ਰਾਸ਼ਨ ਕਾਰਡਾਂ ਸਬੰਧੀ DC ਵਲੋਂ ਹੋ ਗਿਆ ਐਲਾਨ, ਮੈਂਬਰਾਂ ਦੇ ਨਾਂ ਚੜ੍ਹਾਉਣ ਤੇ ਨਵੇਂ ਕਾਰਡ ਬਣਾਉਣ ਲਈ 11 ਤਾਰੀਖ਼ ਤੱਕ ਜਮ੍ਹਾਂ ਹੋਣਗੀਆਂ ਅਰਜ਼ੀਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਅਤੇ ਸੂਬਾ ਸਰਕਾਰ ਵੱਲੋਂ ਲਏ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਕਿਊਰਿਟੀ ਐਕਟ, 2013 ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਿਲ ਕਰਨ ਲਈ 22 ਜੁਲਾਈ ਤੋਂ 11 ਅਗਸਤ ਤਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲ ਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ ਨੂੰ ਇਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਆਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਿਲ ਕੀਤਾ ਜਾਵੇ।
Publish Date: Thu, 23 Jul 2026 01:53 PM (IST)
Updated Date: Thu, 23 Jul 2026 01:57 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਅਤੇ ਸੂਬਾ ਸਰਕਾਰ ਵੱਲੋਂ ਲਏ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਕਿਊਰਿਟੀ ਐਕਟ, 2013 ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਿਲ ਕਰਨ ਲਈ 22 ਜੁਲਾਈ ਤੋਂ 11 ਅਗਸਤ ਤਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲ ਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ ਨੂੰ ਇਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਆਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਿਲ ਕੀਤਾ ਜਾਵੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਿਲ ਕਰਨ ਲਈ ਫਾਰਮ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿਚ ਵਿਭਾਗੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰ, ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ ਜਾ ਕੇ ਆਨਲਾਈਨ ਜਮ੍ਹਾਂ ਕਰਵਾ ਸਕਦਾ ਹੈ।
ਸੇਵਾ ਕੇਂਦਰ ਜਾਂ ਸੀਐੱਸਸੀ ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ 'ਤੇ ਬਿਨੈਕਾਰ ਨੂੰ ਸੌ ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ ਆਪਣੀ ਅਰਜ਼ੀ ਖ਼ੁਦ ਵੀ ਸਿੱਧੇ ਤੌਰ 'ਤੇ ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ। ਇਸ ਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ ਸਮੇਤ ਦਸਤਾਵੇਜ਼ ਅਤੇ ਸੌਂ ਰੁਪਏ ਪ੍ਰਤੀ ਫਾਰਮ ਫੀਸ ਦਫ਼ਤਰ ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ, ਵਿਖੇ ਵੀ ਜਮ੍ਹਾਂ ਕਰਵਾ ਸਕਦਾ ਹੈ। ਫਾਰਮ ਸਫਲਤਾਪੂਰਵਕ ਆਨਲਾਈਨ ਜਮ੍ਹਾਂ ਹੋਣ 'ਤੇ ਬਿਨੈਕਾਰ ਨੂੰ ਉਸ ਦੇ ਮੋਬਾਈਲ ਨੰਬਰ 'ਤੇ ਫਾਰਮ ਪ੍ਰਾਪਤੀ ਦਾ ਮੈਸੇਜ ਸਮੇਤ ਰਸੀਦ ਨੰਬਰ ਪ੍ਰਾਪਤ ਹੋਵੇਗਾ।
ਉਨ੍ਹਾਂ ਕਿਹਾ ਕਿ ਅਰਜ਼ੀਆਂ 22 ਜੁਲਾਈ ਤੋਂ 11 ਅਗਸਤ ਦੌਰਾਨ ਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਦੌਰਾਨ ਸਵੇਰੇ 9 ਤੋਂ ਸ਼ਾਮ 5 ਵਜੇ ਤਕ ਆਨਲਾਈਨ ਵਿਧੀ ਰਾਹੀਂ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ 'ਤੇ ਜਾਂ ਆਫਲਾਈਨ ਵਿਧੀ ਰਾਹੀਂ ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਵਿਖੇ ਫਾਰਮ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਜ਼ਿਲ੍ਹਾ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਜਾਂ ਨਜ਼ਦੀਕੀ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ।