ਪ੍ਰਤਾਪ ਸਿੰਘ, ਤਰਨਤਾਰਨ : ਥਾਣਾ ਸਦਰ ਕਰਨਾਲ (ਹਰਿਆਣਾ) ਵਿਖੇ ਦਰਜ ਐੱਨਡੀਪੀਐੱਸ ਐਕਟ ਦੇ ਕੇਸ 'ਚੋਂ ਬਰੀ ਕਰਵਾਉਣ ਦਾ ਝਾਂਸਾ ਦੇ ਕੇ 21 ਲੱਖ 30 ਹਜ਼ਾਰ ਰੁਪਏ ਠੱਗਣ ਵਾਲੇ ਚਾਰ ਲੋਕਾਂ ਖ਼ਿਲਾਫ਼ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮ ਹਾਲੇ ਫ਼ਰਾਰ ਦੱਸੇ ਜਾ ਰਹੇ ਹਨ। ਥਾਣਾ ਸਦਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਦਲਬੀਰ ਕੌਰ ਪਤਨੀ ਜਸਵੰਤ ਸਿੰਘ ਵਾਸੀ ਰਸੂਲਪੁਰ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਸ ਦੇ ਲੜਕੇ ਖ਼ਿਲਾਫ਼ 31 ਜੁਲਾਈ 2015 ਵਿਚ ਕਰਨਾਲ ਦੇ ਥਾਣਾ ਸਦਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਹੋਇਆ ਸੀ। ਇਸ ਦੌਰਾਨ ਗੁਰਦੇਵ ਸਿੰਘ, ਹਰਪਾਲ ਸਿੰਘ, ਨਰਿੰਦਰ ਕੌਰ ਵਾਸੀ ਗੱਗੋਬੂਹਾ ਅਤੇ ਅਵਤਾਰ ਸਿੰਘ ਵਾਸੀ ਪਿੰਡ ਖੁੱਡਾ ਪਟਿਆਲਾ ਨੇ ਉਸ ਦੇ ਲੜਕੇ ਨੂੰ ਉਕਤ ਕੇਸ ਵਿਚੋਂ ਕਢਵਾਉਣ ਦੀ ਗੱਲ ਕਹੀ ਸੀ, ਜਿਸ ਦੇ ਬਦਲੇ ਉਨ੍ਹਾਂ ਨੇ 21 ਲੱਖ 30 ਹਜ਼ਾਰ ਰੁਪਏ ਲਏ ਪਰ ਨਾ ਤਾਂ ਉਸ ਦੇ ਲੜਕੇ ਨੂੰ ਬਰੀ ਕਰਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਾਂਚ ਰਿਪੋਰਟ ਦੇ ਆਧਾਰ 'ਤੇ ਸੋਮਵਾਰ ਰਾਤ ਨੂੰ ਥਾਣਾ ਸਦਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਜਾਂਚ ਅਧਿਕਾਰੀ ਏਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਜਲਦ ਹੀ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।