ਡੀਸੀ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਉਣੀ-2026 ਦੌਰਾਨ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
Publish Date: Mon, 14 Sep 2026 05:56 PM (IST)
Updated Date: Mon, 14 Sep 2026 05:59 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਉਣੀ-2026 ਦੌਰਾਨ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਤੋਂ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰਚਾਰ ਵੈਨਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ, ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਖੇਤੀਬਾੜੀ ਲਈ ਲਾਹੇਵੰਦ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਸਾਂਝੇ ਉਪਰਾਲਿਆਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਭਾਰੀ ਕਮੀ ਆਈ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਸਾਲ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਸੁਚੱਜਾ ਪ੍ਰਬੰਧਨ ਕਰਨਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ‘ਹੀਰੋ ਕਿਸਾਨ’ ਵਜੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੀਆਂ ਸੇਵਾਵਾਂ ਅਤੇ ਉਪਲਬਧ ਮਸ਼ੀਨਰੀ ਦਾ ਲਾਭ ਲੈਣ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਸ੍ਰੀ ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਅਤੇ ਬਲਾਕ ਪੱਧਰ ’ਤੇ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਇਸ ਮੁਹਿੰਮ ਤਹਿਤ ਕਿਸਾਨਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਤਕਨੀਕੀ ਜਾਣਕਾਰੀ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਪਲਵੀ ਮਿਸ਼ਰਾ, ਗੁਰਪ੍ਰੀਤ ਸਿੰਘ, ਵਿਸ਼ਾ ਵਸਤੂ ਮਾਹਿਰ ਹਰਭਿੰਦਰ ਸਿੰਘ, ਖੇਤੀਬਾੜੀ ਅਫ਼ਸਰ ਬਲਾਕ ਮਜੀਠਾ ਸੁਖਚੈਨ ਸਿੰਘ, ਪ੍ਰੋਜੈਕਟ ਡਾਇਰੈਕਟਰ (ਆਤਮਾ) ਸੁਖਮਨਪ੍ਰੀਤ ਕੌਰ, ਖੇਤੀਬਾੜੀ ਵਿਕਾਸ ਅਫ਼ਸਰ ਅਤੇ ਡਿਪਟੀ ਪੀਡੀ (ਆਤਮਾ) ਹਰਣੇਕ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।