ਜਸਪਾਲ ਸਿੰਘ ਜੱਸੀ, ਤਰਨਤਾਰਨ : ਪਿੰਡ ਸ਼ੇਰੋਂ 'ਚ ਪੁਰਾਣੀ ਖੰਡ ਮਿੱਲ ਵਾਲੀ ਜ਼ਮੀਨ 'ਤੇ ਮੈਗਾ ਫੂਡ ਪਾਰਕ ਵਿਕਸਿਤ ਕਰਨ ਅਤੇ ਹੋਰ ਉਦਯੋਗ ਸਥਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਢਲੀ ਸਟੇਜ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਖੇਤਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਰਤ ਭੂਸ਼ਣ ਆਸ਼ੂ ਨੇ ਕੀਤਾ। ਉਹ ਵੀਰਵਾਰ ਨੂੰ ਤਰਨਤਾਰਨ ਦੇ ਵਿਸ਼ੇਸ਼ ਦੌਰੇ 'ਤੇ ਸਨ।

ਕੈਬਨਿਟ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਖੇਤਰ ਦੇ ਲੋਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਰਹੱਦੀ ਜ਼ਿਲ੍ਹਿਆਂ ਵਿਚ ਨਵੇਂ ਉਦਯੋਗ ਵਿਕਸਿਤ ਕਰਨ ਲਈ ਯਤਨਸ਼ੀਲ ਹੈ। ਇਸੇ ਸਬੰਧੀ ਉਨ੍ਹਾਂ ਨੇ ਤਰਨਤਾਰਨ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਘੱਟ ਵਿੱਤੀ ਵਸੀਲੇ ਹੋਣ ਦੇ ਬਾਵਜੂਦ ਵੀ ਪਿਛਲੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਰਾਜ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਨੇਕਾਂ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੇ ਪੰਜ ਸਾਲਾਂ ਕਾਰਜਕਾਲ 'ਚ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਇਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਨਾਲ ਸਬੰਧਤ ਗਤੀਵਿਧੀਆਂ ਅਤੇ ਗੁਦਾਮਾਂ ਦਾ ਵੀ ਨਿਰੀਖਣ ਕੀਤਾ।

ਇਸ ਮੌਕੇ ਤਰਨਤਾਰਨ ਦੇ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੋਂ ਇਲਾਵਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਅਨੰਦਿਤਾ ਮਿੱਤਰਾ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਐਸਐਸਪੀ ਧਰੁਵ ਦਹੀਆ, ਏਡੀਸੀ ਜਨਰਲ ਸੰਦੀਪ ਰਿਸ਼ੀ, ਐਸਡੀਐਮ ਤਰਨਤਾਰਨ ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਾਂਗਰਸੀ ਆਗੂ ਵੀ ਹਾਜ਼ਰ ਸਨ।

ਖੁੱਲ੍ਹੇ ਅਸਮਾਨ ਥੱਲ੍ਹੇ ਪਈ ਕਣਕ ਚੁੱਕਣ ਲਈ ਲਿਖਿਆ ਕੇਂਦਰ ਨੂੰ

ਕੈਬਨਿਟ ਮੰਤਰੀ ਨੇ ਰੈਸਟ ਹਾਊਸ ਵਿਖੇ ਪੰਜਾਬ 'ਚ ਖੁੱਲ੍ਹੇ ਗੋਦਾਮਾਂ ਵਿਚ ਪਏ ਅਨਾਜ ਸਬੰਧੀ ਪੱਤਰਕਾਰਾਂ ਨੂੰ ਸਵਾਲ ਦੇ ਜਵਾਬ 'ਚ ਕਿਹਾ ਕਿ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਵੱਲੋਂ ਖੁੱਲ੍ਹੇ ਗੋਦਾਮਾਂ 'ਚੋਂ ਅਨਾਜ ਨਹੀਂ ਚੁੱਕਿਆ ਜਾ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਵੀ ਕੇਂਦਰ ਸਰਕਾਰ ਨੂੰ ਲਿਖਿਆ ਹੈ। ਉਮੀਦ ਹੈ ਕਿ ਜਲਦ ਹੀ ਖੁੱਲ੍ਹੇ ਗੋਦਾਮਾਂ ਵਿਚ ਪਏ ਅਨਾਜ ਨੂੰ ਚੁੱਕ ਲਿਆ ਜਾਵੇਗਾ।