ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਅਲੌਕਿਕ ਸਜਾਵਟ, ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ; ਪ੍ਰਬੰਧਕੀ ਤਿਆਰੀਆਂ ਮੁਕੰਮਲ
ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰਿਅਮ ਨਵਾਜ਼ ਸ਼ਰੀਫ ਦੇ ਦਿਸ਼ਾ-ਨਿਰਦੇਸ਼ਾਂ ਤੇ ਕੈਬਨਿਟ ਮੰਤਰੀ ਰਮੇਸ਼ ਸਿੰਘ ਅਰੋੜਾ ਪ੍ਰਧਾਨ ਦੀ ਦੇਖ ਹੇਠ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਅਤੇ ਸ਼ਰਧਾਲੂਆਂ ਦੀ ਆਮਦ ਤੇ ਪ੍ਰਕਾਸ਼ ਪੁਰਬ ਸਮਾਗਮਾ ਨੂੰ ਲੈ ਕੇ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ।
Publish Date: Tue, 24 Nov 2026 08:13 AM (IST)
Updated Date: Tue, 24 Nov 2026 08:17 AM (IST)
ਗੁਰਮੀਤ ਸੰਧੂ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਦੁਨੀਆ ਭਰ ਤੋਂ ਜਥਿਆਂ ਦੇ ਰੂਪ ਵਿਚ ਸੰਗਤਾਂ ਪਹੁੰਚੀਆਂ ਹਨ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੰਗਦਾਰ ਫੁਲਾਂ ਅਤੇ ਲਾਈਟਾਂ ਨਾਲ ਅਲੌਕਿਕ ਸਟਾਵਟ ਕੀਤੀ ਗਈ।
ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰਿਅਮ ਨਵਾਜ਼ ਸ਼ਰੀਫ ਦੇ ਦਿਸ਼ਾ-ਨਿਰਦੇਸ਼ਾਂ ਤੇ ਕੈਬਨਿਟ ਮੰਤਰੀ ਰਮੇਸ਼ ਸਿੰਘ ਅਰੋੜਾ ਪ੍ਰਧਾਨ ਦੀ ਦੇਖ ਹੇਠ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਅਤੇ ਸ਼ਰਧਾਲੂਆਂ ਦੀ ਆਮਦ ਤੇ ਪ੍ਰਕਾਸ਼ ਪੁਰਬ ਸਮਾਗਮਾ ਨੂੰ ਲੈ ਕੇ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ।
ਮੰਗਲਵਾਰ ਨੂੰ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਸਵੇਰੇ 11.30 ਵਜੇ ਵਿਸ਼ੇਸ਼ ਪਾਲਕੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ।
ਨਗਰ ਕੀਰਤਨ ਗੁਰਦੁਆਰਾ ਸ੍ਰੀ ਜਨਮ ਸਥਾਨ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਪੱਟੀ ਸਾਹਿਬ, ਗੁਰਦੁਆਰਾ ਬਾਲ ਲੀਲਾ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਕਿਆਰਾ ਸਾਹਿਬ ਆਦਿ ਤੋਂ ਹੁੰਦਾ ਹੋਇਆ ਵਾਪਸ ਜਨਮ ਸਥਾਨ ’ਤੇ ਪੁੱਜੇਗਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਜਥੇ ਨਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ।