ਸੰਸਦ ਮੈਂਬਰ ਗੁਰਜੀਤ ਔਜਲਾ ਦੇ ਰਿਸ਼ਤੇਦਾਰ ਦੇ ਘਰ ਗ੍ਰਨੇਡ ਹਮਲਾ, ਸਰਕਾਰ ਦੀ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੀੜਤ ਪਰਿਵਾਰ ਉਨ੍ਹਾਂ ਦੇ ਰਿਸ਼ਤੇਦਾਰਾਂ ’ਚੋਂ ਹੈ ਅਤੇ ਇਹ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨਾਲ ਉਨ੍ਹਾਂ ਦੇ ਨਿੱਜੀ ਅਤੇ ਪਰਿਵਾਰਕ ਸਬੰਧ ਵੀ ਹਨ, ਇਸ ਲਈ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ।
Publish Date: Fri, 21 Aug 2026 12:51 PM (IST)
Updated Date: Fri, 21 Aug 2026 12:55 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਰਮਦਾਸ ਤਹਿਸੀਲ ਦੇ ਪਿੰਡ ਜੱਟਾ ਪਸ਼ੀਆਂ ’ਚ ਬੀਤੀ ਰਾਤ ਇੱਕ ਪਰਿਵਾਰ ਦੇ ਘਰ ’ਤੇ ਦੋ ਗ੍ਰਨੇਡ ਸੁੱਟ ਕੇ ਕੀਤੇ ਗਏ ਹਮਲੇ ਦੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਖ਼ਤ ਨਿੰਦਾ ਕੀਤੀ ਹੈ। ਹਮਲੇ ’ਚ ਪਰਿਵਾਰ ਦੇ ਮੈਂਬਰ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਸੀ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੀੜਤ ਪਰਿਵਾਰ ਉਨ੍ਹਾਂ ਦੇ ਰਿਸ਼ਤੇਦਾਰਾਂ ’ਚੋਂ ਹੈ ਅਤੇ ਇਹ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨਾਲ ਉਨ੍ਹਾਂ ਦੇ ਨਿੱਜੀ ਅਤੇ ਪਰਿਵਾਰਕ ਸਬੰਧ ਵੀ ਹਨ, ਇਸ ਲਈ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ।
ਔਜਲਾ ਨੇ ਕਿਹਾ ਕਿ ਇਸ ਘਟਨਾ ਨੂੰ ਸਿਰਫ਼ ਇੱਕ ਪਰਿਵਾਰ ’ਤੇ ਹੋਇਆ ਹਮਲਾ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਹ ਸਰਹੱਦੀ ਇਲਾਕਿਆਂ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਗੈਂਗਸਟਰਵਾਦ ਦੀ ਗੰਭੀਰ ਸਥਿਤੀ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਲੋਕ ਪਹਿਲਾਂ ਹੀ ਪਾਕਿਸਤਾਨ ਵੱਲੋਂ ਪੈਦਾ ਹੋਣ ਵਾਲੀਆਂ ਚੁਣੌਤੀਆਂ, ਹੜ੍ਹਾਂ ਅਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਗੈਂਗਸਟਰਵਾਦ ਤੇ ਫਿਰੌਤੀਖੋਰੀ ਨੇ ਲੋਕਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ।
ਔਜਲਾ ਨੇ ਹਲਕੇ ਦੇ ਵਿਧਾਇਕ ਤੋਂ ਸਵਾਲ ਕਰਦਿਆਂ ਕਿਹਾ ਕਿ ਕੀ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਇਸ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ? ਕੀ ਸਰਕਾਰ ਨੂੰ ਪਤਾ ਹੈ ਕਿ ਚੋਣਾਂ ਦੌਰਾਨ ਅਪਰਾਧਿਕ ਤੱਤਾਂ ਵੱਲੋਂ ਲੋਕਤੰਤਰਿਕ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ?
ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੀ ਮਰਜ਼ੀ ਨਾਲ ਵੋਟ ਪਾਉਣ ਅਤੇ ਆਪਣੀ ਪਸੰਦ ਦੇ ਉਮੀਦਵਾਰ ਦਾ ਸਮਰਥਨ ਕਰਨ ਦਾ ਪੂਰਾ ਅਧਿਕਾਰ ਹੈ। ਜੇ ਕਿਸੇ ਪਰਿਵਾਰ ਨੂੰ ਇਸ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰਨ ਕਰਕੇ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਬਾਅਦ ਵਿੱਚ ਉਸੇ ਪਰਿਵਾਰ ਦੇ ਘਰ ’ਤੇ ਗ੍ਰਨੇਡ ਹਮਲਾ ਹੁੰਦਾ ਹੈ ਤਾਂ ਇਹ ਬੇਹੱਦ ਗੰਭੀਰ ਮਾਮਲਾ ਹੈ।
ਸੰਸਦ ਮੈਂਬਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਸਰਹੱਦੀ ਇਲਾਕਿਆਂ ਦੀ ਜ਼ਮੀਨੀ ਹਕੀਕਤ ਨੂੰ ਸਮਝਣ ਅਤੇ ਗੈਂਗਸਟਰਵਾਦ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਨਾਂ ’ਚ ਡਰ ਅਤੇ ਗੁੱਸਾ ਵਧ ਰਿਹਾ ਹੈ ਅਤੇ ਸਰਕਾਰ ਨੂੰ ਸਿਰਫ਼ ਬਿਆਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕਾਰਵਾਈ ਕਰਨੀ ਚਾਹੀਦੀ ਹੈ।
ਔਜਲਾ ਨੇ ਮੰਗ ਕੀਤੀ ਕਿ ਹਮਲੇ ’ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਜੇਕਰ ਕਿਸੇ ਸਥਾਨਕ ਵਿਅਕਤੀ ਦੀ ਇਸ ਮਾਮਲੇ ਵਿੱਚ ਕੋਈ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਵੀ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਡਰ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਹਰ ਨਾਗਰਿਕ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।