ਪਿੰਡ ਬੱਲ ਖੁਰਦ ਵਿਖੇ ਸਰਕਾਰੀ ਮਿਡਲ ਸਕੂਲ ਨੂੰ ਲਗਾਇਆ ਜਿੰਦਰਾ ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ ਗੁਰੂ ਕਾ ਬਾਗ : ਅੰਮ੍ਰਿਤਸਰ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਬੱਲ ਖੁਰਦ ਵਿਖੇ ਉਸ ਸਮੇਂ ਸਥਿਤੀ ਗੰਭੀਰ ਅਤੇ ਤਣਾਅਪੂਰਨ ਬਣ ਗਈ ਜਦੋਂ ਪਿੰਡ ਦੇ ਇੱਕ
Publish Date: Wed, 11 Nov 2026 04:20 PM (IST)
Updated Date: Wed, 11 Nov 2026 04:21 PM (IST)
ਤਣਾਅ; ਅਧਿਆਪਕ ਤੇ ਬੱਚਿਆਂ ਦੇ ਮਾਪਿਆਂ ਨੇ ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਸੜਕ ’ਤੇ ਲਾਇਆ ਧਰਨਾ ਕੁਲਦੀਪ ਸੰਤੂਨੰਗਲ, ਪੰਜਾਬੀ ਜਾਗਰਣ ਗੁਰੂ ਕਾ ਬਾਗ : ਅੰਮ੍ਰਿਤਸਰ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਬੱਲ ਖੁਰਦ ਵਿਖੇ ਉਸ ਸਮੇਂ ਸਥਿਤੀ ਗੰਭੀਰ ਅਤੇ ਤਣਾਅਪੂਰਨ ਬਣ ਗਈ ਜਦੋਂ ਪਿੰਡ ਦੇ ਇੱਕ ਵਿਅਕਤੀ ਵੱਲੋਂ ਸਰਕਾਰੀ ਮਿਡਲ ਸਕੂਲ ਦੇ ਮੁੱਖ ਗੇਟ ਨੂੰ ਵੱਡਾ ਸੰਗਲ ਅਤੇ ਜਿੰਦਰਾ ਮਾਰ ਕੇ ਜਬਰੀ ਬੰਦ ਕਰ ਦਿੱਤਾ ਗਿਆ। ਇਸ ਮਨਮਾਨੀ ਕਾਰਵਾਈ ਦੇ ਵਿਰੋਧ ਵਜੋਂ ਸਕੂਲ ਦੇ ਇੰਚਾਰਜ ਅਤੇ ਅਧਿਆਪਕਾਂ ਨੇ ਤੇ ਬੱਚਿਆਂ ਦੇ ਮਾਪਿਆਂ ਨੇ ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਮੁੱਖ ਸੜਕ ’ਤੇ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਜਾਮ ਕਰ ਦਿੱਤੀ, ਜਿਸ ਨਾਲ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਸਕੂਲ ਦੇ ਇੰਚਾਰਜ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅੰਮ੍ਰਿਤਸਰ ਨੂੰ ਲਿਖੇ ਗਏ ਪੱਤਰ ਅਨੁਸਾਰ, ਪਿੰਡ ਦੇ ਵਸਨੀਕ ਹਰਭਜਨ ਸਿੰਘ ਵੱਲੋਂ ਪਿਛਲੇ 3-4 ਦਿਨਾਂ ਤੋਂ ਸਕੂਲ ਦੇ ਬਾਹਰ ਤਾਲੇ ਲਗਾਏ ਜਾ ਰਹੇ ਹਨ, ਜਿਸ ਕਾਰਨ ਅਧਿਆਪਕਾਂ ਅਤੇ ਵਿਿਦਆਰਥੀਆਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਇਸ ਸੰਬੰਧੀ ਪੰਚਾਇਤ ਸਮੇਤ ਪਿੰਡ ਦੇ ਮੋਹਤਬਰਾਂ ਨੂੰ ਵੀ ਸੂਚਿਤ ਕੀਤਾ ਗਿਆ ਸੀ, ਪਰ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਕੁਝ ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਹੈ, ਪਰ ਇਸ ਕਾਰਨ ਸਕੂਲ ਦੇ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਪਿੰਡ ਵਾਸੀਆਂ ਦੇ ਹਸਤਾਖ਼ਰਾਂ ਸਮੇਤ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਇਸ ਵਿਅਕਤੀ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ ਤਾਂ ਜੋ ਸਕੂਲ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਸਕੇ। ਪਿੰਡ ਦੇ ਕੁਝ ਵਿਅਕਤੀਆਂ ਨੇ ਦੱਸਿਆ ਕਿ ਪੁਲਿਸ ਨੂੰ ਬਾਰ-ਬਾਰ ਫੋਨ ਕਰਨ ਤੇ ਵੀ ਪੁਲਿਸ ਨੇ ਮੌਕੇ ਤੇ ਆਉਣਾ ਮੁਨਾਸਬ ਨਹੀਂ ਸਮਝਿਆ। ਦੂਜੇ ਪਾਸੇ, ਜਦੋਂ ਸਕੂਲ ਦੇ ਗੇਟ ਨੂੰ ਸੰਗਲ ਅਤੇ ਜਿੰਦਰਾ ਲਾਉਣ ਵਾਲੇ ਵਿਅਕਤੀ ਹਰਭਜਨ ਸਿੰਘ ਨਾਲ ਗੱਲ ਕਰਕੇ ਇਸ ਕਾਰਵਾਈ ਦਾ ਕਾਰਨ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਕੋਈ ਵੀ ਵਜ੍ਹਾ ਦੱਸਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਧਿਆਪਕਾਂ ਅਤੇ ਪਿੰਡ ਵਾਸੀਆਂ ਨੇ ਸਿੱਖਿਆ ਵਿਭਾਗ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿ ਸਕੇ। ਇਸ ਮਾਮਲੇ ਸਬੰਧੀ ਜਦ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨਾਲ ਫੋਨ ਤੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਬੰਦਾ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੈ ਕਬਜ਼ੇ ਕਰਨ ਵਾਲੀ ਕੋਈ ਵੀ ਨੀਅਤ ਨਹੀਂ ਹੁਣ ਅਸੀਂ ਇਸ ਨੂੰ ਮੈਂਟਲ ਹਸਪਤਾਲ ਦਾਖਲ ਕਰਵਾ ਦਿੱਤਾ ਹੈ।