ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ
ਬਰਸਾਤੀ ਮੌਸਮ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕੀਤੀਆਂ
Publish Date: Tue, 19 May 2026 05:17 PM (IST)
Updated Date: Wed, 20 May 2026 04:04 AM (IST)

ਡਿਪਟੀ ਕਮਿਸ਼ਨਰ ਨੇ ਹੜ੍ਹ ਸੁਰੱਖਿਆ ਪ੍ਰਬੰਧਾਂ ਲਈ ਪ੍ਰਸ਼ਾਸਨਿਕ ਤੇ ਬੀਐੱਸਐੱਫ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅਗਾਮੀ ਬਰਸਾਤੀ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ੱਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸੰਭਾਵੀ ਹੜ੍ਹ ਸੁਰੱਖਿਆ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਬੀਐਸਐਫ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਹੁਣ ਤੋਂ ਯੋਗ ਪ੍ਰਬੰਧ ਕੀਤੇ ਜਾਣ ਅਤੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਹੀ ਸਮਾਨ ਦੀ ਖਰੀਦੋ-ਫਰੋਖਤ ਕਰ ਲਈ ਜਾਵੇ, ਤਾਂ ਜੋ ਲੋੜ ਪੈਣ ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਜਾਣ ਅਤੇ ਫਲੱਡ ਕੰਟਰੋਲ ਰੂਮ ਵਿਚ ਯੋਗ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ। ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ ਪ੍ਰਭਾਵਿਤ ਖੇਤਰਾਂ ਵਿਚ ਪਹਿਲਾਂ ਤੋ ਹੀ ਪਸ਼ੂਆਂ ਦੀ ਵੈਕਸੀਨ ਕਰਵਾ ਲਈ ਜਾਵੇ। ਉਨਾਂ ਪੀਐਸਪੀਸੀਐਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਆਪਣੇ ਸਬ-ਸਟੇਸ਼ਨਾਂ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਪਹਿਲਾਂ ਤੋਂ ਹੀ ਅਗੇਤੇ ਪ੍ਰਬੰਧ ਕਰ ਲਏ ਜਾਣ ਤਾਂ ਜੋ ਹੜ੍ਹਾਂ ਦੌਰਾਨ ਬਿਜਲੀ ਸਪਲਾਈ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਆਪਣੇ ਖੇਤਰਾਂ ਵਿਚ ਪੂਰੀ ਚੌਕਸੀ ਵਰਤਣ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਜਾਨ-ਮਾਲ ਦੀ ਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨ੍ਹਾਂ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਬੀਐਸਐਫ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਦਰਿਆ ਵਿੱਚ ਜਿੱਥੇ ਕਿੱਥੇ ਵੀ ਕੋਈ ਪਾੜ੍ਹ ਜਾਂ ਪਾਣੀ ਦੇ ਬਹਾਵ ਵਿੱਚ ਕੋਈ ਰੁਕਾਵਟ ਆਉਂਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬਚਾਅ ਕਾਰਜਾਂ ਲਈ ਲੋੜੀਂਦੇ ਸਾਧਨ ਅਤੇ ਮਸ਼ੀਨਰੀ ਪਹਿਲਾਂ ਹੀ ਤਿਆਰ ਰੱਖੀ ਜਾਵੇ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਤੇ ਨਿਗਰਾਨੀ ਹੋਰ ਮਜ਼ਬੂਤ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਪ੍ਰਬੰਧਾਂ ਦਾ ਖੁਦ ਮੌਕੇ ਉਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਮਾਲ ਅਫਸਰ ਨਵਕੀਰਤ ਸਿੰਘ ਰੰਧਾਵਾ, ਡਿਪਟੀ ਕਮਾਡੈਂਟ ਬੀਐਸਐਫ ਪੀਕੇ ਦਿਵੇਦੀ, ਡਿਪਟੀ ਕਮਾਂਡੈਂਟ ਬੀਐਸਐਫ ਆਰਐਸ ਗੌਤਮ, ਐਸਡੀਓ ਪੀਡਬਲਯੂਡੀ ਲਖਬੀਰ ਸਿੰਘ, ਡਾ. ਪੁਨੀਤ, ਡਾ. ਕੰਵਲਜੀਤ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ, ਐਸਡੀਓ ਪੀਪੀਸੀਬੀ ਸੁਖਮਨੀ ਸਿੰਘ, ਐਸਡੀਓ ਵਾਟਰ ਸਪਲਾਈ ਰਸ਼ਮਿੰਦਰ ਸਿੰਘ, ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਹਰਜੋਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।