- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1974 ਦੀ ਸਹਿਮਤੀ ਮੁਤਾਬਕ ਹਰ ਸਾਲ ਚਾਰ ਸਿੱਖ ਜਥੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ, ਪਰ ਪੰਚਮ ਪਾਤਸ਼ਾਹ ਦੀ ਸ਼ਹੀਦੀ ਮੌਕੇ ਆਖ਼ਰੀ ਜਥਾ ਜੂਨ 2012 ’ਚ ਗਿਆ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਾਹੌਰ ਵਿਖੇ ਹੋਈ ਹੈ, ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਹਰ ਸਾਲ ਸਮੁੱਚਾ ਖ਼ਾਲਸਾ ਪੰਥ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਉੱਥੇ ਇਕੱਤਰ ਹੋਵੇ ਤੇ ਗੁਰਮਤਿ ਸਮਾਗਮ ਰਾਹੀਂ ਸ਼ਰਧਾ ਸਤਿਕਾਰ ਭੇਟ ਕਰੇ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਕਾਰਨ 2012 ਤੋਂ 14 ਸਾਲਾਂ ਲੰਬੇ ਸਮੇਂ ਬਾਅਦ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 10 ਜੂਨ ਨੂੰ ਪਾਕਿਸਤਾਨ ਸਿੱਖ ਸ਼ਰਧਾਲੂਆਂ ਦਾ ਜੱਥਾ ਜਾਵੇਗਾ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ 2003 ’ਚ ਦਰਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਤਰੀਕ 16 ਜੂਨ ਹੋਣ ਕਾਰਨ ਹਰ ਸਾਲ ਸ਼ਹੀਦੀ ਦਿਹਾੜਾ 16 ਜੂਨ ਨੂੰ ਮਨਾਇਆ ਜਾਂਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਦੀ ਸੋਧ ਤੋਂ ਬਾਅਦ ਹਰ ਸਾਲ ਤਰੀਕ ਬਦਲ ਜਾਂਦੀ ਹੈ, ਇਸ ਲਈ ਸ਼੍ਰੋਮਣੀ ਕਮੇਟੀ ਦੇ ਕੈਲੰਡਰ ਅਨੁਸਾਰ ਵੀਜ਼ੇ ਦੀਆਂ ਤਰੀਕਾਂ ਨਾ ਮਿਲਣ ਕਾਰਨ ਇਹ ਜਥਾ ਨਹੀਂ ਜਾਂਦਾ ਰਿਹਾ। ਇਸ ਸਾਲ ਸ਼੍ਰੋਮਣੀ ਕਮੇਟੀ ਦੇ ਕੈਲੰਡਰ ਅਨੁਸਾਰ 18 ਜੂਨ ਨੂੰ ਸ਼ਹੀਦੀ ਦਿਹਾੜਾ ਆ ਰਿਹਾ ਹੈ, ਜਦਕਿ 16 ਜੂਨ ਨੂੰ ਪਾਕਿਸਤਾਨ ਕਮੇਟੀ ਵੱਲੋਂ ਇਹ ਦਿਹਾੜਾ ਮਨਾਇਆ ਜਾਵੇਗਾ। ਤਰੀਕਾਂ ਆਸ-ਪਾਸ ਹੋਣ ਕਾਰਨ ਇਹ ਜਥਾ ਲੰਬੇ ਸਮੇਂ ਬਾਅਦ ਪਾਕਿਸਤਾਨ ਯਾਤਰਾ ਲਈ ਜਾ ਰਿਹਾ ਹੈ। ਮੰਗਲਵਾਰ ਨੂੰ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ, ਉਨ੍ਹਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਵੀਜ਼ਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਮੈਂਬਰ ਗੁਰਮੀਤ ਸਿੰਘ ਬੂਹ ਜਾਣਗੇ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 14 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਜਾਣ ਵਾਲੇ ਜਥੇ ਦਾ ਸਵਾਗਤ ਕਰਦਿਆਂ ਭਾਰਤ ਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1974 ਦੀ ਸਹਿਮਤੀ ਮੁਤਾਬਕ ਹਰ ਸਾਲ ਚਾਰ ਸਿੱਖ ਜਥੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ, ਪਰ ਪੰਚਮ ਪਾਤਸ਼ਾਹ ਦੀ ਸ਼ਹੀਦੀ ਮੌਕੇ ਆਖ਼ਰੀ ਜਥਾ ਜੂਨ 2012 ’ਚ ਗਿਆ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਾਹੌਰ ਵਿਖੇ ਹੋਈ ਹੈ, ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਹਰ ਸਾਲ ਸਮੁੱਚਾ ਖ਼ਾਲਸਾ ਪੰਥ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਉੱਥੇ ਇਕੱਤਰ ਹੋਵੇ ਤੇ ਗੁਰਮਤਿ ਸਮਾਗਮ ਰਾਹੀਂ ਸ਼ਰਧਾ ਸਤਿਕਾਰ ਭੇਟ ਕਰੇ। ਜਥੇਦਾਰ ਗੜਗੱਜ ਨੇ ਕਿਹਾ ਕਿ ਪਿਛਲੇ ਸਾਲ ਜਦੋਂ ਉਹ ਨਵੰਬਰ 2025 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਸੀ ਕਿ ਜੋ ਸਿੱਖ ਸ਼ਰਧਾਲੂਆਂ ਦਾ ਇਕ ਜਥਾ ਪੰਚਮ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਿਛਲੇ ਲੰਬੇ ਸਮੇਂ ਤੋਂ ਨਹੀਂ ਗਿਆ ਉਹ ਜਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਸਰਕਾਰਾਂ ਨੂੰ ਚਾਹੀਦਾ ਹੈ ਕਿ ਹੁਣ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨੂੰ ਜਾਂਦਾ ਲਾਂਘਾ, ਜੋ ਪਿਛਲੇ ਇਕ ਸਾਲ ਤੋਂ ਬੰਦ ਪਿਆ ਹੈ, ਖੋਲ੍ਹ ਦੇਣਾ ਚਾਹੀਦਾ ਹੈ। ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡਣ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਗੁਰਮੀਤ ਸਿੰਘ ਮੁਕਤਸਰੀ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਆਦਿ ਮੌਜੂਦ ਸਨ।