ਗੋਲਡਨ ਐਵੀਨਿਊ ’ਚ ਸੀਵਰੇਜ ਬੰਦ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ
ਗੋਲਡਨ ਐਵੀਨਿਊ ’ਚ ਸੀਵਰੇਜ ਬੰਦ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ
Publish Date: Mon, 27 Apr 2026 05:34 PM (IST)
Updated Date: Tue, 28 Apr 2026 04:07 AM (IST)

ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਸੁਰਿੰਦਰ ਸਿੰਘ ਵਿਰਦੀ, ਪੰਜਾਬੀ ਜਾਗਰਣ, ਛੇਹਰਟਾ : ਹਲਕਾ ਪੱਛਮੀ ਵਾਰਡ ਨੰਬਰ 75, ਗੋਲਡਨ ਐਵੀਨਿਊ ਵਿਚ ਸੀਵਰੇਜ ਦੀ ਸਮੱਸਿਆ ਕਾਰਨ ਵਸਨੀਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਗਰ ਨਿਗਮ ਦਫ਼ਤਰਾਂ ਅਤੇ ਸੜਕਾਂ ਤੇ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ, ਸਰਕਾਰ ਦੇ ਕਿਸੇ ਨੁਮਾਇੰਦੇ ਜਾਂ ਸਬੰਧਤ ਵਿਭਾਗ ਵੱਲੋਂ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਬਾਰੇ ਨਗਰ ਨਿਗਮ ਅਧਿਕਾਰੀਆਂ ਦੇ ਦਾਅਵਿਆਂ ਦਾ ਪਰਦਾਫਾਸ਼ ਸੋਮਵਾਰ ਨੂੰ ਉਸ ਸਮੇਂ ਹੋਇਆ, ਜਦੋਂ ਨਿਵਾਸੀਆਂ ਨੇ ਗੁਰੂ ਕੀ ਵਡਾਲੀ ਦੇ ਗੋਲਡਨ ਐਵੀਨਿਊ ਵਿਚ ਸੀਵਰੇਜ ਬੰਦ ਹੋਣ ਨੂੰ ਲੈ ਕੇ ਨਗਰ ਨਿਗਮ ਅਤੇ ਆਪ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ ਵਸਨੀਕ ਮਮਤਾ, ਸੁਖਬੀਰ ਕੌਰ, ਸੰਦੀਪ, ਸੋਨੀਆ, ਜਸਵਿੰਦਰ ਕੌਰ, ਨਵਜੋਤ ਕੌਰ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਰਾਮ ਸਿੰਘ, ਨਿਸ਼ਾਨ ਸਿੰਘ ਅਤੇ ਮਨੀ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸੱਤਾ ਵਿਚ ਆਈ ਹੈ, ਉਦੋਂ ਤੋਂ ਹੀ ਸੀਵਰੇਜ ਬੰਦ ਹੋਣਾ ਇਲਾਕੇ ਵਿੱਚ ਇੱਕ ਵੱਡੀ ਸਮੱਸਿਆ ਬਣਿਆ ਹੋਇਆ ਹੈ। ਉਹ ਵਿਭਾਗ ਨੂੰ ਸ਼ਿਕਾਇਤ ਕਰਦੇ-ਕਰਦੇ ਥੱਕ ਗਏ ਹਨ, ਪਰ ਸਮੱਸਿਆ ਦਾ ਸਥਾਈ ਹੱਲ ਨਹੀਂ ਕੀਤਾ ਹੈ। ਗੋਲਡਨ ਐਵੇਨਿਊ ਦੇ ਵਸਨੀਕ ਪਿਛਲੇ ਚਾਰ ਸਾਲਾਂ ਤੋਂ ਸੀਵਰੇਜ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਿਗਮ ਦੀ ਲਾਪ੍ਰਵਾਹੀ ਕਾਰਨ ਉਨ੍ਹਾਂ ਦੀਆਂ ਗਲੀਆਂ ਪਿਛਲੇ ਛੇ ਮਹੀਨਿਆਂ ਤੋਂ ਸੀਵਰੇਜ ਬੰਦ ਹੋਣ ਕਾਰਨ ਛੱਪੜ ਬਣ ਗਈਆਂ ਹਨ। ਹੁਣ, ਮੌਨਸੂਨ ਨੇੜੇ ਆਉਣ ਨਾਲ ਉਨ੍ਹਾਂ ਨੂੰ ਪਾਣੀ ਭਰਨ ਕਾਰਨ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਫਿਰ ਵੀ ਸਰਕਾਰ ਨੇ ਸਥਿਤੀ ਪ੍ਰਤੀ ਕੋਈ ਚਿੰਤਾ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਸੀਵਰੇਜ ਬੰਦ ਹੋਣ ਕਾਰਨ ਉਨ੍ਹਾਂ ਦੇ ਘਰਾਂ ਦੀਆਂ ਨੀਂਹਾਂ ਡੁੱਬ ਰਹੀਆਂ ਹਨ ਅਤੇ ਬਦਬੂ ਕਾਰਨ ਉਨ੍ਹਾਂ ਲਈ ਆਪਣੇ ਘਰਾਂ ਵਿਚ ਰਹਿਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਬੰਦ ਹੋਣ ਕਾਰਨ ਅਕਸਰ ਉਨ੍ਹਾਂ ਦੀਆਂ ਗਲੀਆਂ ਵਿਚ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਕਾਰਨ ਉਨ੍ਹਾਂ ਦੇ ਬੱਚੇ ਸਕੂਲ ਜਾਂ ਬਾਜ਼ਾਰ ਜਾਣ ਲਈ ਇਸ ਗੰਦੇ ਪਾਣੀ ਵਿੱਚੋਂ ਲੰਘਦੇ ਹਨ, ਜਿਸ ਨਾਲ ਉਨ੍ਹਾਂ ਦੇ ਹੱਥਾਂ ਅਤੇ ਪੈਰਾਂ ਵਿਚ ਐਲਰਜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਬੰਦ ਹੋਣਾ ਹਰ ਕਿਸੇ ਲਈ ਖ਼ਤਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੌਰਾਨ ਵੀ ਕਦੇ ਵੀ ਇੰਨੀ ਵੱਡੀ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਆਈ, ਜਿੰਨੀ ਉਨ੍ਹਾਂ ਨੇ ਆਪ ਸਰਕਾਰ ਦੇ ਚਾਰ ਸਾਲਾਂ ਦੌਰਾਨ ਦੇਖੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਉਨ੍ਹਾਂ ਨੇ ਕਈ ਵਾਰ ਨਗਰ ਨਿਗਮ ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਸਥਾਨਕ ਵਿਧਾਇਕ ਨਾਲ ਸੰਪਰਕ ਕੀਤਾ ਹੈ, ਪਰ ਅੱਜ ਤੱਕ ਉਨ੍ਹਾਂ ਨੂੰ ਭਰੋਸੇ ਤੋਂ ਸਿਵਾਏ ਕੁਝ ਨਹੀਂ ਮਿਿਲਆ। ਇੱਥੋਂ ਤੱਕ ਕਿ ਹਲਕਾ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਵੀ ਇੱਕ ਵਾਰ ਵੀ ਸਥਿਤੀ ਦਾ ਨਿਰੀਖਣ ਕਰਨ ਲਈ ਇਲਾਕੇ ਦਾ ਦੌਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਜੇਈ ਨਗਿੰਦਰ ਪ੍ਰਸਾਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਬਾਕਸ ਲੋਕਾਂ ਦੇ ਟੈਕਸ ਦੇ ਪੈਸੇ ਦੀ ਹੋ ਰਹੀ ਦੁਰਵਰਤੋਂ ਵਾਰਡ ਕੌਂਸਲਰ ਕਸ਼ਮੀਰ ਸਿੰਘ ਨੇ ਕਿਹਾ ਕਿ ਰਾਜਨੀਤਕ ਦਬਾਅ ਕਾਰਨ ਨਗਰ ਨਿਗਮ ਦੇ ਅਧਿਕਾਰੀ ਕਾਂਗਰਸ ਜਾਂ ਵਿਰੋਧੀ ਧਿਰ ਦੀ ਗੱਲ ਨਹੀਂ ਸੁਣ ਰਹੇ ਸਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 75 ਦੇ ਟੈਂਡਰ ਪਾਸ ਹੋਣ ਤੋਂ ਬਾਅਦ ਬਿੱਲ ਵੀ ਪਾਸ ਹੋ ਗਏ ਸਨ ਪਰ ਵਿਕਾਸ ਕਾਰਜ ਜ਼ੀਰੋ ਹਨ, ਜਿਸ ਤੋਂ ਸਪੱਸ਼ਟ ਹੈ ਕਿ ਨਿਗਮ ਵਿੱਚ ਵੱਡੇ ਪੱਧਰ ਤੇ ਧਾਂਦਲੀ ਹੋ ਰਹੀ ਹੈ ਤੇ ਲੋਕਾਂ ਦੇ ਟੈਕਸ ਦੇ ਪੈਸੇ ਦੀ ਦੁਰਵਰਤੋਂ ਹੋ ਰਹੀ ਹੈ। ਇਸ ਸਬੰਧੀ ਜੇਈ ਨਗਿੰਦਰ ਪ੍ਰਸਾਦ ਨੇ ਕਿਹਾ ਕਿ ਗੋਲਡਨ ਐਵੀਨਿਊ ਵਿਚ ਕੁਝ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਆ ਰਹੀ ਸੀ, ਉਨ੍ਹਾਂ ਨੂੰ ਸ਼ਿਕਾਇਤ ਮਿਲਦੇ ਹੀ ਸਟਾਫ਼ ਭੇਜ ਕੇ ਸਮੱਸਿਆ ਦਾ ਹੱਲ ਕਰਵਾ ਦਿੱਤਾ ਗਿਆ ਹੈ।