾਰ ਦੇ ਕਾਨੂੰਨ ਦੇ ਕਾਰਨ ਰਾਗੀ ਜਥੇ ਡਰ ਰਹੇ ਹਨ। ਉਨ੍ਹਾਂ ਹਾਂਗ ਕਾਂਗ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਿਨਾਂ ਕਿਸੇ ਡਰ ਭੈਅ ਦੇ ਗੁਰਬਾਣੀ ਦੇ ਬਿਰਧ ਗੁਟਕਾ ਸਾਹਿਬ ਤੇ ਪੋਥੀਆਂ ਦਾ ਰਿਕਾਰਡ ਮੁਕੰਮਲ ਤਿਆਰ ਕਰਕੇ ਇਸ ਦੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਹਿਲਾਂ ਭੇਜ ਕੇ ਇਹ ਕਾਰਜ ਕਰਨ ਦੀ ਹਿਦਾਇਤ ਕੀਤੀ।
ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗ ਕਾਂਗ ਦੇ ਪ੍ਰਬੰਧਕਾਂ, ਅਕਾਲ ਕੀ ਸੇਵਾ ਗਰੁੱਪ, ਧੰਨ ਗੁਰੂ ਨਾਨਕ ਧੰਨ ਤੇਰੀ ਸਿੱਖੀ ਸੇਵਾ ਸੁਸਾਇਟੀ, ਗੁਰੂ ਨਾਨਕ ਸੇਵਾ ਭਲਾਈ ਟਰੱਸਟ, ਸਿੱਖੀ ਵਿਰਸਾ ਹਾਂਗ ਕਾਂਗ, ਮੀਰੀ ਪੀਰੀ ਸੇਵਾ ਦਲ ਦੇ ਨੌਜਵਾਨ ਸੇਵਾਦਾਰਾਂ, ਬਾਬਾ ਘੋਲਾ ਸਿੰਘ ਜੀ ਕਾਰ ਸੇਵਾ ਸਮੂਹ ਹਾਂਗ ਕਾਂਗ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਭਗਵਾਨ ਸਿੰਘ ਘਾਮਾ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਗ੍ਰੰਥੀ ਭਾਈ ਜਸਵੰਤ ਸਿੰਘ, ਪ੍ਰਧਾਨ ਨਿਰਮਲ ਸਿੰਘ ਪਟਿਆਲਾ, ਸਕੱਤਰ ਗੁਰਮਨਪ੍ਰੀਤ ਸਿੰਘ ਖਾਰਾ, ਮੀਤ ਪ੍ਰਧਾਨ ਜੁਗਰਾਜ ਸਿੰਘ ਡੁਗਰੀ, ਮਨਦੀਪ ਸਿੰਘ ਹੁੰਦਲ, ਜੈਮਲ ਸਿੰਘ, ਮਹਿੰਦਰ ਸਿੰਘ ਪੱਟੀ, ਸੁਖਰੂਪ ਸਿੰਘ, ਗੁਰਨਾਮ ਸਿੰਘ, ਦਲਜੀਤ ਸਿੰਘ ਜੀਰਾ ਆਦਿ ਹਾਜ਼ਰ ਸਨ।