ਵੋਟਾਂ ਕੱਟਣ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ।
Publish Date: Tue, 13 Oct 2026 04:19 PM (IST)
Updated Date: Tue, 13 Oct 2026 04:21 PM (IST)
ਐੱਸਆਈਆਰ ਰੱਦ ਕਰਕੇ ਕੱਟੀਆਂ ਵੋਟਾਂ ਬਹਾਲ ਕਰਨ ਤੇ ਨਿਰਪੱਖ ਚੋਣ ਕਮਿਸ਼ਨ ਦੀ ਸਥਾਪਨਾ ਦੀ ਕੀਤੀ ਮੰਗ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਵੋਟਾਂ ਦੀ ਸੁਧਾਈ ਦੇ ਨਾਂ ’ਤੇ ਵੱਡੀ ਗਿਣਤੀ ਵਿੱਚ ਵੋਟਰਾਂ ਦੇ ਨਾਂ ਵੋਟਰ ਸੂਚੀਆਂ ਵਿੱਚੋਂ ਕੱਟੇ ਜਾਣ ਦੇ ਦੋਸ਼ ਲਾਉਂਦਿਆਂ ਇਸ ਨੂੰ ਦੇਸ਼ ਦੀ ਜਮਹੂਰੀ ਵਿਵਸਥਾ ਲਈ ਗੰਭੀਰ ਖ਼ਤਰਾ ਕਰਾਰ ਦਿੱਤਾ। ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਲੱਖਬੀਰ ਸਿੰਘ ਨਿਜ਼ਾਮਪੁਰ, ਪ੍ਰਧਾਨ ਭੁਪਿੰਦਰ ਸਿੰਘ ਤੀਰਥਪੁਰ ਅਤੇ ਸੇਵਾਮੁਕਤ ਖੇਤੀਬਾੜੀ ਅਫ਼ਸਰ ਕੁਲਦੀਪ ਸਿੰਘ ਫਤਿਹਪੁਰ ਨੇ ਦੋਸ਼ ਲਾਇਆ ਕਿ ਵੋਟਾਂ ਦੀ ਸੁਧਾਈ ਦੇ ਨਾਂ ’ਤੇ ਕਥਿਤ ਤੌਰ ’ਤੇ 13 ਕਰੋੜ ਲੋਕਾਂ ਦੀਆਂ ਵੋਟਾਂ ਕੱਟ ਕੇ ਭਾਜਪਾ ਅਤੇ ਆਰਐੱਸਐੱਸ ਦੇ ਇਸ਼ਾਰਿਆਂ ’ਤੇ ਦੇਸ਼ ਦੀ ਜਮਹੂਰੀਅਤ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਵੋਟ ਦਾ ਅਧਿਕਾਰ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਅਤੇ ਇਸ ਅਧਿਕਾਰ ਤੋਂ ਕਿਸੇ ਵੀ ਵਿਅਕਤੀ ਨੂੰ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਬੁਲਾਰਿਆਂ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਦੇਸ਼ ਵਿੱਚ ਨਿਰਪੱਖ ਚੋਣ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ। ਉਨ੍ਹਾਂ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਦੀ ਪ੍ਰਕਿਰਿਆ ਰੱਦ ਕਰਨ ਅਤੇ ਇਸ ਦੌਰਾਨ ਕੱਟੀਆਂ ਗਈਆਂ ਵੋਟਾਂ ਬਹਾਲ ਕਰਨ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ ਵਿੱਚ ਐੱਸਆਈਆਰ ਤੋਂ ਬਾਅਦ ਚੋਣਾਂ ਕਰਵਾਈਆਂ ਗਈਆਂ ਹਨ, ਉਨ੍ਹਾਂ ਚੋਣਾਂ ਨੂੰ ਵੀ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਬੁਲਾਰਿਆਂ ਨੇ ਦਿੱਲੀ ਵਿਚ ਅੰਦੋਲਨ ਕਰ ਰਹੇ ਵਿਿਦਆਰਥੀਆਂ ਦੀਆਂ ਗ੍ਰਿਫ਼ਤਾਰੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਅੰਦੋਲਨ ਕਰਨਾ ਦੇਸ਼ ਦੇ ਨਾਗਰਿਕਾਂ ਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਲੋਕਾਂ ਦੀਆਂ ਆਵਾਜ਼ਾਂ ਸੁਣਨੀਆਂ ਚਾਹੀਦੀਆਂ ਹਨ, ਨਾ ਕਿ ਅੰਦੋਲਨਾਂ ਨੂੰ ਦਬਾਉਣ ਲਈ ਗੈਰ-ਜਮਹੂਰੀ ਤਰੀਕੇ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅੰਦੋਲਨਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ। ਇਸ ਰੋਸ ਪ੍ਰਦਰਸ਼ਨ ਵਿੱਚ ਤਰਸੇਮ ਸਿੰਘ, ਸਤਨਾਮ ਸਿੰਘ ਨੰਗਲ, ਕਰਨੈਲ ਸਿੰਘ, ਜਰਨੈਲ ਸਿੰਘ, ਸੁਰਿੰਦਰ ਸਿੰਘ ਰਾਜੂ ਨਵਾਂ ਪਿੰਡ, ਰਾਜਬੀਰ ਸਿੰਘ, ਤਰਸੇਮ ਸਿੰਘ ਫਤਿਹਪੁਰ, ਧਰਮਿੰਦਰ ਸਿੰਘ, ਗੁਰਜੀਤ ਸਿੰਘ ਗੋਪੀ ਕਿਲਾ, ਜਸਵਿੰਦਰ ਸਿੰਘ ਨਬੀਪੁਰ, ਮਹਿਲ ਸਿੰਘ ਛਾਪਾ, ਹਰਜੀਤ ਸਿੰਘ, ਅਮਰਜੀਤ ਸਿੰਘ ਨਿਜ਼ਾਮਪੁਰ, ਗੁਰਮੇਜ ਸਿੰਘ, ਮਹਿੰਦਰ ਸਿੰਘ ਮੱਖਣਵਿੰਡੀ, ਭੁਪਿੰਦਰ ਸਿੰਘ ਵਡਾਲਾ ਜੌਹਲ ਅਤੇ ਬਲਵੰਤ ਸਿੰਘ ਤੀਰਥਪੁਰ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।