ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮਿ੍ਤਸਰ ਤੋਂ ਅਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ (ਹਰਿਆਣਾ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਤਰਾਵੜੀ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਇਸ ਮੌਕੇ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਮੰਗਪ੍ਰਰੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣੂ ਕਰਵਾਇਆ।

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਨੌਜਵਾਨਾਂ ਨੂੰ ਪ੍ਰਰੇਰਣਾ ਲੈਣੀ ਚਾਹੀਦੀ ਹੈ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰੇ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਦਿੱਤੇ। ਰਸਤੇ ਵਿਚ ਸਮਾਲਕਾ, ਪਾਣੀਪਤ, ਘਰੋਡਾ, ਕਰਨਾਲ, ਸ਼ਾਮਗੜ੍ਹ ਆਦਿ ਵੱਖ-ਵੱਖ ਥਾਵਾਂ 'ਤੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ।

ਸੰਗਤ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਾਏ ਗਏ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਇੰਚਾਰਜ ਕਰਤਾਰ ਸਿੰਘ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਮੰਗਪ੍ਰੀਤ ਸਿੰਘ, ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।