ਜਸਪਾਲ ਸਿੰਘ ਜੱਸੀ, ਤਰਨਤਾਰਨ : ਨਾਮਜ਼ਦਗੀਆਂ ਦਾਖਲ ਕਰਨ ਦੇ ਦੂਸਰੇ ਦਿਨ ਮੰਗਲਵਾਰ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਸੱਭਰਵਾਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਸ ਮੌਕੇ ਉਨ੍ਹਾਂ ਦੇ ਵਕੀਲ ਰਾਜ ਕੁਮਾਰ, ਕਵਰਿੰਗ ਉਮੀਦਵਾਰ ਤੇ ਭਰਾ ਹਰਭਿੰਦਰਜੀਤ ਸਿੰਘ ਤੋਂ ਇਲਾਵਾ ਮਾਤਾ ਸਤਵਿੰਦਰ ਕੌਰ ਮੌਜੂਦ ਸਨ। ਹਾਲਾਂਕਿ ਡਿੰਪਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਜਣ ਦਾ ਪ੍ਰਰੋਗਰਾਮ ਸੀ, ਜਿਸ ਦੇ ਮੱਦੇਨਜ਼ਰ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਮੁੱਖ ਮੰਤਰੀ ਨਹੀਂ ਪਹੁੰਚੇ।

ਜਸਬੀਰ ਸਿੰਘ ਡਿੰਪਾ ਤੀਸਰੀ ਵਾਰ ਆਮ ਚੋਣਾਂ ਲੜ ਰਹੇ ਹਨ। ਜਦੋਂਕਿ ਲੋਕ ਸਭਾ ਲਈ ਉਹ ਪਹਿਲੀ ਵਾਰ ਚੋਣ ਲੜ ਰਹੇ ਹਨ। 2002 ਦੀਆਂ ਵਿਧਾਨ ਸਭਾ ਚੋਣਾਂ 'ਚ ਉਹ ਬਿਆਸ ਤੋਂ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਰਹੇ ਜਸਬੀਰ ਸਿੰਘ ਡਿੰਪਾ ਚਾਰ ਸਾਲ ਸੀਵਰੇਜ ਬੋਰਡ ਦੇ ਚੇਅਰਮੈਨ ਵੀ ਰਹੇ ਹਨ। 2012 ਦੀਆਂ ਚੋਣਾਂ ਵਿਚ ਉਨ੍ਹਾਂ ਨੇ ਅੰਮਿ੍ਤਸਰ ਦੇ ਦੱਖਣੀ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜੀ ਸੀ ਅਤੇ ਅਕਾਲੀ ਦਲ ਦੇ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਕੋਲੋਂ ਹਾਰ ਗਏ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਦੂਰ ਰਹੇ ਜਸਬੀਰ ਸਿੰਘ ਡਿੰਪਾ ਨੂੰ ਹੁਣ ਪਾਰਟੀ ਨੇ ਖਡੂਰ ਸਾਹਿਬ ਲੋਕ ਸਭਾ ਤੋਂ ਉਮੀਦਵਾਰ ਬਣਾਇਆ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਲੋਕ ਸੰਤੁਸ਼ਟ ਹਨ ਅਤੇ ਲੋਕ ਉਨ੍ਹਾਂ ਦਾ ਸਾਥ ਜ਼ਰੂਰ ਦੇਣਗੇ।

ਮੁੱਖ ਮੰਤਰੀ ਦੇ ਨਾ ਆਉਣ ਕਾਰਨ ਨਿਰਾਸ਼ ਦਿਖੇ ਕਾਂਗਰਸੀ ਆਗੂ

ਜਸਬੀਰ ਸਿੰਘ ਡਿੰਪਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੇਰੇ 11 ਵਜੇ ਤਰਨਤਾਰਨ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ ਦਾ ਪ੍ਰਰੋਗਰਾਮ ਸੀ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਇਨ੍ਹਾਂ ਸਖਤ ਪ੍ਰਬੰਧਾਂ ਕਰ ਕੇ ਜਿਥੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਮੁੱਖ ਮੰਤਰੀ ਦੇ ਨਾ ਪਹੁੰਚਣ ਕਾਰਨ ਕਾਂਗਰਸੀ ਆਗੂ ਨਿਰਾਸ਼ ਦਿਖਾਈ ਦਿੱਤੇ।