ਗਿੱਲ ਵੱਲੋਂ ਅੰਮ੍ਰਿਤਸਰ 'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਖੁਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਮੌਕੇ ਤੇ ਹੀ ਪੁਲਿਸ ਅਧਿਕਾਰੀਆਂ ਨੂੰ
Publish Date: Wed, 29 Apr 2026 04:17 PM (IST)
Updated Date: Wed, 29 Apr 2026 04:19 PM (IST)

ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਬਿਖਰ ਰਹੇ ਪਰਿਵਾਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਖੁਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਮੌਕੇ ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵਲੋਂ 33 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 70 ਹੋਰ ਪ੍ਰਾਪਤ ਹੋਏ ਕੇਸ ਵੀ ਸੁਣੇ। ਚੇਅਰਪਰਸਨ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰੇਗਾ। ਉਨ੍ਹਾਂ ਦੱਸਿਆ ਕਿ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀ ਕਰ ਪਾਉਦੀਆਂ, ਇਸ ਲਈ ਕਮਿਸ਼ਨ ਵਲੋਂ ਜਿਿਲ੍ਹਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਿਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋ਼ਸਿਸ ਕੀਤੀ ਜਾਂਦੀ ਹੈ ਕਿ ਮੌਕੇ ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਹੋ ਸਕੇ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਕਿਹਾ ਕਿ ਕਮਿਸ਼ਨ ਤੇ ਕੋਈ ਸਿਆਸੀ ਦਬਾਅ ਨਹੀਂ ਹੈ ਅਤੇ ਕਮਿਸ਼ਨ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ‘ਤੇ ਕਿਸੇ ਤਰ੍ਹਾਂ ਦਾ ਕੋਈ ਵੀ ਸਿਆਸੀ ਦਖ਼ਲ ਨਹੀਂ ਹੁੰਦਾ। ਉਨਾਂ ਕਿਹਾ ਅੱਜਕਲ ਦੀ ਨੌਜਵਾਨ ਪੀੜ੍ਹੀ ਲਿਵ-ਇਨ-ਰਿਲੇਸ਼ਨਸ਼ਿਪ ਕਰਕੇ ਗਲਤ ਰਾਹ ਤੇ ਪੈ ਰਹੀ ਹੈ, ਜਿਸ ਨੂੰ ਰੋਕਿਆ ਜਾਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਵੀ ਪਰਿਵਾਰ ਤਬਾਹ ਹੋ ਰਹੇ ਹਨ ਅਤੇ ਸਾਡੇ ਸਮਾਜ ਨੂੰ ਸਿਉਂਕ ਵਾਂਗ ਖਾ ਰਹੇ ਹਨ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਲੋਕ ਅਦਾਲਤ ਮੌਕੇ 33 ਦੇ ਕਰੀਬ ਮਾਮਲਿਆਂ ਦੀ ਸੁਣਵਾਈ ਕਰਦਿਆਂ ਬਹੁਤੇ ਕੇਸਾਂ ਵਿਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸ ਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ। ਰਾਜ ਲਾਲੀ ਗਿੱਲ ਨੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਚ ਮਹਿਲਾ ਕਮਿਸ਼ਨ ਬਹੁਤ ਸਖ਼ਤ ਹੈ, ਇਸ ਲਈ ਕਿਸੇ ਵੀ ਆਮ-ਖਾਸ ਵਿਅਕਤੀ ਨੂੰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਮੰਦੀ ਸ਼ਬਦਾਲਵੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਮਿਸ਼ਨ ਉਤੇ ਸਿਆਸੀ ਦਬਾਅ ਬਾਰੇ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਕਮਿਸ਼ਨ ਕਿਸੇ ਨਾਲ ਧੱਕਾ ਨਹੀਂ ਹੋਣ ਦਿੰਦਾ ਅਤੇ ਸਾਰੇ ਮਾਮਲਿਆਂ ਚ ਮੀਡੀਏਸ਼ਨ (ਸਾਲਸੀ) ਦੀ ਭੂਮਿਕਾ ਨਿਭਾਉਂਦੇ ਹੋਏ ਬਿਨ੍ਹਾਂ ਕਿਸੇ ਸਿਆਸੀ ਜਾਂ ਹੋਰ ਦਬਾਅ ਦੇ ਪੀੜਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਆਂ ਦਿਵਾਉਣ ਦੇ ਟੀਚੇ ਨੂੰ ਪੂਰਾ ਕਰ ਰਿਹਾ ਹੈ। ਚੇਅਰਪਰਸਨ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਰਚ 2024 ਚ ਅਹੁਦਾ ਸੰਭਾਲੇ ਜਾਣ ਤੋਂ ਹੁਣ ਤੱਕ ਕਰੀਬ 6000 ਤੋ ਵੱਧ ਮਾਮਲੇ ਸੁਣਵਾਈ ਲਈ ਆਏ, ਜਿਨ੍ਹਾਂ ਚੋਂ 80 ਫ਼ੀਸਦੀ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਜਾਇਦਾਦ ਨਾਲ ਸਬੰਧਤ, ਐਨਆਰਆਈ ਵਿਆਹ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮਾਂ ਦਾ ਵਧਣਾ ਵੀ ਸਾਡੇ ਸਮਾਜ ਲਈ ਚਿੰਤਾਜਨਕ ਹੈ। ਇਸ ਮੌਕੇ ਚੇਅਰਪਰਸਨ ਦੇ ਨਾਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ ਤੂੜ, ਕਮਿਸ਼ਨ ਦੀ ਮੈਂਬਰ ਸੁਖਬੀਰ ਕੌਰ ਤੇ ਇਲਾਵਾ ਲੋਕ ਅਦਾਲਤ ਮੌਕੇ ਉਚ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ। ਕੈਪਸ਼ਨ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ।