ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਖੰਨਾ ਦੇ ਪੁਲਿਸ ਥਾਣੇ 'ਚ ਪੁਲਿਸ ਮੁਲਾਜ਼ਮਾਂ ਵੱਲੋਂ ਅੰਮਿ੍ਤਧਾਰੀ ਗੁਰਸਿੱਖ ਜਗਪਾਲ ਸਿੰਘ, ਉਸ ਦੇ ਪੁੱਤਰ ਅਤੇ ਇਕ ਹੋਰ ਵਿਅਕਤੀ ਨੂੰ ਨੰਗਾ ਕਰ ਕੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਨੂੰ 4 ਮਹੀਨੇ ਬੀਤਣ ਮਗਰੋਂ ਵੀ ਸਬੰਧਤ ਕੋਈ ਕਾਰਵਾਈ ਨਾ ਹੋਣਾ ਮੰਦਭਾਗੀ ਗੱਲ ਹੈ।

ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਕਿ ਇਸ ਮੰਦਭਾਗੀ ਘਟਨਾ ਦੇ ਕਥਿਤ ਦੋਸ਼ੀ ਥਾਣੇਦਾਰ ਬਲਜਿੰਦਰ ਸਿੰਘ ਨੂੰ ਤੁਰੰਤ ਗਿ੍ਫ਼ਤਾਰ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਲੋਕਾਂ ਨਾਲ ਅਣਮਨੁੱਖੀ ਵਿਹਾਰ ਕਰਨਾ ਗਲਤ ਹੈ ਅਤੇ ਅਜਿਹਾ ਕਰਨ ਕਰਕੇ ਖੰਨਾ ਥਾਣੇ ਦੇ ਤਤਕਾਲੀ ਐੱਸਐੱਚਓ ਨੂੰ ਗਿ੍ਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਘਟਨਾ ਵਾਪਰਨ ਸਮੇਂ ਸ਼੍ਰੋਮਣੀ ਕਮੇਟੀ ਨੂੰ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਜ਼ਰੂਰ ਹੋਵੇਗੀ ਪਰ ਹੈਰਾਨੀ ਦੀ ਗੱਲ ਹੈ ਕਿ 4 ਮਹੀਨੇ ਬੀਤਣ ਮਗਰੋਂ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਐੱਸਆਈਟੀ ਦੀ ਰਿਪੋਰਟ ਦੇ ਆਧਾਰ 'ਤੇ ਦਰਜ ਕੇਸ ਵਿਚ ਵੀ ਇਕ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਐੱਸਐੱਚਓ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ।

ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਥਾਣੇਦਾਰ ਸਮੇਤ ਹੋਰਨਾਂ ਮੁਲਜ਼ਮਾਂ ਨੂੰ ਤੁਰੰਤ ਗਿ੍ਫ਼ਤਾਰ ਕਰ ਕੇ ਸਖ਼ਤ ਸਜ਼ਾ ਦਿਵਾਈ ਜਾਵੇ, ਨਹੀਂ ਤਾਂ ਇਸ ਮਾਮਲੇ 'ਤੇ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਦੀ ਭਾਵਨਾ ਹੋਰ ਵੀ ਪ੍ਰਬਲ ਹੋਵੇਗੀ।