ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਦਖ਼ਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਕੋਸ਼ਿਸ਼ : ਧਾਮੀ
ਸੀਏ ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਕ ਵਾਰ ਮੁੜ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ’ਚ ਭਗਵੰਤ ਮਾਨ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।
Publish Date: Thu, 01 Jan 2026 07:59 PM (IST)
Updated Date: Thu, 01 Jan 2026 08:02 PM (IST)
ਅੰਮ੍ਰਿਤਸਰ : ਸੀਏ ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਕ ਵਾਰ ਮੁੜ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ’ਚ ਭਗਵੰਤ ਮਾਨ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ’ਚ ਜਾਣਬੁੱਝ ਕੇ ਦਖ਼ਲ ਦਿੱਤਾ ਜਾ ਰਿਹਾ ਹੈ।
ਧਾਮੀ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਤੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ ’ਚ ਇਨਸਾਫ਼ ਦੇਣ ’ਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਵੱਲੋਂ ਚੁਣੀ ਹੋਈ ਸੰਸਥਾ ਹੈ, ਜਿਸਦੀ ਆਜ਼ਾਦ ਹੋਂਦ ਤੇ ਸੰਵਿਧਾਨਕ ਮਰਿਆਦਾ ਨੂੰ ਉਲੰਘ ਕੇ ਮਾਨ ਸਰਕਾਰ ਘੱਟਗਿਣਤੀ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਨੂੰ ਕਿਸੇ ਏਜੰਡੇ ਤਹਿਤ ਕਮਜ਼ੋਰ ਕਰਨ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ ਕਿ ਕੋਈ ਸਰਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਨੂੰ ਜਾਣਬੁੱਝ ਕੇ ਗ਼ਲਤ ਰੰਗ ’ਚ ਪੇਸ਼ ਕਰ ਕੇ ਸਿਆਸਤ ਕਰੇ। ਧਾਮੀ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ 328 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਨਜਿੱਠੇ ਜਾ ਚੁੱਕੇ ਮਾਮਲੇ ’ਚ ਪੰਜਾਬ ਸਰਕਾਰ ਸਿਆਸਤ ਕਰਨ ਤੋਂ ਬਾਜ ਆਵੇ ਤੇ ਇਸ ਸਬੰਧੀ ਸਖ਼ਤ ਸੰਘਰਸ਼ ਲਈ ਮਜ਼ਬੂਰ ਨਾ ਕਰੇ।