ਹਰਜਿੰਦਰ ਧਾਮੀ ਬਣੇ ਲਗਾਤਾਰ ਛੇਵੀਂ ਵਾਰ SGPC ਪ੍ਰਧਾਨ, ਜਾਣੋ 1996 'ਚ ਮੈਂਬਰ ਬਣਨ ਤੋਂ ਲੈ ਕੇ ਸਿੱਖ ਸੰਸਥਾ ਦੇ ਸਿਖਰ ਤੱਕ ਪਹੁੰਚਣ ਦਾ ਸਫ਼ਰ
ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ। ਐਡਵੋਕੇਟ ਧਾਮੀ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਇਤਿਹਾਸ ਦੀਆਂ ਕਈ ਸ਼ਤਾਬਦੀਆਂ ਵੀ ਮਨਾਉਣ ਦਾ ਵੀ ਮੌਕਾ ਮਿਲਿਆ। ਉਨ੍ਹਾਂ ਨੇ ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਨਿਭਾਉਂਦਿਆਂ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿੱਤੀ ਮਜਬੂਤੀ ਲਈ ਵਿਸ਼ੇਸ਼ ਤਵੱਜੋਂ ਦਿੱਤੀ।
Publish Date: Fri, 20 Nov 2026 12:52 PM (IST)
Updated Date: Fri, 20 Nov 2026 01:01 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ’ਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐੱਲ.ਐੱਲ.ਬੀ. ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ’ਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ।
ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ। ਐਡਵੋਕੇਟ ਧਾਮੀ 2019 ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾ ਨਿਭਾਈ। ਉਸ ਮਗਰੋਂ ਨਵੰਬਰ 2021 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ।
ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ। ਐਡਵੋਕੇਟ ਧਾਮੀ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਇਤਿਹਾਸ ਦੀਆਂ ਕਈ ਸ਼ਤਾਬਦੀਆਂ ਵੀ ਮਨਾਉਣ ਦਾ ਵੀ ਮੌਕਾ ਮਿਲਿਆ। ਉਨ੍ਹਾਂ ਨੇ ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਨਿਭਾਉਂਦਿਆਂ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿੱਤੀ ਮਜਬੂਤੀ ਲਈ ਵਿਸ਼ੇਸ਼ ਤਵੱਜੋਂ ਦਿੱਤੀ।
ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਉੱਚ ਪ੍ਰਸ਼ਾਸ਼ਕੀ ਸੇਵਾਵਾਂ ਲਈ ਉਤਸ਼ਾਹਿਤ ਅਤੇ ਤਿਆਰ ਕਰਨ ਵੱਲ ਉਨ੍ਹਾਂ ਨੇ ਖਾਸ ਧਿਆਨ ਦਿੱਤਾ, ਜਿਸ ਸਦਕਾ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਹੋਂਦ ’ਚ ਆਈ। ਇਹ ਯੋਗ ਵਿਦਿਆਰਥੀ ਨੂੰ ਮੁਫਤ ’ਚ ਤਿਆਰੀ ਕਰਵਾਉਣ ਦਾ ਕਾਰਜ ਕਰ ਰਹੀ ਹੈ। ਐਡਵੋਕੇਟ ਧਾਮੀ ਦੀ ਇਹ ਵੀ ਖਾਸੀਅਤ ਹੈ ਕਿ ਉਹ ਸਿੱਖ ਜਥੇਬੰਦੀਆਂ ਨਾਲ ਹਮੇਸ਼ਾ ਤਾਲਮੇਲ ਵਿਚ ਰਹਿੰਦੇ ਹਨ, ਜਿਸ ਸਦਕਾ ਉਨ੍ਹਾਂ ਨੂੰ ਸਾਰੀਆਂ ਹੀ ਪੰਥਕ ਜਥੇਬੰਦੀਆਂ ਤੇ ਸੰਸਥਾਵਾਂ ਭਰਵਾਂ ਸਹਿਯੋਗ ਦਿੰਦੀਆਂ ਹਨ।