ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਸਥਿਤ ਕਾਰੀਡੋਰ ਟਰਮੀਨਲ ਤਕ ਮੁਫ਼ਤ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਰਸਮੀ ਆਰੰਭਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਥਾਨਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਕੀਤੀ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਵੀ ਮੌਜੂਦ ਸਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਇਸ ਤੋਂ ਪਹਿਲਾਂ ਵੀ ਡੇਰਾ ਬਾਬਾ ਨਾਨਕ ਰੇਵਲੇ ਸਟੇਸ਼ਨ ਤੇ ਬੱਸ ਅੱਡੇ ਤੋਂ ਟਰਮੀਨਲ ਤਕ ਮੁਫ਼ਤ ਬੱਸ ਸੇਵਾਵਾਂ ਦੇ ਰਹੀ ਹੈ। ਅੰਮ੍ਰਿਤਸਰ ਤੋਂ ਪਹਿਲੀ ਬੱਸ ਰਵਾਨਾ ਕਰਨ ਸਮੇਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਵਚਨਬੱਧ ਹੈ। ਇਸ ਤਹਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਰਿਹਾਇਸ਼ ਤੇ ਲੰਗਰ ਦੀ ਸਹੂਲਤ ਨਿਰੰਤਰ ਜਾਰੀ ਹੈ। ਹੁਣ ਸੰਗਤ ਦੀ ਮੰਗ ਅਨੁਸਾਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਹ ਬੱਸ ਸਵੇਰੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਨਜ਼ਦੀਕ ਭਾਈ ਗੁਰਦਾਸ ਹਾਲ ਤੋਂ ਰੋਜ਼ਾਨਾ ਚੱਲੇਗੀ ਅਤੇ ਸ਼ਾਮ ਸਮੇਂ ਡੇਰਾ ਬਾਬਾ ਨਾਨਕ ਤੋਂ ਸੰਗਤਾਂ ਨੂੰ ਅੰਮ੍ਰਿਤਸਰ ਤਕ ਵਾਪਸ ਲਿਆਉਣ ਦੀ ਸਹੂਲਤ ਵੀ ਦੇਵੇਗੀ।

Posted By: Seema Anand