ਪੰਜਾਬੀ ਜਾਗਰਣ ਟੀਮ, ਹਰੀਕੇ ਪੱਤਣ/ਸਭਰਾ/ਪੱਟੀ : ਸਤਲੁਜ ਦਰਿਆ ਵਿਚ ਪਾਣੀ ਦੇ ਪੱਧਰ 'ਚ ਲਗਾਤਾਰ ਹੋ ਰਹੇ ਵਾਧੇ ਕਾਰਨ ਨਾਲ ਸਬ-ਡਵੀਜ਼ਨ ਪੱਟੀ ਦੇ ਦਰਿਆ ਕਿਨਾਰੇ ਨਾਲ ਲੱਗਦੇ ਪਿੰਡਾਂ 'ਚ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਐੱਸਐੱਸਪੀ ਧਰੁਵ ਦਹੀਆ ਨੇ ਧੁੱਸੀ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਸਬੰਧਿਤ ਅਧਿਕਾਰੀਆਂ ਵੱਲੋਂ ਕੋਟ ਬੁੱਢਾ, ਝੁੱਗੀਆਂ ਪੀਰ ਬਖਸ਼, ਮੁੱਠਿਆਂਵਾਲਾ, ਜੱਲੋਕੇ, ਸਭਰਾ ਅਤੇ ਕੁੱਤੀਵਾਲ ਆਦਿ ਪਿੰਡਾਂ ਦੌਰਾ ਕਰਦਿਆਂ ਇਥੇ ਨੀਵੇਂ ਥਾਵਾਂ 'ਤੇ ਵੱਸੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਥਾਵਾਂ 'ਤੇ ਆ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ ਲਈ ਰਾਹਤ ਕੈਂਪ ਬਣਾਏ ਗਏ ਹਨ। ਲੋਕਾਂ ਦੀ ਰਾਖੀ ਲਈ ਪੁਲਿਸ ਵਿਭਾਗ ਵੱਲੋਂ ਕਰਮਚਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਪਿੰਡ ਘੜੁੰਮ, ਕੁੱਤੀਵਾਲ ਅਤੇ ਸਭਰਾ ਪਿੰਡਾਂ 'ਚ ਪਾਣੀ ਦਾ ਪੱਧਰ ਵੱਧ ਜਾਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਰੀ ਕਾਰਵਾਈ ਕਰਦੇ ਹੋਏ 70 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੰੁਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਂਦੇ 48 ਘੰਟਿਆਂ ਵਿਚ ਪਾਣੀ ਦੇ ਪੱਧਰ 'ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਸਿਹਤ ਵਿਭਾਗ ਵੱਲੋਂ ਡਾਕਟਰੀ ਸਹਾਇਤਾ ਲਈ 14 ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਪਸ਼ੂ ਪਾਲਣ ਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੂੰ ਵੀ ਪ੍ਰਭਾਵਿਤ ਇਲਾਕਿਆਂ ਵਿਚ ਤਾਇਨਾਤ ਰਹਿਣ ਲਈ ਹੁਕਮ ਜਾਰੀ ਕੀਤੇ ਗਏ ਹਨ।

ਡੀਸੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਉਪਰੰਤ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਜਾਵੇ ਤਾਂ ਜੋ ਸਮੇਂ ਸਿਰ ਸਰਕਾਰ ਨੂੰ ਭੇਜੀ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਰਿਸ਼ੀ,ਐੱਸ.ਡੀਐੱਮ ਪੱਟੀ ਨਵਰਾਜ ਸਿੰਘ ਬਰਾੜ, ਐੱਸਈ ਡਰੇਨੇਜ਼ ਅੰਮਿ੍ਤਸਰ ਮਨਜੀਤ ਸਿੰਘ, ਐਕਸੀਅਨ ਡਰੇਨੇਜ਼ ਮਹੇਸ਼ ਸਿੰਘ, ਸਰਬਜੀਤ ਸਿੰਘ ਥਿੰਦ ਤਹਿਸੀਲਦਾਰ ਪੱਟੀ, ਡਾ. ਗੁਰਪ੍ਰਰੀਤ ਰਾਏ ਐਸਐਮਓ ਘਰਿਆਲਾ, ਸੁਖਵਿੰਦਰ ਸਿੰਘ ਸਿੱਧੂ, ਸਰਦੂਲ ਸਿੰਘ ਸਰਪੰਚ ਸਭਰਾ, ਗੁਰਪ੍ਰਰੀਤ ਸਿੰਘ ਸਭਰਾ ਜ਼ਿਲ੍ਹਾ ਪ੍ਰਰੀਸ਼ਦ ਮੈਂਬਰ, ਸੋਨੂੰ ਸੇਖੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।