ਪੰਜਾਬ 'ਚ ਨਸ਼ੇ ਦਾ ਕਹਿਰ: ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ, ਪਰਿਵਾਰ 'ਚ ਛਾਇਆ ਮਾਤਮ
ਕਸਬਾ ਖਾਲੜਾ ਨੇੜਲੇ ਪਿੰਡ ਅਮੀਸ਼ਾ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਥੇ ਚਾਰ ਭੈਣਾਂ ਦੇ ਇਕਲੌਤੇ ਨੌਜਵਾਨ ਭਰਾ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਉਰਫ਼ ਵਿੱਕੀ 25 ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਕਾਫ਼ੀ ਸਮੇਂ ਤੋਂ ਹੈਰੋਇਨ ਸਮੇਤ ਹੋਰ ਨਸ਼ਿਆਂ ਦਾ ਆਦੀ ਸੀ।
Publish Date: Wed, 10 Jun 2026 03:00 PM (IST)
Updated Date: Wed, 10 Jun 2026 03:06 PM (IST)
ਸਰਬਜੀਤ ਸਿੰਘ ਛੀਨਾ, ਪੰਜਾਬੀ ਜਾਗਰਣ, ਖਾਲੜਾ - ਕਸਬਾ ਖਾਲੜਾ ਨੇੜਲੇ ਪਿੰਡ ਅਮੀਸ਼ਾ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਥੇ ਚਾਰ ਭੈਣਾਂ ਦੇ ਇਕਲੌਤੇ ਨੌਜਵਾਨ ਭਰਾ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਉਰਫ਼ ਵਿੱਕੀ 25 ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਕਾਫ਼ੀ ਸਮੇਂ ਤੋਂ ਹੈਰੋਇਨ ਸਮੇਤ ਹੋਰ ਨਸ਼ਿਆਂ ਦਾ ਆਦੀ ਸੀ।
ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਉਸ ਨੇ ਆਪਣੇ ਨਸਾਂ ਵਿਚ ਨਸ਼ੇ ਦਾ ਟੀਕਾ ਲਗਾਇਆ, ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਪਰਿਵਾਰ ਵੱਲੋਂ ਤੁਰੰਤ ਉਸਨੂੰ ਇਲਾਜ ਲਈ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਬੀਤੀ ਰਾਤ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸ ਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਸੁਖਵਿੰਦਰ ਸਿੰਘ ਆਪਣੀਆਂ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਉਸ ਨੇ ਭਰੇ ਮਨ ਨਾਲ ਕਿਹਾ ਕਿ ਉਸ ਦੇ ਬੁਢਾਪੇ ਦਾ ਇਕੱਲਾ ਸਹਾਰਾ ਵੀ ਨਸ਼ੇ ਦੀ ਲਤ ਕਾਰਨ ਦੁਨੀਆ ਤੋਂ ਰੁਖ਼ਸਤ ਹੋ ਗਿਆ ਹੈ।
ਉਨ੍ਹਾਂ ਪੰਜਾਬ ਸਰਕਾਰ ਅਤੇ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਕੋਲੋਂ ਅਪੀਲ ਕੀਤੀ ਕਿ ਉਸਦੇ ਜੀਵਨ ਨਿਰਵਾਹ ਲਈ ਸੰਭਵ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਭਿਆਨਕ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਹੋਰ ਕਿਸੇ ਮਾਂ ਦੀ ਗੋਦ ਸੁੰਨੀ ਹੋਣ ਤੋਂ ਬਚ ਸਕੇ।