ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਮੁਆਫ਼ੀ ਖ਼ਿਲਾਫ਼ ਗੁਰਦਾਸਪੁਰ ਦੀਆਂ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਇਕ ਮੰਗ ਪੱਤਰ ਦੇ ਕੇ ਮੁਆਫ਼ੀ ਨਾ ਦੇਣ ਦੀ ਮੰਗ ਕੀਤੀ ਹੈ। ਮੰਗ ਪੱਤਰ ਦੇਣ ਲਈ ਕਾਲੇ ਕਪੜੇ ਪਹਿਨ ਕੇ ਅਤੇ ਹੱਥਾਂ ਵਿਚ ਤਖ਼ਤੀਆਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਲੋਕਾਂ ਨੇ ਕਿਹਾ ਕਿ ਲੰਗਾਹ ਦੀ ਗਲਤੀ ਮੁਆਫ਼ੀਯੋਗ ਨਹੀਂ ਹੈ। ਗੁਰਦਾਸਪੁਰ ਤੋ ਆਏ ਵਫਦ ਨੇ ਦਸਿਆ ਕਿ ਲੰਗਾਹ ਦੀਆਂ ਅਸ਼ਲੀਲ ਵੀਡੀਓ ਦੇਖ ਕੇ ਸਿਰ ਸ਼ਰਮ ਨਾਲ ਝੁਕਦਾ ਹੈ। ਵਫ਼ਦ ਦੇ ਆਗੂ ਸਤਬੀਰ ਸਿੰਘ ਨੇ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੇ ਜਾਣਬੁਝ ਕੇ ਗੁਰੂ ਘਰ ਦੀਆਂ ਪਰੰਪਰਾਵਾਂ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਆਫ਼ੀ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਲੰਗਾਹ ਦੀ ਮਦਦ ਕਰ ਰਹੇ ਹਨ। ਜਥੇਦਾਰ ਦੀ ਗ਼ੈਰ ਹਾਜ਼ਰੀ ਵਿਚ ਇਹ ਮੰਗ ਪੱਤਰ ਉਨ੍ਹਾਂ ਦੇ ਨਿਜੀ ਸਹਾਇਕ ਜਸਪਾਲ ਸਿੰਘ ਨੇ ਹਾਸਲ ਕੀਤਾ ਅਤੇ ਕਿਹਾ ਕਿ ਇਹ ਮਾਮਲਾ ਉਹ ਜਥੇਦਾਰ ਦੇ ਧਿਆਨ ਵਿਚ ਲਿਆ ਦੇਣਗੇ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਮੁਆਫ਼ੀ ਦਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆ ਚੁੱਕਾ ਹੈ ਤੇ 21 ਅਕਤੂਬਰ ਨੂੰ ਮੀਟਿੰਗ ਵਿਚ ਵਿਚਾਰ ਕੀਤੀ ਜਾਵੇਗੀ।