- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ 22 ਜ਼ਿਲ੍ਹਿਆਂ ਦੀਆਂ 74 ਥਾਵਾਂ ’ਤੇ ਵੀ ਪ੍ਰਦਰਸ਼ਨ ਅਤੇ ਜਨਸੰਪਰਕ ਮੁਹਿੰਮਾਂ ਚਲਾਈਆਂ ਗਈਆਂ। ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਯੂਰੀਆ ਖਾਦ ਦੀ ਭਾਰੀ ਕਿੱਲਤ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਲੈਣ ਦੇ ਨਾਲ-ਨਾਲ ਹੋਰ ਗ਼ੈਰ-ਜ਼ਰੂਰੀ ਚੀਜ਼ਾਂ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ: ਕਿਸਾਨ ਜਥੇਬੰਦੀਆਂ ਨੇ ਖਾਦ ਸੰਕਟ, ਵਧਦੀ ਮਹਿੰਗਾਈ, ਜ਼ਮੀਨ ਐਕਵਾਇਰ ਤੇ ਖੇਤੀ ਨੀਤੀਆਂ ਦੇ ਮੁੱਦੇ 'ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਦੇ ਅਧਿਕਾਰਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਦੇਸ਼ ਭਰ ਵਿਚ ਜਾਗਰੂਕਤਾ ਮੁਹਿੰਮ ਅਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਸੇ ਲੜੀ ਤਹਿਤ ਪੰਜਾਬ ਦੇ 22 ਜ਼ਿਲ੍ਹਿਆਂ ਦੀਆਂ 74 ਥਾਵਾਂ ’ਤੇ ਵੀ ਪ੍ਰਦਰਸ਼ਨ ਤੇ ਜਨਸੰਪਰਕ ਮੁਹਿੰਮਾਂ ਚਲਾਈਆਂ ਗਈਆਂ। ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਪੰਜਾਬ 'ਚ ਯੂਰੀਆ ਖਾਦ ਦੀ ਭਾਰੀ ਕਿੱਲਤ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਲੈਣ ਦੇ ਨਾਲ-ਨਾਲ ਹੋਰ ਗ਼ੈਰ-ਜ਼ਰੂਰੀ ਚੀਜ਼ਾਂ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਕਈ ਥਾਵਾਂ 'ਤੇ ਕਿਸਾਨਾਂ ਕੋਲੋਂ ਵਾਧੂ ਪੈਸੇ ਵਸੂਲੇ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਦੀਆਂ ਆਰਥਿਕ ਮੁਸ਼ਕਲਾਂ ਹੋਰ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀ ਨਾਲ ਜੁੜੇ ਲੋੜੀਂਦੇ ਸਾਧਨਾਂ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦਾ ਸਿੱਧਾ ਅਸਰ ਕਿਸਾਨਾਂ ਦੀ ਆਮਦਨ ’ਤੇ ਪੈ ਰਿਹਾ ਹੈ।
ਕਿਸਾਨ ਆਗੂ ਨੇ ਮਹਿੰਗਾਈ ਦੇ ਮੁੱਦੇ 'ਤੇ ਵੀ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਵਧਦੀ ਮਹਿੰਗਾਈ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਆਗੂ ਚੁੱਪ ਕਿਉਂ ਹਨ।
ਇਕੱਠ ਨੂੰ ਸੰਬੋਧਨ ਕਰਦਿਆਂ ਪੰਧੇਰ ਨੇ ਵੱਖ-ਵੱਖ ਸੂਬਿਆਂ 'ਚ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੇ ਜਾਣ ਦੇ ਮਾਮਲਿਆਂ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਲੋੜੀਂਦੇ ਯਤਨ ਨਹੀਂ ਕੀਤੇ ਜਾ ਰਹੇ। ਇਸ ਦੇ ਨਾਲ ਹੀ ਉਨ੍ਹਾਂ ਭਾਰਤ-ਅਮਰੀਕਾ ਖੇਤੀ ਸਮਝੌਤੇ ਨੂੰ ਲੈ ਕੇ ਵੀ ਗੰਭੀਰ ਖ਼ਦਸ਼ੇ ਪ੍ਰਗਟ ਕੀਤੇ।
ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਅਜਿਹਾ ਸਮਝੌਤਾ ਲਾਗੂ ਹੁੰਦਾ ਹੈ ਤਾਂ ਪੰਜਾਬ ਦੀ ਖੇਤੀ ਵਿਵਸਥਾ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ 'ਤੇ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਖੇਤਰ ਨੂੰ ਅਜਿਹੇ ਸਮਝੌਤਿਆਂ ਤੋਂ ਬਾਹਰ ਰੱਖਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ 'ਚ ਚੱਲ ਰਹੇ ਬੇਰੁਜ਼ਗਾਰਾਂ, ਮੁਲਾਜ਼ਮਾਂ ਅਤੇ ਹੋਰ ਜਥੇਬੰਦੀਆਂ ਦੇ ਅੰਦੋਲਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਦਰਸ਼ਨਕਾਰੀਆਂ 'ਤੇ ਬਲ ਪ੍ਰਯੋਗ ਅਤੇ ਦਬਾਅ ਦੀ ਨੀਤੀ ਬੰਦ ਹੋਣੀ ਚਾਹੀਦੀ ਹੈ। ਸਰਕਾਰ ਨੂੰ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣਾ ਚਾਹੀਦਾ ਹੈ।
ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਸਰਕਾਰਾਂ ਨੂੰ ਖੇਤੀਬਾੜੀ ਅਤੇ ਜਨਹਿਤ ਨਾਲ ਜੁੜੇ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ।