ਮੈਗਾ ਮਾਪੇ-ਅਧਿਆਪਕ ਮਿਲਣੀ ’ਚ ਈਟੀਓ ਨੇ ਕੀਤੀ ਸ਼ਿਰਕਤ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ।
Publish Date: Fri, 09 Oct 2026 04:34 PM (IST)
Updated Date: Fri, 09 Oct 2026 04:35 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਸਕੂਲ ਆਫ ਅੇਮੀਨੈਂਸ (ਲੜਕੀਆਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਮੰਡੀ ਵਿਖੇ ਕਰਵਾਈਆਂ ਗਈਆਂ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਿਦਆਰਥੀਆਂ ਦੀ ਪੜ੍ਹਾਈ ਅਤੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ ਹੈ। ਜਦੋਂ ਮਾਪੇ ਅਤੇ ਅਧਿਆਪਕ ਆਪਸੀ ਤਾਲਮੇਲ ਨਾਲ ਬੱਚਿਆਂ ਦੀ ਪੜ੍ਹਾਈ, ਹਾਜ਼ਰੀ, ਕਾਰਗੁਜ਼ਾਰੀ ਅਤੇ ਸਿੱਖਣ ਸਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਦੇ ਹਨ ਤਾਂ ਇਸ ਨਾਲ ਬੱਚਿਆਂ ਦੀਆਂ ਸਮਰੱਥਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਵੱਲ ਲਿਜਾਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਸ ਦੀਆਂ ਵਿਅਕਤੀਗਤ ਲੋੜਾਂ ਅਨੁਸਾਰ ਸਹਿਯੋਗ ਦੇਣਾ ਹੈ। ਮਾਪੇ-ਅਧਿਆਪਕ ਮਿਲਣੀ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਦੀ ਪ੍ਰਗਤੀ ਬਾਰੇ ਜਾਣਨ, ਅਧਿਆਪਕਾਂ ਨਾਲ ਵਿਚਾਰ ਸਾਂਝੇ ਕਰਨ ਅਤੇ ਬੱਚਿਆਂ ਦੀ ਬਿਹਤਰੀ ਲਈ ਸਾਂਝੀ ਯੋਜਨਾ ਬਣਾਉਣ ਦਾ ਮੌਕਾ ਮਿਲਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ‘ਹਰ ਦਿਨ, ਇੱਕ ਕਦਮ ਅੱਗੇ’ ਦੇ ਸੰਕਲਪ ਨਾਲ ਕਰਵਾਈ ਜਾ ਰਹੀ ਇਹ ਮੈਗਾ ਮਾਪੇ-ਅਧਿਆਪਕ ਮਿਲਣੀ ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਦੀ ਹੈ। ਇਸ ਨਾਲ ਬੱਚਿਆਂ ਦੀਆਂ ਖੂਬੀਆਂ ਦੀ ਪਛਾਣ ਕਰਨ ਦੇ ਨਾਲ-ਨਾਲ ਉਨ੍ਹਾਂ ਖੇਤਰਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਸਕਦਾ ਹੈ, ਜਿੱਥੇ ਉਨ੍ਹਾਂ ਨੂੰ ਵਾਧੂ ਸਹਾਇਤਾ ਦੀ ਲੋੜ ਹੁੰਦੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ਵਿੱਚ ਸਰਗਰਮ ਭੂਮਿਕਾ ਨਿਭਾਉਣ, ਅਧਿਆਪਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਘਰ ਵਿੱਚ ਵੀ ਪੜ੍ਹਾਈ ਲਈ ਉਤਸ਼ਾਹਜਨਕ ਮਾਹੌਲ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਪਰਿਵਾਰਾਂ ਦੇ ਸਾਂਝੇ ਯਤਨਾਂ ਨਾਲ ਬੱਚਿਆਂ ਦਾ ਆਤਮ-ਵਿਸ਼ਵਾਸ ਵਧੇਗਾ ਅਤੇ ਉਹ ਭਵਿੱਖ ਵਿੱਚ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਦੇ ਯੋਗ ਬਣਨਗੇ।