ਹਰਜਿੰਦਰ ਧਾਮੀ ਦਾ ਵੱਡਾ ਬਿਆਨ: ਬਿੱਲ ਪਾਸ ਹੋਣ ਨਾਲ ਮਸਲੇ ਹੱਲ ਨਹੀਂ ਹੁੰਦੇ, ਲਾਗੂ ਹੋਣਾ ਜ਼ਰੂਰੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਲਿਆਂਦੇ ਗਏ ਬਿੱਲ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਸ ਗੰਭੀਰ ਮਾਮਲੇ ’ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਪਰ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ।
Publish Date: Tue, 14 Apr 2026 08:15 AM (IST)
Updated Date: Tue, 14 Apr 2026 08:19 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਲਿਆਂਦੇ ਗਏ ਬਿੱਲ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਸ ਗੰਭੀਰ ਮਾਮਲੇ ’ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਪਰ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ।
ਉਨ੍ਹਾਂ ਆਖਿਆ ਕਿ ਵਿਧਾਨ ਸਭਾ ਵੱਲੋਂ ਇਸ ਸਬੰਧੀ ਬਿੱਲ ਪਾਸ ਕਰਨਾ ਸਕਾਰਾਤਮਕ ਕਦਮ ਜ਼ਰੂਰ ਹੈ, ਪਰ ਸਿਰਫ਼ ਬਿੱਲ ਪਾਸ ਕਰ ਦੇਣਾ ਹੀ ਕਾਫ਼ੀ ਨਹੀਂ। ਅਸਲ ਸਵਾਲ ਤਾਂ ਇਸ ਨੂੰ ਲਾਗੂ ਕਰਵਾਉਂਣ ਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਕਿਸੇ ਵੀ ਕੌਮੀ ਮਾਮਲੇ ’ਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਹੋਣੀ ਚਾਹੀਦੀ ਹੈ ਨਾ ਕਿ ਰਾਜਨੀਤੀ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਨ ਦੀ ਪ੍ਰਕਿਰਿਆ ਤਾਂ ਪਹਿਲੀਆਂ ਸਰਕਾਰਾਂ ਸਮੇਂ ਵੀ ਦੋ ਵਾਰ ਪੂਰੀ ਹੋ ਚੁੱਕੀ ਹੈ।
ਜ਼ਰੂਰੀ ਗੱਲ ਇਹ ਹੈ ਕਿ ਇਸ ਨੂੰ ਲੋੜੀਂਦੀ ਪ੍ਰਵਾਨਗੀ ਮਿਲੇ ਤਾਂ ਜੋ ਇਹ ਲਾਗੂ ਹੋ ਸਕੇ। ਧਾਮੀ ਨੇ ਇਹ ਵੀ ਕਿਹਾ ਕਿ ਸਰਕਾਰ ਸ਼ੋਸ਼ਲ ਮੀਡੀਆ ’ਤੇ ਏਆਈ ਤਕਨੀਕ ਨਾਲ ਸਿੱਖ ਭਾਵਨਾਵਾਂ ਨਾਲ ਹੁੰਦੇ ਖਿਲਵਾੜ ਤੇ ਪਾਵਨ ਗੁਰਬਾਣੀ ਤੇ ਗੁਰਧਾਮਾਂ ਦੀ ਬੇਅਦਬੀ ਦੇ ਰੁਝਾਨ ਪ੍ਰਤੀ ਵੀ ਸੰਜੀਦਾ ਹੋਵੇ। ਉਨ੍ਹਾਂ ਆਖਿਆ ਕਿ ਬੇਅਦਬੀ ਦੀ ਪਰਿਭਾਸ਼ਾ ਬਹੁਪਰਤੀ ਹੈ ਜਿਸ ਨੂੰ ਵਿਆਪਕ ਸੰਦਰਭ ’ਚ ਲੈਣ ਦੀ ਜ਼ਰੂਰਤ ਹੈ। ਸੋਸ਼ਲ ਮੀਡੀਆ ’ਤੇ ਬੇਅਦਬੀ ਦਾ ਚਲਨ ਵੀ ਦੁੱਖਦਾਈ ਹੈ।
ਹਾਲ ਹੀ ਵਿਚ ਕਿਸੇ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰ ਚੜ੍ਹ ਕੇ ਬੇਅਦਬੀ ਕਰਨ ਦੀ ਏਆਈ ਵੀਡੀਓ ਵਾਇਰਲ ਕੀਤੀ ਗਈ ਹੈ। ਇਹ ਵੀਡੀਓ ਸ਼੍ਰੋਮਣੀ ਕਮੇਟੀ ਵੱਲੋਂ ਕਈ ਪਲੇਟਫ਼ਾਰਮਾਂ ਤੋਂ ਹਟਵਾਈ ਗਈ ਹੈ ਪਰ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਾਸੇ ਵੀ ਧਿਆਨ ਦੇਵੇ ਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਰੋਕਣ ਲਈ ਸਖ਼ਤ ਕਦਮ ਚੁੱਕੇ।